
ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਘਾਟੇ ਵਾਲਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
ਅੰਮਿ੍ਰਤਸਰ, 30 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਪੇਸ਼ ਕੀਤਾ ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿਤੀ।
ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਰਾਖਵੀਂ ਰੱਖੀ ਗਈ ਰਾਸ਼ੀ ਦਾ ਵਿਸਥਾਰ ਦਿਤਾ ਅਤੇ ਆਮਦਨ ਦੇ ਸਰੋਤਾਂ ਨਾਲ ਹੋਣ ਵਾਲੇ ਖ਼ਰਚਿਆਂ ਦੀ ਤਫ਼ਸੀਲ ਸਾਂਝੀ ਕੀਤੀ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖ਼ਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖ਼ਰਚਾ ਹੋਣ ਦਾ ਅੰਦਾਜ਼ਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਆਮਦਨ ਨਾਲੋਂ ਖ਼ਰਚੇ ਵਧੇਰੇ ਹਨ, ਜਿਨ੍ਹਾਂ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਸੰਗਤ ਨੂੰ ਪ੍ਰੇਰਣਾ ਕਰਨ ਦੇ ਨਾਲ-ਨਾਲ ਆਪਣੀਆਂ ਬੱਚਤਾਂ ਵਿਚੋਂ ਖ਼ਰਚ ਕਰੇਗੀ। ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖ਼ਰਚਿਆਂ ਦਾ ਅੰਦਾਜ਼ਾ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਤੋਂ ਇਸ ਸਾਲ 1 ਅਰਬ 89 ਕਰੋੜ 17 ਲੱਖ ਰੁਪਏ ਦੇ ਕਰੀਬ ਆਮਦਨ ਅਤੇ 2 ਅਰਬ 23 ਕਰੋੜ 18 ਲੱਖ ਰੁਪਏ ਦੇ ਲਗਭਗ ਖ਼ਰਚੇ ਹੋਣਗੇ। ਵਿਦਿਅਕ ਅਦਾਰਿਆਂ ਦੇ ਬਜਟ ਵਿਚ ਘਾਟੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਫ਼ਿਲਹਾਲ 16 ਕਰੋੜ 55 ਲੱਖ ਰੁਪਏ ਦੇ ਕਰੀਬ ਰੱਖੇ ਗਏ ਹਨ। ਅਸੀਂ ਲਗਾਤਾਰ ਯਤਨ ਕਰ ਰਹੇ ਹਾਂ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਨੂੰ ਲੀਹਾਂ ’ਤੇ ਲਿਆਂਦਾ ਜਾ ਸਕੇ।
ਦਿੱਲੀ ਦੇ ਇਕ ਪ੍ਰੇਮੀ ਵਲੋਂ 9 ਕਰੋੜ ਤੋਂ ਵੱਧ ਭੇਟਾ ਸ੍ਰੀ ਦਰਬਾਰ ਸਾਹਿਬ ਦੀ ਗੋਲਕ ਵਿਚ ਪਾਈ ਗਈ ਹੈ। ਇਸੇ ਤਰ੍ਹਾਂ ਸੋਲਰ ਪਲਾਂਟ ਅਤੇ ਭਾਫ਼ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਸੰਗਤਾਂ ਸੇਵਾ ਕਰਵਾ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਇਆ ਭੇਟਾ ਕਰਨ ਵਾਲੀਆਂ ਸੰਗਤਾਂ ਨੂੰ ਟੈਕਸ ਤੋਂ ਛੋਟ ਮਿਲੇਗੀ।
ਇਸ ਵਾਰ ਦੇ ਬਜਟ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਕੁਦਰਤੀ ਆਫ਼ਤਾਂ ਲਈ 86 ਲੱਖ ਰੁਪਏ, ਭੇਟਾ ਰਹਿਤ ਗੁਰਮਤਿ ਸਾਹਿਤ ਛਪਵਾਉਣ ਸਮੇਤ ਧਾਰਮਿਕ ਪਰਚਿਆਂ ਅਤੇ ਧਾਰਮਿਕ ਪ੍ਰੀਖਿਆ ਪੱੱਤਰ ਵਿਹਾਰ ਕੋਰਸ, ਗੁਰਮਤਿ ਵਿਦਿਆਲਿਆਂ ਲਈ 27 ਕਰੋੜ 31 ਲੱਖ ਰੁਪਏ ਖ਼ਰਚੇ ਜਾਣਗੇ। ਹਾਲ ਹੀ ਵਿਚ ਸਥਾਪਿਤ ਕੀਤੀ ਗਈ ਲੜਕੀਆਂ ਦੀ ਖੇਡ ਅਕੈਡਮੀ ਲਈ 2 ਕਰੋੜ ਰੁਪਏ ਤੱਕ ਖਰਚ ਕਰਨ ਲਈ ਰਾਸ਼ੀ ਰੱਖੀ ਗਈ ਹੈ। ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ, ਪੰਥਕ ਤੇ ਸਮਾਜ ਸੇਵੀ ਸੰਸਥਾਵਾਂ ਆਦਿ ਲਈ 9 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਲਈ 2 ਕਰੋੜ, ਬੱਚਿਆਂ ਨੂੰ ਪ੍ਰਤੀਯੋਗੀ ਮੁਕਾਬਲਿਆਂ ਰਾਹੀਂ ਗੁਰਮਤਿ ਨਾਲ ਜੋੜਨ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਹਨ। ਵਿਦਿਅਕ ਦੇ ਪ੍ਰਚਾਰ ਪ੍ਰਸਾਰ ਲਈ ਵੀ ਬਜਟ ਵਿਚ ਖਾਸ ਹਿੱਸਾ ਰੱਖਿਆ ਗਿਆ ਹੈ। ਸਿੱਖ ਰੈਫ਼ਰੈਂਸ ਲਾਇਬ੍ਰੇਰੀ ਅਤੇ ਨਵੀਆਂ ਪੁਸਤਕਾਂ ਛਪਵਾਉਣ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਧਰਮੀ ਫ਼ੌਜੀਆਂ ਲਈ 1 ਕਰੋੜ ਰੁਪਏ, ਧਰਮ ਅਰਥ ਫ਼ੰਡ ਲਈ 1 ਕਰੋੜ 80 ਲੱਖ ਰੁਪਏ ਹੋਣਗੇ। ਇਸੇ ਤਰ੍ਹਾਂ ਹੋਰ ਵੱਖ-ਵੱਖ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਅੱਜ ਹੋਏ ਬਜਟ ਇਜਲਾਸ ਦੌਰਾਨ ਵੱਖ-ਵੱਖ ਮੈਂਬਰਾਂ ਨੇ ਖੁੱਲ੍ਹ ਕੇ ਾਪਣੇ ਵਿਚਾਰ ਪ੍ਰਗਟ ਕੀਤੇ। ਬੀਬੀ ਜਗੀਰ ਕੌਰ ਨੇ ਹਰ ਮੈਂਬਰ ਨੂੰ ਬੋਲਣ ਦਾ ਮੌਕਾ ਦਿਤਾ ਜਿਸ ’ਤੇ ਸੱਭ ਨੇ ਸੰਤੁਸ਼ਟੀ ਪ੍ਰਗਟ ਕੀਤੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਜਟ ਇਜਲਾਸ ਦੀ ਆਰੰਭਤਾ ਕਰਦਿਆਂ ਬੀਬੀ ਜਗੀਰ ਕੌਰ ਨੂੰ ਕਾਰਵਾਈ ਆਰੰਭ ਕਰਨ ਦਾ ਸੱਦਾ ਦਿਤਾ ਜਿਸ ’ਤੇ ਕੁੱਝ ਮੈਂਬਰਾਂ ਨੇ ਬੋਲਣ ਦਾ ਸਮਾਂ ਮੰਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਜਟ ਪਾਸ ਕਰਨ ਮਗਰੋਂ ਜਿਹੜੇ ਵੀ ਮੈਂਬਰ ਬੋਲਣਾ ਚਾਹੁਣਗੇ, ਉਨ੍ਹਾਂ ਨੂੰ ਸਮਾਂ ਦਿਤਾ ਜਾਵੇਗਾ। ਬਜਟ ਪਾਸ ਹੋਣ ਮਗਰੋਂ ਮੁੱਖ ਸਕੱਤਰ ਨੇ ਵੱਖ-ਵੱਖ ਮੈਂਬਰਾਂ ਨੂੰ ਬੋਲਣ ਦਾ ਸੱਦਾ ਦਿੱਤਾ, ਜਿਸ ਤਹਿਤ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਖਦੇਵ ਸਿੰਘ ਭੌਰ, ਸ. ਬਲਵਿੰਦਰ ਸਿੰਘ ਬੈਂਸ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਗੁਰਮੀਤ ਸਿੰਘ ਤਿ੍ਰਲੋਕੇਵਾਲਾ ਨੇ ਵੱਖ-ਵੱਖ ਸਿੱਖ ਮਸਲਿਆਂ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਜਟ ਦੀ ਸ਼ਲਾਘਾ ਕੀਤੀ।
ਕੈਪਸ਼ਨ—ਏ ਐਸ ਆਰ ਬਹੋੜੂ— 30— 3 — ਬਜਟ ਇਜਲਾਸ ਦੌਰਾਨ ਅਰਦਾਸ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਗਿ. ਹਰਪ੍ਰੀਤ ਸਿੰਘ, ਅਹੁਦੇਦਾਰ ਅਤੇ ਮੈਂਬਰ ਸਾਹਿਬਾਨ।