
ਬਿਜਲੀ ਬਿੱਲਾਂ ਦੀ ਮੁਆਫੀ ਸਕੀਮ ’ਚ ਕਰੀਬ 19.85 ਲੱਖ ਰੁਪਏ ਦਾ ਬਿਜਲੀ ਬਿੱਲ ਮੁਆਫ਼ ਕੀਤਾ ਗਿਆ ਹੈ।
ਚੰਡੀਗੜ੍ਹ- ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਦੇ ਲੋਕਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕੀਤੇ ਹਨ ਤੇ ਅੱਜ ਇਹ ਖ਼ਬਰ ਵੀ ਸਾਹਮਮਏ ਆਈ ਹੈ ਕਿ ਹਲਕਾ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਕਿ ਪੰਜਾਬ ਦੇ ਇਕਲੌਤੇ ਵਿਧਾਇਕ ਹਨ, ਜਿਨ੍ਹਾਂ ਦੇ ਬਿਜਲੀ ਬਿੱਲਾਂ ਦੀ ਮੁਆਫੀ ਸਕੀਮ ’ਚ ਕਰੀਬ 19.85 ਲੱਖ ਰੁਪਏ ਦਾ ਬਿਜਲੀ ਬਿੱਲ ਮੁਆਫ਼ ਕੀਤਾ ਗਿਆ ਹੈ। ਵਿਧਾਇਕ ਗਿੱਲ ਦਾ ਵਰ੍ਹਿਆਂ ਤੋਂ ਲੱਖਾਂ ਰੁਪਏ ਦਾ ਬਿਜਲੀ ਬਕਾਇਆ ਖੜ੍ਹਾ ਸੀ। ਉਂਝ ਵੀ ਪੰਜਾਬ ਸਰਕਾਰ ਦੀ ਬਿਜਲੀ ਬਿੱਲਾਂ ਦੀ ਮੁਆਫੀ ਦਾ ਲਾਹਾ ਲੈਣ ਵਿਚ ਹਲਕਾ ਪੱਟੀ ਮੋਹਰੀ ਬਣਿਆ ਹੋਇਆ ਹੈ।
Electricity Bill
ਬਿਜਲੀ ਚੋਰੀ ’ਚ ਸਬ ਡਿਵੀਜ਼ਨ ਪੱਟੀ ਪਹਿਲੇ ਨੰਬਰ ’ਤੇ ਹੈ। ਵੇਰਵਿਆਂ ਅਨੁਸਾਰ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਾਲੀ ਕੋਠੀ ਨੰਬਰ ਈ-32 ਵਿਚ ਬਿਜਲੀ ਦਾ ਮੀਟਰ (ਖਾਤਾ ਨੰਬਰ 3002263840) ਜਸਵਿੰਦਰ ਸਿੰਘ ਦੇ ਨਾਂ ’ਤੇ ਲੱਗਾ ਹੈ, ਜਿਸ ਦਾ ਬਿਜਲੀ ਲੋਡ ਇੱਕ ਕਿਲੋਵਾਟ ਹੈ। ਵਿਧਾਇਕ ਗਿੱਲ ਨੇ 30 ਸਤੰਬਰ 2010 ਨੂੰ ਪਾਵਰਕੌਮ ਨੂੰ ਦਰਖਾਸਤ ਦੇ ਕੇ ਇਹ ਮੀਟਰ ਜਸਵਿੰਦਰ ਸਿੰਘ ਦੇ ਨਾਂ ਤੋਂ ਆਪਣੇ ਨਾਂ ਤਬਦੀਲ ਕਰਵਾਉਣ ਲਈ 17,130 ਰੁਪਏ ਫੀਸ ਭਰੀ ਸੀ।
ਬਿਜਲੀ ਲੋਡ ਇੱਕ ਕਿਲੋਵਾਟ ਤੋਂ 11 ਕਿਲੋਵਾਟ ਕਰਾਉਣ ਲਈ ਲਿਖਿਆ ਸੀ। ਪਾਵਰਕੌਮ ਨੇ ਪੁਰਾਣੇ ਬਕਾਏ ਨਾ ਉਤਾਰੇ ਹੋਣ ਕਰਕੇ ਬਿਜਲੀ ਮੀਟਰ ਦੇ ਨਾਂ ਵਿਚ ਤਬਦੀਲੀ ਨਹੀਂ ਕੀਤੀ ਸੀ। ਪਾਵਰਕੌਮ ਵੱਲੋਂ 12 ਅਕਤੂਬਰ 2021 ਨੂੰ ਜਾਰੀ ਬਿੱਲ ਮੁਤਾਬਕ ਵਿਧਾਇਕ ਗਿੱਲ ਨੇ ਹੁਣ 15 ਨਵੰਬਰ ਤੱਕ 1.60 ਲੱਖ ਰੁਪਏ ਦਾ ਬਿੱਲ ਹੀ ਤਾਰਨਾ ਹੈ ਜਦੋਂ ਕਿ ਇੱਕ ਕਿਲੋਵਾਟ ਲੋਡ ਹੋਣ ਕਰਕੇ ਉਨ੍ਹਾਂ ਦਾ 19.85 ਲੱਖ ਰੁਪਏ ਦਾ ਬਕਾਇਆ ਬਿੱਲ ਮੁਆਫ ਹੋ ਗਿਆ ਹੈ।