ਸਿੱਖ ਜਥੇਬੰਦੀਆਂ ਨੇ ਕੇਂਦਰ ਨੂੰ SGPC ਚੋਣ ਕਰਵਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਸਿੱਖ ਜਥੇਬੰਦੀਆਂ ਨੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਭਾਈ ਮੋਹਕਮ ਸਿੰਘ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ 328 ਪਾਵਨ ਸਰੂਪਾਂ ਦਾ ਮਾਮਲਾ ਬਹੁਤ ਗੰਭੀਰ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜਿਥੇ ਕੌਮ ਦਾ ਮਸਲਾ ਹੋਵੇਗਾ ਉਥੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਨੇ ਆਪ ਹੀ ਕਮੇਟੀ ਬਣਾ ਕੇ ਆਪ ਹੀ ਦੋਸ਼ੀਆਂ ਨੂੰ ਸਜ਼ਾ ਦੇ ਦਿੱਤੀ ਇਹ ਪੰਥ ਨੂੰ ਕਬੂਲ ਨਹੀਂ,ਇਹਨਾਂ ਨੂੰ ਸਭ ਦੱਸਣਾ ਪਵੇਗਾ ਕਿ ਸਰੂਪ ਕਿੱਥੇ ਪਏ ਹਨ ਅਤੇ ਕਿਸ ਕੋਲ ਪਏ ਹਨ।ਸ਼੍ਰੋਮਣੀ ਕਮੇਟੀ ਕਹਿੰਦੀ ਹੈ ਕਿ ਉਹ ਕਾਨੂੰਨ ਅਨੁਸਾਰ ਚਲਦੀ ਹੈ ਫਿਰ ਉਸਨੂੰ ਸਰਕਾਰ ਵੱਲੋਂ ਬਣਾਈ ਕਮੇਟੀ ਤੋਂ ਇਤਰਾਜ਼ ਕਿਉਂ ਹੈ।
ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਜਾਗਦੀ ਜਮੀਰ ਵਾਲੇ ਮੈਂਬਰਾਂ ਨੂੰ ਬਗਾਵਤ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ 328 ਪਾਵਨ ਸਰੂਪਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ। ਜਿੱਥੇ ਸ਼੍ਰੋਮਣੀ ਕਮੇਟੀ ਨੇ ਕਾਨੂੰਨ ਦਾ ਆਸਰਾ ਲੈਣਾ ਹੁੰਦਾ ਉਥੇ ਕਾਨੂੰਨ ਦਾ ਫਾਇਦਾ ਲਿਆ ਜਾਂਦਾ ਹੈ,ਜਿੱਥੇ ਲੋੜ ਨਹੀਂ ਹੁੰਦੀ ਉੱਥੇ ਕਾਨੂੰਨ ਨੂੰ ਗਲਤ ਕਹਿ ਦਿੱਤਾ ਜਾਂਦਾ।
ਭਾਈ ਮੋਹਕਮ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਨੂੰ ਇਕ ਨਵੀਂ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਿਰਪੱਖ ਹੋ ਕੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
