
ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਹਨਾਂ ਦੇ ਪੁੱਤਰ ਨੂੰ ਗੈਂਗਸਟਰਾਂ ਨਾਲ ਜੋੜਿਆ ਗਿਆ ਤਾਂ ਉਹ ਆਪਣੇ ਪੁੱਤਰ ਦੇ ਕਤਲ ਕੇਸ ਦੀ ਐਫਆਈਆਰ ਵਾਪਸ ਲੈ ਲੈਣਗੇ।
ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਅਲਟੀਮੇਟਮ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ। ਸ਼ੂਟਰ ਅਤੇ ਮਾਸਟਰਮਾਈਂਡ ਫੜੇ ਗਏ ਹਨ। ਵਿਦੇਸ਼ ਬੈਠੇ ਮੁਲਜ਼ਮਾਂ ਨੂੰ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾਂ ਕਿਹਾ ਕਿ ਅਸੀਂ ਇਨਸਾਫ਼ ਦੇਣ ਵਿਚ ਕਿਸੇ ਪਾਸਿਓਂ ਵੀ ਦੇਰ ਨਹੀਂ ਕਰ ਰਹੇ।
ਦਰਅਸਲ ਬੀਤੇ ਦਿਨ ਬਲਕੌਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਹਨਾਂ ਦੇ ਪੁੱਤਰ ਨੂੰ ਗੈਂਗਸਟਰਾਂ ਨਾਲ ਜੋੜਿਆ ਗਿਆ ਤਾਂ ਉਹ ਆਪਣੇ ਪੁੱਤਰ ਦੇ ਕਤਲ ਕੇਸ ਦੀ ਐਫਆਈਆਰ ਵਾਪਸ ਲੈ ਲੈਣਗੇ। ਉਹਨਾਂ ਨੇ ਸਰਕਾਰ ਨੂੰ ਇਕ ਮਹੀਨੇ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਜੇਕਰ 25 ਨਵੰਬਰ ਤੱਕ ਇਨਸਾਫ਼ ਨਹੀਂ ਮਿਲਿਆ ਤਾਂ ਉਹ ਦੇਸ਼ ਛੱਡ ਦੇਣਗੇ।
ਸੀਐਮ ਮਾਨ ਨੇ ਕਿਹਾ ਕਿ ਹਰ ਰੋਜ਼ ਕਿਸੇ ਨਾ ਕਿਸੇ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਿੱਥੋਂ ਸਾਨੂੰ ਕੋਈ ਸੁਰਾਗ ਮਿਲਦਾ ਹੈ, ਅਸੀਂ ਗ੍ਰਿਫਤਾਰੀਆਂ ਕਰ ਰਹੇ ਹਾਂ। ਇਹ ਮਾਮਲਾ ਬਹੁਤ ਗੰਭੀਰ ਹੈ। ਇਸ ਮਾਮਲੇ ਵਿਚ ਚਲਾਨ ਵੀ ਪੇਸ਼ ਕਤਾ ਗਿਆ ਹੈ। ਕੈਨੇਡਾ ਵਿਚ ਬੈਠੇ ਗੈਂਗਸਟਰਾਂ ਨੂੰ ਲਿਆਉਣ ਲਈ ਅਸੀਂ ਭਾਰਤ ਸਰਕਾਰ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਅਪੀਲ ਵੀ ਕੀਤੀ ਹੈ। ਇਹ ਮਾਮਲਾ ਜਲਦ ਹੀ ਹੱਲ ਹੋ ਜਾਵੇਗਾ।