ਸ਼੍ਰੋਮਣੀ ਕਮੇਟੀ ਦਾ ਸਾਢੇ ਨੌਂ ਅਰਬ ਰੁਪਏ ਦਾ ਸਾਲਾਨਾ ਬਜਟ ਹੋਇਆ ਪਾਸ
Published : Mar 31, 2022, 7:33 am IST
Updated : Mar 31, 2022, 7:33 am IST
SHARE ARTICLE
image
image

ਸ਼੍ਰੋਮਣੀ ਕਮੇਟੀ ਦਾ ਸਾਢੇ ਨੌਂ ਅਰਬ ਰੁਪਏ ਦਾ ਸਾਲਾਨਾ ਬਜਟ ਹੋਇਆ ਪਾਸ


ਬਹਿਸ ਦੀ ਆਗਿਆ ਨਾ ਦੇਣ 'ਤੇ ਵਿਰੋਧੀ ਧਿਰ ਵਲੋਂ ਇਜਲਾਸ ਦਾ ਬਾਈਕਾਟ

ਅੰਮਿ੍ਤਸਰ, 30 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਸਿੱਖਾਂ ਦੀ ਸੰਸਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ 9 ਅਰਬ 58 ਕਰੋੜ ਜੈਕਾਰੇ ਛੱਡ ਕੇ ਪਾਸ ਕਰ ਦਿਤਾ ਗਿਆ | ਦੂਸਰੇ ਪਾਸੇ ਬਜਟ ਤੇ ਬਹਿਸ ਅਤੇ ਵਿਚਾਰਨ ਦੀ ਮੰਗ ਨਾ ਮੰਨਣ ਤੇ ਵਿਰੋਧੀ ਧਿਰ ਦੇ  ਗੁਰਪ੍ਰੀਤ ਸਿੰਘ ਰੰਧਾਵਾ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸ਼ਾਹਪੁਰ ਸਮੇਤ ਅੱਧੀ ਦਰਜਨ ਮੈਂਬਰਾਂ ਨੇ ਵਾਕਆਊਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਥੇ ਲੋਕਤੰਤਰ ਦੀ ਥਾਂ ਡਿਕਟੇਟਰਸ਼ਿਪ ਦਾ ਰੁਝਾਨ ਜ਼ਿਆਦਾ ਹੈ | ਇਜਲਾਸ ਦੌਰਾਨ ਮੰਗ ਕੀਤੀ ਗਈ ਕਿ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ, ਸਰਕਾਰ ਅੰਮਿ੍ਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰੇ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਵੀਜ਼ਾ ਪ੍ਰਣਾਲੀ ਸਰਲ ਕੀਤੀ ਜਾਵੇ |
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਸ਼ਰਤਾਂ ਆਮ ਵਾਂਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ, ਚੰਡੀਗੜ੍ਹ ਦਾ ਪਹਿਲਾ ਸਟੇਟਸ ਬਹਾਲ ਕਰੇ  | ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ | ਸ੍ਰੀ ਦਰਬਾਰ ਸਾਹਿਬ ਦੇ ਰਸਤੇ ਖੁਲੇ੍ਹ ਕੀਤੇ ਜਾਣ | ਮਿੱਠੂ ਸਿੰਘ ਕਾਹਨੇਕੇ ਨੇ ਦਸਿਆ ਕਿ ਪਿਛਲੇ ਦੋ-ਤਿੰਨ ਸਾਲ ਤੋਂ ਵਿਰੋਧੀ ਧਿਰ ਨੂੰ  ਬਣਦਾ ਮਾਨ ਸਨਮਾਨ ਨਹੀਂ ਦਿਤਾ ਜਾ ਰਿਹਾ | ਬਜਟ ਤੋਂ ਪਹਿਲਾਂ ਸੁਝਾਅ ਦੇਣ ਦੀ ਆਗਿਆ ਨਹੀਂ ਦਿਤੀ ਜਾ ਰਹੀ | ਬਜਟ ਪਾਸ ਹੋਣ ਬਾਅਦ ਵੀ ਸਮਾਂ ਨਾ ਦੇਣ ਲਈ ਬਹਾਨੇਬਾਜ਼ੀ ਕੀਤੀ ਜਾਂਦੀ ਹੈ | ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਘਾਟੇ ਵਿਚ ਜਾਣ ਵਾਲੇ ਵਿਦਿਅਕ, ਮੈਡੀਕਲ ਤੇ ਤਕਨੀਕੀ ਅਦਾਰਿਆ ਨੂੰ  ਕਲੱਬ ਕੀਤਾ ਜਾਵੇ |
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਛਾਪਣ ਦੀ ਨਿੰਦਾ, ਗੁਰਮੁਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮਿ੍ਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ  ਆਉਂਦੇ ਰਸਤੇ ਖੁੱਲ੍ਹੇ ਕਰਨ ਸਮੇਤ ਹੋਰ ਸਿੱਖ ਮਸਲੇ ਸ਼ਾਮਲ ਹਨ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਛਾਪਣ ਅਤੇ ਵੈੱਬਸਾਈਟਾਂ 'ਤੇ ਅਪਲੋਡ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਨਰਲ ਇਜਲਾਸ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ  ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ | ਮੋਬਾਈਲ ਐਪਸ ਅਤੇ ਵੈੱਬਸਾਈਟਾਂ 'ਤੇ ਅਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵੱਖ-ਵੱਖ ਪਾਵਨ ਬਾਣੀਆਂ ਅਪਲੋਡ ਕਰਨ 'ਤੇ ਇਤਰਾਜ਼ ਪ੍ਰਗਟ ਕੀਤਾ | ਮਤੇ ਵਿਚ ਗੁਰਮੁਖੀ ਲਿਪੀ ਦੇ ਉਭਾਰ ਲਈ ਵਿਉਂਤਬਧ ਉਪਰਾਲੇ ਕਰਨ ਸਬੰਧੀ ਵਚਨਬਧਤਾ ਪ੍ਰਗਟਾਈ ਗਈ ਹੈ | ਇਸ ਸਬੰਧ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ  ਹਰ ਸਾਲ 'ਗੁਰਮੁਖੀ ਦਿਵਸ' ਵਜੋਂ ਮਨਾਉਣ ਦਾ ਫ਼ੈਸਲਾ ਕੀਤਾ | ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ  ਸਿੱਧੀਆਂ ਉਡਾਣਾਂ ਦੀ ਮੰਗ ਕੀਤੀ |

ਦੇਸ਼ਾਂ ਵਿਚ 50 ਲੱਖ ਦੇ ਕਰੀਬ ਸਿੱਖ ਵਸਦੇ ਹਨ, ਜਿਨ੍ਹਾਂ ਨੂੰ  ਪੰਜਾਬ ਤੋਂ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ | ਭਾਰਤ ਸਰਕਾਰ ਨੂੰ  ਅਪੀਲ ਕੀਤੀ ਗਈ ਕਿ ਉਹ ਇਸ ਮਸਲੇ 'ਤੇ ਸੰਜ਼ੀਦਾ ਪਹੁੰਚ ਅਪਣਾਏ ਅਤੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਯੂਰਪੀ ਦੇਸ਼, ਨਿਊਜੀਲੈਂਡ ਆਦਿ ਲਈ ਸਿੱਧੀਆਂ ਉਡਾਣਾਂ ਚਾਲੂ ਕਰਨ ਦਾ ਫ਼ੈਸਲਾ ਲਵੇ |
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਅਤੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ  ਵੀ ਅਪੀਲ ਕੀਤੀ ਗਈ ਕਿ ਉਹ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਨੂੰ  ਸਿੱਖ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰੇ | ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਅਤੇ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ  ਲਈ ਪ੍ਰਵਾਨਗੀ ਦੇਣ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ  ਇਕ ਮਤੇ ਰਾਹੀਂ ਅਪੀਲ ਕੀਤੀ ਗਈ ਹੈ | ਇਹ ਸ਼ਤਾਬਦੀ 30 ਅਕਤੂਬਰ 2022 ਨੂੰ  ਮਨਾਈ ਜਾਣੀ ਹੈ, ਜਿਸ 'ਤੇ ਭਾਰਤ ਤੋਂ ਇਲਾਵਾ ਪਾਕਿਸਤਾਨ ਵਿਚ ਵੀ ਸਮਾਗਮ ਕੀਤੇ ਜਾਣਗੇ | ਸ਼੍ਰੋਮਣੀ ਕਮੇਟੀ ਵਿਰੁਧ ਕੂੜ-ਪ੍ਰਚਾਰ ਕਰਨ ਵਾਲੇ ਲੋਕਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਮਤੇ ਵਿਚ ਕਿਹਾ ਗਿਆ ਕਿ ਕੁੱਝ ਲੋਕ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖ਼ਰਾਬ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸਬੰਧੀ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ | ਸਪੱਸ਼ਟ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਇਨ੍ਹਾਂ ਦੇ ਚੇਅਰਮੈਨ ਵਜੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਕਾਰਜਸ਼ੀਲ ਹੈ | ਪ੍ਰਬੰਧਕੀ ਜ਼ੁੰਮੇਵਾਰੀਆਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਪਾਸ ਹਨ | ਸੰਗਤਾਂ ਨੂੰ  ਅਪੀਲ ਕੀਤੀ ਗਈ ਕਿ ਜਾਣ-ਬੁਝ ਕੇ ਸ਼੍ਰੋਮਣੀ ਕਮੇਟੀ ਨੂੰ  ਬਦਨਾਮ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ | ਭਾਰਤ ਦੀਆਂ ਵੱਖ-ਵੱਖ ਜੇਲਾਂ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਕੈਦ ਸੰਘਰਸ਼ੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ ਹੈ |
ਭਾਰਤ ਸਰਕਾਰ ਨੂੰ  ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਨੂੰ  ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਅਜੇ ਤਕ ਵਫ਼ਾ ਨਹੀਂ ਹੋਇਆ | ਅਪੀਲ ਕੀਤੀ ਗਈ ਕਿ ਇਸ ਸਬੰਧ ਵਿਚ ਜਲਦ ਫ਼ੈਸਲਾ ਕਰ ਕੇ ਸਿੱਖ ਕੈਦੀਆਂ ਨੂੰ  ਰਿਹਾਅ ਕੀਤਾ ਜਾਵੇ | ਇਨ੍ਹਾਂ ਕੈਦੀਆਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਆਦਿ ਸ਼ਾਮਲ ਹਨ |  ਭਾਰਤ ਸਰਕਾਰ ਵਲੋਂ ਪੰਜਾਬ ਅਤੇ ਖ਼ਾਸਕਰ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਵੀ ਨਿੰਦਾ ਕੀਤੀ ਗਈ | ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਸ਼ਰਤਾਂ ਲਾਗੂ ਕਰਨ ਨੂੰ  ਮੰਦਭਾਗਾ ਕਰਾਰ ਦਿੰਦਿਆਂ ਇਹ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ 'ਤੇ ਥੋਪਣ ਲਈ ਲਿਆ ਗਿਆ ਫ਼ੈਸਲਾ ਹੈ ਜਿਸ ਨੂੰ  ਤੁਰਤ ਵਾਪਸ ਲਿਆ ਜਾਵੇ |
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦੀ ਖ਼ਤਮ ਕਰਨ ਨੂੰ  ਵੀ ਪੰਜਾਬ ਦਾ ਵਿਤਕਰਾ ਕਰਾਰ ਦਿਤਾ ਗਿਆ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਤੇ ਮਸਲੇ ਹੱਲ ਦੀ ਵੀ ਭਾਰਤ ਸਰਕਾਰ ਨੂੰ  ਅਪੀਲ ਕੀਤੀ ਗਈ | ਹਿਮਾਚਲ ਸਰਕਾਰ ਵਲੋਂ ਸ਼ਰਧਾਲੂਆਂ ਨੂੰ  ਕੇਸਰੀ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਪਾਬੰਦੀ ਲਗਾਉਣ ਦਾ ਵੀ ਸਖ਼ਤ ਨੋਟਿਸ ਲਿਆ ਗਿਆ | ਹਿਮਾਚਲ ਸਰਕਾਰ ਨੂੰ  ਤਾੜਨਾ ਕੀਤੀ ਗਈ ਕਿ ਉਹ ਅਜਿਹੇ ਸਿੱਖ ਵਿਰੋਧੀ ਹੱਥਕੰਡਿਆਂ ਤੋਂ ਬਾਜ਼ ਆਵੇ | ਅੰਮਿ੍ਤਧਾਰੀ ਗੁਰਸਿੱਖ ਬੱਚੀਆਂ ਨੂੰ  ਉਚੇਰੀ ਵਿਦਿਆ ਦੇਣ ਲਈ ਵਚਨਬਧਤਾ ਪ੍ਰਗਟਾਉਂਦਾ ਇਕ ਮਤਾ ਪਾਸ ਕੀਤਾ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਪਹਿਲਾਂ ਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਅੰਮਿ੍ਤਧਾਰੀ ਬੱਚੀਆਂ ਨੂੰ  ਦਿਤੀ ਜਾ ਰਹੀ ਮੁਫ਼ਤ ਵਿਦਿਆ ਦੀ ਤਰਜ਼ 'ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮਿ੍ਤਧਾਰੀ ਗੁਰਸਿੱਖ ਬੱਚੀਆਂ ਨੂੰ  ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣਾ ਦਿਤਾ ਜਾਵੇਗਾ | ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲਾਗਤ ਕੀਮਤ 'ਤੇ ਲੋੜਵੰਦਾਂ ਨੂੰ  ਦਵਾਈਆਂ ਮੁਹਈਆ ਕਰਵਾਈਆਂ ਜਾਣਗੀਆਂ |
    
ਕੈਪਸ਼ਨ-ਏ ਐਸ ਆਰ ਬਹੋੜੂ—30—1— ਸਬੰਧਤ ਬਜਟ ਨਾਲ ਵੱਖ-ਵੱਖ ਤਸਵੀਰਾਂ |

 

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement