
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਉਪ-ਚੋਣ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਨਾਲ ......
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਉਪ-ਚੋਣ 'ਚ ਕਾਂਗਰਸ ਪਾਰਟੀ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਨਾਲ ਵਿਧਾਨ ਸਭਾ ਵਿਚ ਕਾਂਗਰਸ ਦਾ ਹੁਣ ਦੋ-ਤਿਹਾਈ ਬਹੁਮਤ ਹੋ ਗਿਆ ਹੈ। ਉਨ੍ਹਾਂ ਨੇ ਇਸ ਨਤੀਜੇ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਫ਼ਤਵਾ ਦਸਦੇ ਹੋਏ ਕਿਹਾ ਹੈ ਕਿ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨਾ-ਪੱਖੀ, ਫੁੱਟ ਪਾਊ ਤੇ ਘਿਰਣਾਮਈ ਸਿਆਸਤ ਨੂੰ ਰੱਦ ਕੀਤਾ ਅਤੇ ਆਮ ਆਦਮੀ ਪਾਰਟੀ ਦਾ ਪੂਰੀ
ਤਰ੍ਹਾਂ ਸਫ਼ਾਇਆ ਕਰ ਦਿਤਾ ਹੈ।
ਕਾਂਗਰਸ ਪਾਰਟੀ ਦੇ ਹਰਦੇਵ ਸਿੰਘ ਲਾਡੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਨਾਇਬ ਸਿੰਘ ਕੋਹਾੜ ਵਿਰੁਧ ਹੂੰਝਾ ਫੇਰੂ ਜਿੱਤ ਤੋਂ ਬਾਅਦ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਹਕੋਟ ਦੇ ਲੋਕਾਂ ਨੇ ਹਾਂ-ਪੱਖੀ ਤਬਦੀਲੀ ਅਤੇ ਵਿਕਾਸ ਲਈ ਵੋਟ ਪਾਈ ਹੈ ਜਿਸ ਵਾਸਤੇ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਉਪ-ਚੋਣ ਵਿਚ ਕਾਂਗਰਸ ਦੇ ਉਮੀਦਵਾਰ ਨੇ ਅਪਣੇ ਨੇੜਲੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 38,802 ਵੋਟਾਂ ਤੋਂ ਵੱਧ ਦੇ ਫ਼ਰਕ ਨਾਲ ਹਰਾਇਆ।
ਕੈਪਟਨ ਨੇ ਕਿਹਾ ਕਿ ਸਦਨ ਵਿਚ ਹੁਣ ਦੋ-ਤਿਹਾਈ ਬਹੁਮਤ ਹੋ ਜਾਣ ਕਾਰਨ ਉਨ੍ਹਾਂ ਦੀ ਸਰਕਾਰ ਬਿਨਾਂ ਕਿਸੇ ਨਕਾਰਾਤਮਕ ਵਿਰੋਧ ਦੇ ਡਰੋਂ ਅਤੇ ਅੜਿੱਕੇ ਤੋਂ ਬਿਨਾਂ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਕੋਈ ਵੀ ਕਾਨੂੰਨ ਲਿਆ ਸਕੇਗੀ। ਚੋਣ ਨਤੀਜੇ ਦੇ ਐਲਾਨ ਤੋਂ ਬਾਅਦ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਸਮੁੱਚੇ ਦੇਸ਼ ਵਿਚ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਈ ਹੈ।
ਇਸ ਨਾਲ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਦੇ ਮਿਜ਼ਾਜ ਦਾ ਸਪੱਸ਼ਟ ਝਲਕਾਰਾ ਮਿਲਦਾ ਹੈ ਅਤੇ ਇਹ ਪਤਾ ਲਗਦਾ ਹੈ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੜ ਸੱਤਾ ਵਿਚ ਵਾਪਸ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਆਮ ਆਦਮੀ ਪਾਰਟੀ ਦਾ ਸਬੰਧ ਹੈ,
ਮੁਲਕ ਦੇ ਸਿਆਸੀ ਪਿੜ ਵਿਚ ਇਸ ਪਾਰਟੀ ਦਾ ਕੋਈ ਵਜੂਦ ਨਹੀਂ ਰਹਿ ਗਿਆ। ਮੁੱਖ ਮੰਤਰੀ ਨੇ ਸ਼ਾਹਕੋਟ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ ਜਿਨ੍ਹਾਂ ਨੇ ਵਿਰੋਧੀਆਂ ਦੇ ਕੂੜ ਪ੍ਰਚਾਰ ਨੂੰ ਮੁੱਢੋਂ ਨਾਕਾਰ ਕੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਵਿਚ ਮੁੜ ਭਰੋਸਾ ਪ੍ਰਗਟ ਕੀਤਾ ਹੈ।