ਗੁਰਦਵਾਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਸਾਕੇ ਦਾ 100 ਸਾਲਾ ਸ਼ਤਾਬਦੀ ਸਮਾਗਮ
Published : Oct 31, 2022, 6:48 am IST
Updated : Oct 31, 2022, 6:48 am IST
SHARE ARTICLE
image
image

ਗੁਰਦਵਾਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਸਾਕੇ ਦਾ 100 ਸਾਲਾ ਸ਼ਤਾਬਦੀ ਸਮਾਗਮ


ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ  ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ  ਮੌਕੇ 'ਤੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦੈ : ਜਥੇਦਾਰ


ਅੰਮਿ੍ਤਸਰ, 30 ਅਕਤੂਬਰ (ਪਰਮਿੰਦਰ): 100 ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਦਾ ਮੁੱਖ ਸਮਾਗਮ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਇਆ ਜਿਸ ਵਿਚ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਕਰਤ ਕੀਤੀ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਕੀਤੇ ਗਏ ਇਸ ਸ਼ਤਾਬਦੀ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪਣੇ ਸੰਬੋਧਨ ਵਿਚ ਆਖਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਕੌਮੀ ਅਕੀਦਿਆਂ ਨੂੰ  ਪ੍ਰਣਾਏ ਹੋਏ ਸਨ ਜਿਨ੍ਹਾਂ ਨੇ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਲਈ ਅਪਣੀਆਂ ਸ਼ਹਾਦਤਾਂ ਦਿਤੀਆਂ |
ਉਨ੍ਹਾਂ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਪੰਜਾ ਸਾਹਿਬ ਸਮੇਤ ਬਹੁਤ ਸਾਰੇ ਗੁਰਧਾਮ ਪਾਕਿਸਤਾਨ ਵਿਚ ਰਹਿ ਗਏ, ਜਿਨ੍ਹਾਂ ਪ੍ਰਤੀ ਸਿੱਖ ਕੌਮ ਅੰਦਰ ਗਹਿਰਾ ਸਤਿਕਾਰ ਅਤੇ ਸ਼ਰਧਾ ਹੈ | ਇਨ੍ਹਾਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ  ਖੁਲ੍ਹ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ  ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ  ਮੌਕੇ 'ਤੇ ਵੀਜ਼ੇ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਅਪਣੇ ਗੁਰਧਾਮਾਂ 'ਤੇ ਆ ਕੇ ਮੱਥਾ ਟੇਕ ਸਕਣ | ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਜਥਿਆਂ ਰਾਹੀਂ ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਲਈ ਚਲਦੀ ਰੇਲ ਸੇਵਾ ਦਾ ਵੀ ਬੀਤੇ ਸਮੇਂ ਤੋਂ ਬੰਦ ਹੋਣਾ ਠੀਕ ਨਹੀਂ ਕਿਉਂਕਿ ਕਫ਼ਾਇਤੀ ਰੇਲ ਸੇਵਾ ਦੇ ਬੰਦ ਹੋਣ ਨਾਲ ਆਮ ਸ਼ਰਧਾਲੂਆਂ 'ਤੇ
ਆਰਥਕ ਬੋਝ ਬਣਿਆ ਹੋਇਆ ਹੈ | ਉਨ੍ਹਾਂ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ  ਕਿਹਾ ਕਿ ਇਸ ਪਾਸੇ ਧਿਆਨ ਦਿਤਾ ਜਾਵੇ ਅਤੇ ਅਰਸੇ ਤੋਂ ਚਲਦੀ ਰੇਲ ਸੇਵਾ ਮੁੜ ਬਹਾਲ ਕੀਤੀ ਜਾਵੇ | ਜਥੇਦਾਰ ਨੇ ਅਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਸਿੱਖ ਸੰਸਥਾਵਾਂ ਨੂੰ  ਮਜ਼ਬੂਤ ਕਰਨ ਲਈ ਸਰਕਾਰਾਂ ਅਤੇ ਸੰਗਤ ਨੂੰ  ਖ਼ਾਸ ਧਿਆਨ ਦੇਣ ਲਈ ਵੀ ਆਖਿਆ |
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ  ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਹ ਸੰਘਰਸ਼ਮਈ ਇਤਿਹਾਸ ਅਮੁਲਾ ਹੈ ਜਿਸ ਨੂੰ  ਸੰਗਤਾਂ ਯੁੱਗਾਂ ਤਕ ਯਾਦ ਰੱਖਣਗੀਆਂ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਇਤਿਹਾਸ ਕੌਮ ਲਈ ਪ੍ਰੇਰਣਾ ਸਰੋਤ ਹੁੰਦਾ ਹੈ | ਸਾਕਾ ਸ੍ਰੀ ਪੰਜਾ ਸਾਹਿਬ ਸਿੱਖੀ ਜਜ਼ਬੇ ਦੀ ਅਹਿਮ ਮਿਸਾਲ ਹੈ ਜਿਸ ਨੇ ਅਪਣਾ ਪ੍ਰਭਾਵ ਹਮੇਸ਼ਾ ਬਣਾਈ ਰੱਖਣਾ ਹੈ | ਉਨ੍ਹਾਂ ਹਾਜ਼ਰ ਔਕਾਫ਼ ਬੋਰਡ ਦੇ ਅਧਿਕਾਰੀਆਂ ਨੂੰ  ਅਪੀਲ ਕੀਤੀ ਕਿ ਉਹ ਸ਼ਰਧਾਲੂਆਂ ਨੂੰ  ਵੀਜ਼ਿਆਂ ਸਮੇਂ ਆਉਂਦੀ ਸਮੱਸਿਆ ਵਲ ਵਿਸ਼ੇਸ਼ ਧਿਆਨ ਦੇਣ | ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਔਕਾਫ਼ ਬੋਰਡ ਦੇ ਐਡੀਸ਼ਨਲ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਸਾਕੇ ਦੇ ਸ਼ਹੀਦਾਂ ਨੂੰ  ਸ਼ਰਧਾ ਭੇਟ ਕੀਤੀ ਅਤੇ ਆਈਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਨੂੰ  ਜੀ-ਆਇਆਂ ਕਿਹਾ | ਰਾਣਾ ਸ਼ਾਹਿਦ ਸਲੀਮ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੇ ਦੋਵੇਂ ਸ਼ਹੀਦ ਅਹਿਮ ਹਨ ਅਤੇ ਇਸ ਸਾਕੇ ਦਾ ਦਿਨ ਮਨਾਉਣ ਦੇ ਨਾਲ-ਨਾਲ ਇਤਿਹਾਸ 'ਤੇ ਅਮਲ ਵੀ ਕਰਨਾ ਜ਼ਰੂਰੀ ਹੈ | ਪਾਕਿਸਤਾਨ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਨੇ ਜਿਥੇ ਸਾਕੇ ਦਾ ਇਤਿਹਾਸ ਸਾਂਝਾ ਕੀਤਾ, ਉਥੇ ਹੀ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧਨਵਾਦ ਵੀ ਕੀਤਾ | ਇਸ ਮੌਕੇ ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਸ. ਪਰਮਜੀਤ ਸਿੰਘ ਸਰਨਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ | ਸਮਾਗਮ ਦੌਰਾਨ ਸ਼ਹੀਦਾਂ ਦੇ ਪ੍ਰਵਾਰਕ ਮੈਂਬਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ  ਸਨਮਾਨਤ ਕੀਤਾ ਗਿਆ |
ਇਸੇ ਦੌਰਾਨ ਪਾਕਿਸਤਾਨ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਢੁਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿਤਾ ਹੈ | ਉਨ੍ਹਾਂ ਦਸਿਆ ਕਿ ਇਸ ਯਾਦਗਾਰ ਦੀ ਵਿਉਂਤਬੰਦੀ ਸਿੱਖ ਇਤਿਹਾਸ ਅਨੁਸਾਰ ਹੋਵੇਗੀ | ਐਡਵੋਕੇਟ ਧਾਮੀ ਨੇ ਇਹ ਵੀ ਦਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਇਕ ਵਿਸ਼ਾਲ ਸਰਾਂ ਅਤੇ ਇਸ ਦੇ ਨਾਲ ਹੀ ਇਕ ਆਧੁਨਿਕ ਮਿਊਜ਼ੀਅਮ ਸਥਾਪਤ ਕਰਨ ਦਾ ਵਿਚਾਰ ਵੀ ਔਕਾਫ਼ ਬੋਰਡ ਦੇ ਅਧਿਕਾਰੀਆਂ ਨੇ ਪ੍ਰਗਟਾਇਆ ਹੈ | ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਪਰਮਜੀਤ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਰਾਏਪੁਰ ਆਦਿ ਸਮੇਤ ਸੰਗਤਾਂ ਮੌਜੂਦ ਸਨ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement