
ਮਾਨ ਸਰਕਾਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ : ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 30 ਜੁਲਾਈ (ਭੁੱਲਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਮੀਂਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਸੂਬੇ ਵਿਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਦੇ ਸਨਮੁਖ ਪਸ਼ੂ ਧਨ ਦੀ ਰਾਖੀ ਤੇ ਸਾਂਭ-ਸੰਭਾਲ ਲਈ ਰਾਜ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦਸਿਆ ਕਿ ਹੜ੍ਹਾਂ ਸਬੰਧੀ ਰਾਜ ਪਧਰੀ ਕੰਟਰੋਲ ਰੂਮ ਨੰਬਰ 0172-2217083 ਹਫਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤਕ ਕਾਰਜਸ਼ੀਲ ਹੈ | ਉਨ੍ਹਾਂ ਦਸਿਆ ਕਿ ਕੰਟਰੋਲ ਰੂਮ ਦੀ ਸਿੱਧੇ ਤੌਰ 'ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ | ਇਸੇ ਤਰ੍ਹਾਂ ਜ਼ਿਲ੍ਹਾ ਪੱਧਰ 'ਤੇ ਵੀ ਇਕ-ਇਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ | ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤਕ ਪੁਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ 'ਤੇ ਕਰੜੀ ਨਜ਼ਰ ਰੱਖੀ ਜਾਵੇ |
ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਹੜ੍ਹਾਂ ਦੌਰਾਨ ਪਸ਼ੂਆਂ ਵਿਚ ਕਿਸੇ ਬੀਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐਨ.ਆਰ.ਡੀ.ਡੀ.ਐਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 'ਤੇ ਤੁਰਤ ਸੰਪਰਕ ਕੀਤਾ ਜਾਵੇ |