
ਬਠਿੰਡਾ, 25 ਦਸੰਬਰ (ਸੁਖਜਿੰਦਰ ਮਾਨ) : ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸਹਿਤ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ ਬੰਦ ਕਰਨ ਦੇ ਫ਼ੈਸਲੇ ਵਿਰੁਧ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ।ਅੱਜ ਸਥਾਨਕ ਫ਼ਾਈਰ ਬ੍ਰਿਗੇਡ ਚੌਕ ਕੋਲ ਲਗਾਏ ਧਰਨੇ 'ਚ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦਾਅਵਾ ਕੀਤਾ ਕਿ ਉਹ ਇਸ ਪਲਾਂਟ ਨੂੰ ਬੰਦ ਨਹੀਂ ਹੋਣ ਦੇਣਗੇ, ਬੇਸ਼ੱਕ ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਰੀਕੇ ਪੱਤਣ ਦੀ ਤਰ੍ਹਾਂ ਮੁੜ ਧਰਨਾ ਨਾ ਲਗਾਉਣਾ ਪਏ।ਵੱਡੀ ਗਿਣਤੀ 'ਚ ਇਕੱਤਰ ਹੋਏ ਅਕਾਲੀ ਆਗੂਆਂ ਨੇ ਇਸ ਮੌਕੇ ਵਿੱਤ ਮੰਤਰੀ ਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਧੋਖੇਬਾਜ਼ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਉਹ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਗਏ ਹਨ। ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਸਿਕੰਦਰ ਸਿੰਘ ਮਲੂਕਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੇਸ ਦੀ ਆਜ਼ਾਦੀ ਤੋਂ ਬਾਅਦ ਸੂਬੇ ਉੱਪਰ ਕਾਂਗਰਸੀਆਂ ਦੇ 50 ਸਾਲ ਦੇ ਕਾਰਜਕਾਲ ਨਾਲ ਅਕਾਲੀਆਂ ਵਲੋਂ 20 ਸਾਲ ਦੇ ਕਰੀਬ ਕੀਤੇ ਰਾਜ਼ ਦੀ ਤੁਲਨਾ ਕਰ ਲੈਣ, ਉਸ ਨਾਲ ਉਨ੍ਹਾਂ ਨੂੰ ਲੋਕ ਹਿਤੈਸ਼ੀ ਪਾਰਟੀ ਦਾ ਪਤਾ ਲੱਗ ਜਾਵੇਗਾ। ਮਲੂਕਾ ਨੇ ਮਨਪ੍ਰੀਤ ਬਾਦਲ 'ਤੇ ਝੂਠੇ ਅੰਕੜੇ ਪੇਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕਾਂਗਰਸੀ ਹੁਣ ਤੱਕ ਦਿਤੀਆਂ ਸਰਕਾਰੀ
ਤੇ ਪ੍ਰਾਈਵੇਟ ਨੌਕਰੀਆਂ ਦੀ ਲਿਸਟ ਜਨਤਾ ਦੇ ਸਾਹਮਣੇ ਪੇਸ਼ ਕਰਨ। ਇਸ ਤੋਂ ਇਲਾਵਾ ਉਨ੍ਹਾਂ ਅਕਾਲੀਆਂ ਵਲੋਂ ਸੂਬੇ ਦੇ ਖ਼ਜ਼ਾਨੇ ਨੂੰ ਖ਼ਾਲੀ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਵੀ ਝੂਠ ਦਾ ਪੁਲੰਦਾ ਦਸਿਆ। ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਸ਼ਹਿਰ 'ਚ ਪਹਿਲਾਂ ਲੱਗੇ ਹੋਏ ਉਦਯੋਗਾਂ ਨੂੰ ਬੰਦ ਕਰਨ ਲਈ ਵਿੱਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਨਵੀਆਂ ਸਹੂਲਤਾਂ ਤਾਂ ਕੀ ਦੇਣੀਆਂ ਸਨ, ਬਲਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਵੀ ਖੋਹ ਲਈਆਂ ਹਨ। ਉਨ੍ਹਾਂ ਬਠਿੰਡਾ ਸ਼ਹਿਰ 'ਚ ਵੱਡੀ ਪੱਧਰ 'ਤੇ ਪੈਨਸ਼ਨਾਂ ਕੱਟਣ ਅਤੇ ਆਟਾ ਦਾਲ ਸਕੀਮ ਤੋਂ ਲੋਕਾਂ ਨੂੰ ਵਾਂਝਾ ਕਰਨ ਦਾ ਦੋਸ਼ ਵੀ ਲਗਾਇਆ। ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਬਠਿੰਡਾ ਦਿਹਾਤੀ ਹਲਕੇ ਦੇ ਮੁੱਖ ਸੇਵਾਦਾਰ ਅਮਿਤ ਰਤਨ, ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਜੱਸੀ, ਮੇਅਰ ਬਲਵੰਤ ਰਾਏ ਨਾਥ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਭੋਲਾ ਸਿੰਘ ਗਿੱਲਪਤੀ, ਇਸਟਪਾਲ ਸਿੰਘ ਖਿਆਲੀਵਾਲਾ, ਵਿਜੇ ਐਮ.ਸੀ., ਦਲਜੀਤ ਸਿੰਘ ਬਰਾੜ, ਸੀਨੀਅਰ ਕੌਂਸਲਰ ਮਾ. ਹਰਮਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸਿੱਧੂ, ਰਜਿੰਦਰ ਸਿੰਘ ਸਿੱਧੂ, ਰਜਿੰਦਰ ਸਿੰਘ ਰਾਜੂ ਮਾਨ, ਡਾ. ਓਮ ਪ੍ਰਕਾਸ਼, ਅਸੋਕ ਬਾਲਿਆਵਾਲੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।