
ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਅਪਣਾਏ ਜਾ ਰਹੇ ਸਖ਼ਤ ਰਵੱਈਏ ਦੇ ਰੋਸ ਵਜੋਂ ਆਗੂਆਂ ਦਿੱਤੇ ਜਾ ਰਹੇ ਅਸਤੀਫ਼ੇ
ਬਠਿੰਡਾ: ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਵਿਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਵੱਡੇ ਆਗੂਆਂ ਵੱਲੋਂ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਝਟਕਾ ਲੱਗਿਆ ਹੈ।
BJP
ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਅਪਣਾਏ ਜਾ ਰਹੇ ਸਖ਼ਤ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸੈਕਟਰੀ ਬਰਿੰਦਰ ਸਿੰਘ ਕਲਿਆਣ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਵੀ ਕਈ ਮੈਂਬਰ ਭਾਜਪਾ ਨੂੰ ਅਲ਼ਵਿਦਾ ਆਖ ਚੁੱਕੇ ਹਨ। ਬੀਤੇ ਦਿਨ ਭਾਜਪਾ ਦੇ ਨੌਜਵਾਨ ਆਗੂ ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਮੀਤ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ।
Manpreet Singh
ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਹੋਰ ਪਾਰਟੀ ਅਹੁਦੇਦਾਰਾਂ ਨੂੰ ਸੰਬੋਧਨ ਹੁੰਦਿਆਂ ਲਿਖੇ ਅਸਤੀਫ਼ੇ ਵਿਚ ਕਿਹਾ ਸੀ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੰਜਾਬ ਪ੍ਰਤੀ ਮਾਰੂ ਨੀਤੀਆਂ, ਖੇਤੀਬਾੜੀ ਸੋਧ ਕਾਨੂੰਨ, ਝੋਨੇ ਦੀ ਕਟਾਈ ਸਮੇਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨਾ ਅਤੇ ਸਜ਼ਾ ਵਰਗੇ ਆਰਡੀਨੈਂਸ ਲਿਆਂਦੇ ਗਏ ਹਨ ਜੋ ਕਿ ਸੂਬੇ ਦੀ ਕਿਸਾਨੀ ਲਈ ਘਾਤਕ ਸਿੱਧ ਹੋਣਗੇ।
Tarlochan Singh Gill
ਇਸ ਤੋਂ ਇਲ਼ਾਵਾ ਬੀਤੇ ਦਿਨੀਂ ਪੰਜਾਬ ਭਾਜਪਾ ਕਿਸਾਨ ਸੈੱਲ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਵੀ ਕਿਸਾਨਾਂ ਦੇ ਹਿੱਤ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਮੂਹ ਅਹੁਦਿਆਂ ਤੋਂ ਅਸਤੀਫਾ ਦਿੱਤਾ ਸੀ।