
ਵਿਜੀਲੈਂਸ ਬਿਊਰੋ ਪੰਜਾਬ ਨੇ ਅਜਿਹੇ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਦਾ ਕੰਮ ਕੀਤਾ ਸ਼ੁਰੂ
ਮੁਹਾਲੀ: ਪੰਜਾਬ ਸਰਕਾਰ ਨੇ ਹੁਣ ਵਿਦੇਸ਼ ਵਿਚ ਪੱਕੀ ਰਿਹਾਇਸ਼ ਕਰਨ ਲਈ ਚੋਰੀ-ਛਿਪੇ ਪੀਆਰ ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪ੍ਰਸੋਨਲ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਗਈ ਕਿ ਜਿਨ੍ਹਾਂ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਵਿਦੇਸ਼ਾਂ ਵਿਚ ਪੀਆਰ ਲਈ ਹੋਈ ਹੈ ਜਾਂ ਫਿਰ ਪੀਆਰ ਲੈ ਰਹੇ ਹਨ, ਉਨ੍ਹਾਂ ਖ਼ਿਲਾਫ਼ ਇੱਕ ਹਫਤੇ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਵੇ। ਇਸ ਤਰ੍ਹਾਂ ਪੀਆਰ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਕੋਲ ਹੁਣ ਕੋਈ ਰਸਤਾ ਨਹੀਂ ਬਚੇਗਾ।
ਪ੍ਰਸੋਨਲ ਵਿਭਾਗ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਡਵੀਜ਼ਨ ਕਮਿਸ਼ਨਰਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਡੀਸੀਜ਼ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਵਿਦੇਸ਼ਾਂ ਵਿਚ PR ਲੈਣ ਤੇ ਬਿਨ੍ਹਾਂ ਛੁੱਟੀ ਉੱਥੇ ਜਾ ਕੇ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਇਸਦੀ ਸਾਰੀ ਜਾਣਕਾਰੀ ਹਫ਼ਤੇ ਦੇ ਅੰਦਰ-ਅੰਦਰ ਪਰਸੋਨਲ ਵਿਭਾਗ ਨੂੰ ਭੇਜੀ ਜਾਵੇ।
ਵਿਜੀਲੈਂਸ ਬਿਊਰੋ ਪੰਜਾਬ ਵਲੋਂ ਵੱਖਰੇ ਤੌਰ ’ਤੇ ਅਜਿਹਾ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਅਧਿਕਾਰੀ ਤੇ ਮੁਲਾਜ਼ਮ ਵਿਦੇਸ਼ ਜਾ ਕੇ ਕੰਮ ਕਰਕੇ ਉੱਥੋਂ ਦੇ ਸਿਸਟਮ ਮੁਤਾਬਕ ਟੈਕਸ ਰਿਟਰਨਾਂ ਵੀ ਭਰ ਰਹੇ ਹਨ। ਪੱਤਰ ਅਨੁਸਾਰ ਪੀਆਰ ਲੈਣ ਵਾਲੇ ਅਤੇ ਬਿਨ੍ਹਾਂ ਛੁੱਟੀ ਪ੍ਰਵਾਨ ਕਰਵਾਏ ਵਿਦੇਸ਼ ਜਾਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ’ਚ ਕਈ ਅਜਿਹੇ ਅਧਿਕਾਰੀ ਤੇ ਮੁਲਾਜ਼ਮ ਹਨ ਜੋ ਅਪਰਾਧ ਕਰਕੇ ਵਿਦੇਸ਼ ਭੱਜ ਜਾਂਦੇ ਹਨ ਅਜਿਹੇ ’ਚ ਪਨਸਪ ’ਚ ਘੁਟਾਲਾ ਕਰਨ ਵਾਲਾ ਪਟਿਆਲਾ ਦਾ ਗੁਰਿੰਦਰ ਸਿੰਘ ਵੀ ਕੇਸ ਦਰਜ ਹੋਣ ਮਗਰੋਂ ਵਿਦੇਸ਼ ਭੱਜ ਗਿਆ ਸੀ।
ਅਸਲ ਵਿਚ ਸਾਲ 2002 ’ਚ ਸਰਕਾਰ ਨੇ ਵਿਦੇਸ਼ ਵਿਚ ਰੁਜ਼ਗਾਰ ਖਾਤਰ ਪੰਜ ਸਾਲ ਲਈ ਅਨਪੇਡ ਲੀਵ ਲੈਣ ਦੀ ਸਹੂਲਤ ਦਿੱਤੀ ਸੀ, ਜਿਸ ਦਾ ਫਾਇਦਾ ਲੈਂਦਿਆਂ ਵੱਡੀ ਗਿਣਤੀ ’ਚ ਅਫ਼ਸਰ ਤੇ ਮੁਲਾਜ਼ਮ ਵਿਦੇਸ਼ ਉਡਾਰੀ ਮਾਰ ਗਏ। ਵਿਦੇਸ਼ ਜਾ ਕੇ ਵੱਸਣ ਵਾਲਿਆਂ ’ਚ ਖੇਤੀਬਾੜੀ, ਪਸ਼ੂਪਾਲਣ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਗਿਣਤੀ ਜ਼ਿਆਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਤੇ ਹੋਰ ਦੇਸ਼ਾਂ ਵਿਚ PR ਲੈ ਰੱਖੀ ਹੈ।