
ਪੰਜਾਬ ਵਿਚ ਵੀ ਲਗਾਤਾਰ ਪੈ ਰਿਹੈ ਭਾਰੀ ਮੀਂਹ
ਪਠਾਨਕੋਟ : ਉੱਤਰੀ ਭਾਰਤ ’ਚ ਪੈ ਰਹੇ ਭਾਰੀ ਮੀਂਹ , ਖਰਾਬ ਮੌਸਮ, ਬੱਦਲ ਫਟਣ ਅਤੇ ਹੜ੍ਹ ਨੇ ਲੋਕਾਂ ਦੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਹੜ੍ਹ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਬੇਘਰ ਹੋ ਗਏ ਹਨ। ਜੰਮੂ-ਕਸ਼ਮੀਰ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ।
ਜੰਮੂ ਡਿਵੀਜ਼ਨ ਦੇ ਰਾਮਬਨ ਅਤੇ ਰਿਆਸੀ ਵਿੱਚ ਬੱਦਲ ਫਟਣ ਕਾਰਨ ਹਰ ਪਾਸੇ ਤਬਾਹੀ ਦਾ ਦ੍ਰਿਸ਼ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਜੰਮੂ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੁੰਬਈ ਵਾਸੀਆਂ ਨੂੰ ਵੀ ਫਿਲਹਾਲ ਬਾਰਿਸ਼ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਪੰਜਾਬ ਵਿੱਚ ਹੜ੍ਹਾਂ ਨਾਲ ਲਗਭਗ 1000 ਤੋਂ ਵੱਧ ਪਿੰਡ ਅਤੇ 61,000 ਹੈਕਟੇਅਰ ਤੋਂ ਵੱਧ ਫਸਲਾਂ ਪ੍ਰਭਾਵਿਤ ਹੋਈਆਂ ਹਨ। ਜਦਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਵਿਰੋਧੀ ਪਾਰਟੀਆਂ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਦੇ ਲੋਕ ਦੁੱਖ ਝੱਲ ਰਹੇ ਹਨ। ਉਧਰ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਾਅਵਾ ਕੀਤਾ ਕਿ ਜੇਕਰ ਕੇਂਦਰ ਅਧੀਨ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਜੂਨ ਵਿੱਚ ਸਮੇਂ ਸਿਰ ਪਾਣੀ ਛੱਡਦਾ ਤਾਂ ਤਬਾਹੀ ਨੂੰ ਬਹੁਤ ਹੱਦ ਤੱਕ ਘਟਾਇਆ ਜਾ ਸਕਦਾ ਸੀ। ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਸਰਹੱਦੀ ਸੂਬੇ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ।