
ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ
ਖਡੂਰ ਸਾਹਿਬ : ਖਡੂਰ ਸਾਹਿਬ ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਇਥੇ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗ੍ਰੰਥੀ ਸਿੰਘ ਦੀ ਇੱਕ ਲੱਤ ਵੱਢ ਕੇ ਆਪਣੇ ਨਾਲ ਲੈ ਗਏ ਹਨ।
ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗ੍ਰੰਥੀ ਸਿੰਘ ਡਿਊਟੀ ਤੋਂ ਘਰ ਆ ਰਿਹਾ ਸੀ ਅਤੇ ਜਦੋਂ ਬਿਜਲੀ ਘਰ ਨੇੜੇ ਪਹੁੰਚਿਆ ਤਾਂ ਇੱਕ ਸੁੰਨਸਾਨ ਜਗ੍ਹਾ 'ਤੇ ਉਸ 'ਤੇ ਹਮਲਾ ਹੋਇਆ। ਜਿਥੇ ਹਮਲਾਵਰ ਉਨ੍ਹਾਂ ਦੀ ਇੱਕ ਲੱਤ ਵੱਢ ਕੇ ਨਾਲ ਲੈ ਗਏ। ਹਮਲੇ ਦੌਰਾਨ ਉਨ੍ਹਾਂ ਦੇ ਹੱਥ 'ਤੇ ਵੀ ਕਾਫੀ ਸੱਟਾਂ ਲੱਗਿਆਂ ਹਨ।
ਇਹ ਵੀ ਪੜ੍ਹੋ: ਦਿੱਲੀ 'ਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ
ਇਸ ਬਾਰੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਜਾਂਚ ਲਈ ਪਹੁੰਚੇ ਤਾਂ ਪਰਿਵਾਰਕ ਮੈਂਬਰ ਗ੍ਰੰਥੀ ਸਿੰਘ ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਲੈ ਕੇ ਜਾ ਚੁੱਕੇ ਸਨ। ਜਿਥੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਉਹ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।