ਕਿਹਾ : ‘ਪ੍ਰਬੰਧਕਾਂ ਨੂੰ ਬਿਨਾਂ ਦੱਸੇ ਕਿਸੇ ਨੂੰ ਹਿਰਾਸਤ ’ਚ ਲੈਣਾ ਸੰਗਤ ਦੀਆਂ ਭਾਵਨਾਵਾਂ ਦੇ ਖ਼ਿਲਾਫ਼’
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਪ੍ਰਬੰਧਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਪੁਲਿਸ ਦੁਆਰਾ ਕਿਸੇ ਨੂੰ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਅਣਉਚਿੱਤ ਅਤੇ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ।
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ, ਜਿਥੇ ਪੁਲਿਸ ਨੂੰ ਅਜਿਹੀ ਹਰਕਤ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੁਲਿਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੋਸ਼ ਤਹਿਤ ਹਿਰਾਸਤ ਵਿਚ ਲੈਣ ਦੀ ਲੋੜ ਸੀ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਪੁਲਿਸ ਦੀ ਹਰਕਤ ਸਬੰਧੀ ਪ੍ਰਬੰਧਕੀ ਤੌਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਕਾਰਜਕਾਰਨੀ ਕਮੇਟੀ ਨੂੰ ਸੌਂਪੀ ਜਾਵੇਗੀ।
