
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ।
Vijay Inder Singla
ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।
CM Amrinder Singh
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
Vijay Inder Singla
ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ 'ਤੇ ਰੱਖੇ ਗਏ ਹਨ।