ਗੱਦਾਰਾਂ ਦੇ ਵਾਰਸਾਂ ਵੱਲੋਂ ਸ਼ਹੀਦਾਂ 'ਤੇ ਉਂਗਲ ਚੁੱਕਣਾ ਮੰਦਭਾਗਾ : CM ਮਾਨ 
Published : Jul 31, 2022, 6:32 pm IST
Updated : Jul 31, 2022, 6:32 pm IST
SHARE ARTICLE
CM Bhagwant Mann
CM Bhagwant Mann

ਸੁਨਾਮ ਲਈ 22.60 ਕਰੋੜ ਰੁਪਏ ਦੇ ਕਈ ਵਿਕਾਸ ਪ੍ਰਾਜੈਕਟ ਐਲਾਨੇ

ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
ਸੁਨਾਮ/ਊਧਮ ਸਿੰਘ ਵਾਲਾ (ਸੰਗਰੂਰ) :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਅੰਗਰਜ਼ਾਂ ਦੇ ਪੱਖ ਵਿੱਚ ਖੜ੍ਹਨ ਵਾਲੇ ਗੱਦਾਰਾਂ ਦੇ ਵਾਰਸ ਹੁਣ ਸ਼ਹੀਦਾਂ ਉਤੇ ਉਂਗਲ ਚੁੱਕ ਰਹੇ ਹਨ। ਇੱਥੇ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਧਰਤੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਕਿਸੇ ਨੂੰ ਵੀ ਉਂਗਲ ਚੁੱਕਣ ਦਾ ਕੋਈ ਹੱਕ ਨਹੀਂ ਹੈ।

ਉਨ੍ਹਾਂ ਕਿਹਾ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਜਿਨ੍ਹਾਂ ਸੱਤਾ ਦਾ ਸੁੱਖ ਭੋਗਣ ਲਈ ਸੰਵਿਧਾਨ ਦੀਆਂ ਸਹੁੰਆਂ ਖਾਧੀਆਂ, ਉਹੀ ਸ਼ਹੀਦਾਂ ਦੇ ਮਹਾਨ ਬਲੀਦਾਨ ਉਤੇ ਸਵਾਲ ਚੁੱਕ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਜਦੋਂ ਸਾਡੇ ਮਹਾਨ ਕੌਮੀ ਨਾਇਕਾਂ ਤੇ ਸ਼ਹੀਦਾਂ ਨੇ ਅੱਤਿਆਚਾਰੀ ਬਰਤਾਨਵੀ ਸ਼ਾਸਨ ਵਿਰੁੱਧ ਜੰਗ ਛੇੜੀ ਹੋਈ ਸੀ, ਉਦੋਂ ਕੁੱਝ ਗੱਦਾਰ ਇਨ੍ਹਾਂ ਸਾਮਰਾਜੀ ਤਾਕਤਾਂ ਦੇ ਹੱਕ ਵਿੱਚ ਖੜ੍ਹੇ ਸਨ।

photo photo

ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨਵੀ ਹਕੂਮਤ ਤੋਂ ਸਨਮਾਨ ਪ੍ਰਾਪਤ ਕਰਨ ਵਾਲੇ ਇਨ੍ਹਾਂ ਲੋਕਾਂ ਨੇ ਹਰੇਕ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਦੀ ਅੰਤਰ-ਆਤਮਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਗੱਦਾਰਾਂ ਦੇ ਵਾਰਸ ਹੁਣ ਸ਼ਹੀਦਾਂ ਉਤੇ ਉਂਗਲ ਚੁੱਕ ਰਹੇ ਹਨ, ਜੋ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਉਤੇ ਉਂਗਲ ਚੁੱਕਣਾ ਅਤੇ ਬਰਤਾਨਵੀ ਹਕੂਮਤ ਦੇ ਅੱਤਿਆਚਾਰਾਂ ਦੇ ਕਸੀਦੇ ਪੜ੍ਹਨਾ ਇਕ ਵੱਡਾ ਅਪਰਾਧ ਹੈ ਅਤੇ ਅਜਿਹੇ ਘਿਨਾਉਣੇ ਕਾਰਿਆਂ ਵਿੱਚ ਸ਼ਾਮਲ ਲੋਕ ਨਾਮੁਆਫ਼ੀਯੋਗ ਅਪਰਾਧ ਕਰ ਰਹੇ ਹਨ।

photo photo

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦ ਕਿਸੇ ਪਛਾਣ ਦੇ ਮੁਥਾਜ ਨਹੀਂ ਕਿਉਂਕਿ ਲੱਖਾਂ ਲੋਕਾਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਨ ਵਾਸਤੇ ਉਨ੍ਹਾਂ ਦਾ ਨਾਮ ਹੀ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਮ ਅਤੇ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਬਾਰੇ ਕੋਈ ਵੀ ਵਿਵਾਦ ਖੜ੍ਹਾ ਕਰਨਾ ਇਤਰਾਜ਼ਯੋਗ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਅਤੇ ਕਿਸੇ ਨੂੰ ਵੀ ਕੋਈ ਹੱਕ ਨਹੀਂ ਕਿ ਉਨ੍ਹਾਂ ਦੇ ਸੁਤੰਤਰਤਾ ਦੀ ਲਹਿਰ ਵਿੱਚ ਪਾਏ ਯੋਗਦਾਨ ਉਤੇ ਉਂਗਲ ਚੁੱਕੇ।

photo photo

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਪਟਿਆਲਾ ਦੇ ਇਸ ਸ਼ਾਹੀ ਪਰਿਵਾਰ ਦਾ ਇਤਿਹਾਸ ਪੰਜਾਬ ਵਿਰੋਧੀ ਰੁਖ਼ ਅਖਤਿਆਰ ਕਰਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਰਾਜਿਆਂ ਦੇ ਹੱਥ ਉਨ੍ਹਾਂ ਅਣਗਿਣਤ ਦੇਸ਼ ਭਗਤਾਂ ਦੇ ਖ਼ੂਨ ਨਾਲ ਲਿਬੜੇ ਹੋਏ ਹਨ, ਜਿਨ੍ਹਾਂ ਆਜ਼ਾਦੀ ਦੇ ਅੰਦੋਲਨ ਦੌਰਾਨ ਸ਼ਹੀਦੀਆਂ ਦਿੱਤੀਆਂ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਦੇਸ਼ ਦੀ ਆਜ਼ਾਦੀ ਲੜਨ ਵਾਲੇ ਹੋਰ ਸ਼ਹੀਦਾਂ ਦੇ ਸੰਘਰਸ਼ ਦੌਰਾਨ ਬਰਤਾਨਵੀ ਹਕੂਮਤ ਨਾਲ ਹੱਥ ਮਿਲਾਉਣ ਵਾਲੇ ਇਨ੍ਹਾਂ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਰੱਖੀ ਜਾ ਸਕਦੀ ਹੈ।

photo photo

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ `ਤੇ ਆਪਣਾ ਸੀਸ ਝੁਕਾਉਣ ਆਏ ਹਨ, ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ। ਸੁਨਾਮ ਨੂੰ ਆਪਣਾ ਦੂਸਰਾ ਘਰ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਇੱਥੇ ਜਨਮੇ ਅਤੇ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਆਪਣੇ ਦੋਸਤਾਂ ਅਤੇ ਇਲਾਕੇ ਦੇ ਅਧਿਆਪਕਾਂ ਨਾਲ ਆਪਣੀ ਲੰਬੀ ਸਾਂਝ ਨੂੰ ਵੀ ਯਾਦ ਕਰਦਿਆਂ ਕਿਹਾ ਕਿ ਉਹ ਬਚਪਨ ਵਿੱਚ ਆਪਣੇ ਪਿਤਾ ਨਾਲ ਇਸ ਸਥਾਨ `ਤੇ ਅਕਸਰ ਮੱਥਾ ਟੇਕਿਆ ਕਰਦੇ ਸਨ।

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਦੇ ਇਸ ਸੱਚੇ ਪੁੱਤਰ ਨੇ ਜੱਲਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਕੌਮੀ ਆਜ਼ਾਦੀ ਸੰਗਰਾਮ ਲਈ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸੁਖਦੇਵ, ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਵੱਲੋਂ ਭਾਰਤੀ ਆਜ਼ਾਦੀ ਦੀ ਲਹਿਰ ਦੌਰਾਨ ਦਿੱਤੀਆਂ ਲਾਸਾਨੀ ਕੁਰਬਾਨੀਆਂ ਨੂੰ ਵੀ ਯਾਦ ਕੀਤਾ।

photo photo

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸਨ ਜਿੱਥੇ ਸ਼ਹੀਦ ਊਧਮ ਸਿੰਘ ਨੇ ਜੱਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਹਾਲ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਨੂੰ ਇਸ ਸ਼ਹੀਦ ਦੇ ਬਹਾਦਰੀ ਭਰੇ ਕਾਰਨਾਮੇ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।

photo photo

ਥੋੜ੍ਹੇ ਜਿਹੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਕ ਵਿਧਾਇਕ, ਇਕ ਪੈਨਸ਼ਨ ਬਿੱਲ ਪਾਸ ਕੀਤਾ ਹੈ, 9053 ਏਕੜ ਕੀਮਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ, ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਬਿਲਿੰਗ ਚੱਕਰ ਮੁਹੱਈਆ ਕਰਵਾਈ ਹੈ, ਜਿਸ ਦੇ ਨਤੀਜੇ ਵਜੋਂ ਕੁੱਲ 74 ਲੱਖ ਵਿੱਚੋਂ 51 ਲੱਖ ਪਰਿਵਾਰਾਂ ਨੂੰ ਸਤੰਬਰ ਵਿੱਚ ਜ਼ੀਰੋ ਬਿਜਲੀ ਬਿੱਲ ਅਤੇ 68 ਲੱਖ ਪਰਿਵਾਰਾਂ ਨੂੰ ਜਨਵਰੀ ਵਿੱਚ ਜ਼ੀਰੋ ਬਿਜਲੀ ਬਿੱਲ ਆਵੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਆਜ਼ਾਦੀ ਦਿਵਸ `ਤੇ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਜਿੱਥੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਮਿਲਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਠਾਈਆਂ ਮੰਗਾਂ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਸੁਨਾਮ ਲਈ 22.59 ਕਰੋੜ ਰੁਪਏ ਦੇ ਅਹਿਮ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਆਈ.ਟੀ.ਆਈ. ਵਿਖੇ ਸਟੇਡੀਅਮ (1.66 ਕਰੋੜ ਰੁਪਏ), ਨਵਾਂ ਸਬ ਤਹਿਸੀਲ ਕੰਪਲੈਕਸ (4.46 ਕਰੋੜ ਰੁਪਏ) ਅਤੇ ਚੀਮਾ ਲਈ ਬੱਸ ਅੱਡਾ (5.07 ਕਰੋੜ ਰੁਪਏ), ਲੌਂਗੋਵਾਲ ਲਈ ਨਵਾਂ ਬੱਸ ਅੱਡਾ (2.54 ਕਰੋੜ ਰੁਪਏ) ਤੇ ਸਟੇਡੀਅਮ (3.58 ਕਰੋੜ ਰੁਪਏ) ਅਤੇ ਸੁਨਾਮ ਲਈ 5.28 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਸਿਸਟਮ ਸ਼ਾਮਲ ਹੈ।

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਸ਼ਹੀਦਾਂ ਨਾਲ ਸਬੰਧਤ ਸਾਮਾਨ ਨੂੰ ਉਨ੍ਹਾਂ ਦੀ ਮਾਤ ਭੂਮੀ `ਤੇ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ ਅਤੇ ਸ਼ਹੀਦਾਂ ਨਾਲ ਜੁੜੀਆਂ ਵਸਤਾਂ ਨੂੰ ਭਾਰਤ ਲਿਆਉਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਜੀਵਨ, ਫਲਸਫ਼ੇ ਅਤੇ ਕੁਰਬਾਨੀ ਦੇ ਨਾਲ-ਨਾਲ ਉਨ੍ਹਾਂ ਦਾ ਜੀਵਨ ਨੌਜਵਾਨਾਂ ਨੂੰ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਰਹੇਗਾ।

photo photo

ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸ਼ਹੀਦਾਂ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਸੂਬਾ ਸਰਕਾਰ ਨੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਈ ਮਿਸਾਲੀ ਕਦਮ ਚੁੱਕੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਔਕੜਾਂ ਦੇ ਬਾਵਜੂਦ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਚੀਮਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਉਹ ਚੰਗੇ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਲੋਕਾਂ ਦੇ ਨੁਮਾਇੰਦੇ ਵਜੋਂ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅੰਗਰੇਜ਼ਾਂ ਵਾਂਗ ਲੋਕਾਂ ਨੂੰ ਲੁੱਟਿਆ ਸੀ, ਜਦੋਂ ਕਿ ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਸੱਚੇ ਮਿਸ਼ਨਰੀ ਜਜ਼ਬੇ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।

photo photo

ਅਮਨ ਅਰੋੜਾ ਨੇ ਮੁੱਖ ਮੰਤਰੀ ਅੱਗੇ ਕਈ ਵਿਕਾਸ ਪ੍ਰਾਜੈਕਟਾਂ ਦੀ ਮੰਗ ਵੀ ਰੱਖੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਆਰਾਮਦਾਇਕ ਜੀਵਨ ਬਤੀਤ ਕਰ ਸਕਦੇ ਸਨ ਪਰ ਉਨ੍ਹਾਂ ਦੇਸ਼ ਦੀ ਖ਼ਾਤਰ ਸ਼ਹਾਦਤ ਦਾ ਰਾਹ ਚੁਣਿਆ। ਮੀਤ ਹੇਅਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਸਮਾਰਕ ਉਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੀ ਯਾਦ ਵਿੱਚ 1.66 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਈ.ਟੀ.ਆਈ. ਵਿੱਚ ਬਣ ਰਹੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਵਿਧਾਇਕ ਜਸਵੰਤ ਸਿੰਘ, ਵਰਿੰਦਰ ਗੋਇਲ, ਨਰਿੰਦਰ ਕੌਰ ਤੇ ਕੁਲਵੰਤ ਪੰਡੋਰੀ, ਆਪ ਆਗੂ ਗੁਰਮੇਲ ਘਰਾਚੋਂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement