
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਬਜ਼ੁਰਗਾਂ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਬੱਚਿਆਂ ਵਾਲੀਆਂ ਔਰਤਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...
ਲੁਧਿਆਣਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਬਜ਼ੁਰਗਾਂ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਬੱਚਿਆਂ ਵਾਲੀਆਂ ਔਰਤਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਤੋਂ ਨਵਆਂ ਜ਼ਿਲ੍ਹਾ ਕਚਹਿਰੀਆਂ ਤਕ ਲਿਜਾਣ ਲਈ 'ਈ-ਰਿਕਸ਼ਾ' ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਹ 'ਈ-ਰਿਕਸ਼ਾ' ਦੀ ਸਹੂਲਤ ਬਿਲਕੁਲ ਮੁਫ਼ਤ ਮੁਹਈਆ ਹੋਵੇਗੀ।
ਇਨ੍ਹਾਂ ਦੋ 'ਈ-ਰਿਕਸ਼ਾ' ਨੂੰ ਅੱਜ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਹਰੀ ਝੰਡੀ ਦਿਖਾ ਕੇ ਸ਼ੁਰੂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਬਜ਼ੁਰਗਾਂ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਬੱਚਿਆਂ ਵਾਲੀਆਂ ਮਾਵਾਂ ਨੂੰ ਬਹੁਤ ਲਾਭ ਮਿਲੇਗਾ। ਇਹ 'ਈ-ਰਿਕਸ਼ਾ' ਸਵੇਰੇ 9 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ 'ਤੇ ਮੌਜੂਦ ਹੋਇਆ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਸਹੂਲਤ ਸ਼ੁਰੂ ਹੋਣ ਨਾਲ ਕਚਹਿਰੀ ਕੰਪਲੈਕਸ ਦੇ ਅੰਦਰ ਪਾਰਕਿੰਗ ਦੀ ਸਮੱਸਿਆ ਵੀ ਦੂਰ ਹੋਵੇਗੀ। ਇਹ ਤਜਰਬਾ ਸਫ਼ਲ ਰਹਿਣ 'ਤੇ ਹੋਰ 'ਈ-ਰਿਕਸ਼ਾ' ਵੀ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਥਾਨਕ ਓਰੀਐਂਟਲ ਬੈਂਕ ਆਫ਼ ਕਾਮਰਸ ਦੇ ਸਹਿਯੋਗ ਨਾਲ ਅਵਾਰਾ ਪਸ਼ੂਆਂ ਦੇ ਗਲਾਂ ਵਿਚ ਰੇਡੀਅਮ ਬੈਲਟਾਂ ਪਾਉਣ ਦਾ ਉਪਰਾਲਾ ਕੀਤਾ ਸੀ।
ਇਸ ਤੋਂ ਇਲਾਵਾ ਅੱਜ ਜ਼ਿਲ੍ਹਾ ਕਚਹਿਰੀਆਂ ਵਿਚ ਲੋਕਾਂ ਦੇ ਪੀਣ ਲਈ ਪਾਣੀ ਦੀ ਸਹੂਲਤ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਰੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਬਾਰ ਕੌਂਸਲ ਦੇ ਮੈਂਬਰ ਅਤੇ ਹੋਰ ਹਾਜ਼ਰ ਸਨ।