
ਤਿੰਨ ਸਾਲਾਂ ਦੌਰਾਨ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ : ਚੰਨੀ
ਚੰਡੀਗੜ੍ਹ, 30 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ | ਚੋਣ ਮੈਨੀਫ਼ੈਸਟੋ ਵਿਚ ਕੀਤੇ ਵਾਅਦਿਆਂ ਨੂੰ ਸੂਬੇ ਦੀ ਕਾਰਜ ਯੋਜਨਾ 2017-22 ਨਾਲ ਪੂਰਾ ਕੀਤਾ ਗਿਆ ਹੈ ਜਿਸ ਤਹਿਤ ਹਰੇਕ ਪਰਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹਈਆ ਕਰਵਾਈ ਗਈ ਅਤੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਅਧੀਨ ਸਾਰੇ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਲਈ ਸਮਾਂਬੱਧ ਰੁਜ਼ਗਾਰ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ ਰੁਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਪਿਛਲੇ ਤਿੰਨ ਸਾਲਾਂ ਦੌਰਾਨ ਲਗਭਗ 15.07 ਲੱਖ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਜਦੋਂ ਕੋਵਿਡ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਵਿਚ ਬੇਰੁਜ਼ਗਾਰੀ ਫੈਲ ਰਹੀ ਸੀ ਉਦੋਂ ਪੰਜਾਬ ਸਰਕਾਰ ਨੇ ਸਤੰਬਰ 2020 ਵਿਚ 6ਵਾਂ ਸੂਬਾ ਪਧਰੀ ਮੈਗਾ ਰੁਜ਼ਗਾਰ ਮੇਲਾ ਵਰਚੁਅਲੀ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਆਯੋਜਿਤ ਕਰਵਾਇਆ | ਇਸ ਰੁਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਸੈਕਟਰ ਵਿਚ ਵੱਡੀਆਂ ਨੌਕਰੀਆਂ ਸਮੇਤ 1.50 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਜਿਸ ਦੇ ਨਤੀਜੇ ਵਜੋਂ ਲਗਭਗ 92,000 ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਗਈਆਂ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਕਤੂਬਰ, ਨਵੰਬਰ ਅਤੇ ਦਸੰਬਰ 2020 ਵਿਚ ਸੂਬਾ ਪਧਰੀ ਸਵੈ-ਰੁਜ਼ਗਾਰ / ਉੱਦਮਤਾ ਵਿਕਾਸ / ਲੋਨ ਮੇਲੇ ਆਯੋਜਿਤ ਕਰਵਾਏ ਗਏ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵਿੱਤੀ ਸਹੂਲਤ ਦਿਤੀ ਜਾ ਸਕੇ | ਜਿਸ ਦਾ ਨਤੀਜਾ ਅਗਲੇ ਵਰ੍ਹੇ ਦੀ ਸ਼ੁਰੂਆਤ ਵਿਚ ਸਪਸ਼ਟ ਹੋ ਜਾਵੇਗਾ | ਇਸ ਸੂਬਾ ਪਧਰੀ ਸਮਾਗਮ ਵਿਚ 1,04,400 ਨੌਜਵਾਨਾਂ ਨੂੰ ਸਹੂਲਤਾਂ ਮੁਹਈਆ ਕਰਵਾਉimageਣ ਦਾ ਟੀਚਾ ਮਿਥਿਆ ਗਿਆ ਹੈ |