
ਚੰਡੀਗੜ੍ਹ, 23 ਜਨਵਰੀ (ਨੀਲ ਭਲਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਨੇ ਆ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਾਸਤੇ ਵਰਕਰਾਂ ਨੂੰ ਸੰਗਠਤ ਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਾਸਤੇ ਨਿਗਰਾਨ ਨਿਯੁਕਤ ਕਰ ਦਿਤੇ ਹਨ। ਪਾਰਟੀ ਵਲੋਂ ਇਸ ਵਾਰ ਇਹ ਚੋਣਾਂ ਅਪਣੇ ਚੋਣ ਨਿਸ਼ਾਨ ਉੱਤੇ ਲੜਨ ਦਾ ਫ਼ੈਸਲਾ ਕੀਤਾ ਹੈ।ਅੱਜ ਇਥੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਹਰਿਆਣਾ ਲੀਡਰਸ਼ਿਪ ਦੀ 2 ਘੰਟੇ ਲੰਬੀ ਮੀਟਿੰਗ ਦੌਰਾਨ ਇਨ੍ਹਾਂ ਨਿਗਰਾਨਾਂ ਦੀ ਨਿਯੁਕਤੀ ਕੀਤੀ। ਮੀਟਿੰਗ ਵਿਚ ਸ਼ਰਨਜੀਤ ਸਿੰਘ ਸਹੋਤਾ ਨੂੰ ਮੁੜ ਤੋਂ ਸਰਬਸੰਮਤੀ ਨਾਲ ਪਾਰਟੀ ਦੀ ਹਰਿਆਣਾ ਇਕਾਈ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ। ਰਾਜ ਸਭਾ ਮੈਂਬਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੂੰ ਹਰਿਆਣਾ ਵਿਚ ਪਾਰਟੀ ਦੇ ਇੰਚਾਰਜ ਨਿਯੁਕਤ ਕੀਤਾ ਹੈ।ਇਥੇ ਪਾਰਟੀ ਦੀ ਹਰਿਆਣਾ ਲੀਡਰਸ਼ਿਪ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਆ ਰਹੀਆਂ ਵਿਧਾਨ ਸਭਾ ਚੋਣਾਂ ਵੱਧ ਤੋਂ ਵੱਧ ਤੋਂ ਸੀਟਾਂ ਉੱਤੇ ਅਪਣੇ ਬਲਬੂਤੇ ਉਤੇ ਲੜੇਗਾ।
ਉਨ੍ਹਾਂ ਕਿਹਾ ਕਿ ਲਗਭਗ 35 ਸੀਟਾਂ ਉੱਤੇ ਸਿੱਖ ਵੱਡੀ ਗਿਣਤੀ ਵਿਚ ਹਨ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪੇਂਡੂ ਖੇਤਰਾਂ ਵਿਚ ਜਾ ਕੇ ਭਰਤੀ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹਰਿਆਣਾ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਿਲ੍ਹਾ ਪਧਰੀ ਮੀਟਿੰਗਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਵਾਸਤੇ ਨਿਗਰਾਨਾਂ ਦੀ ਨਿਯੁਕਤੀ ਕੀਤੀ ਗਈ। ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅੰਬਾਲਾ ਅਤੇ ਯਮੁਨਾਨਗਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਮਨਜੀਤ ਸਿੰਘ ਜੀ ਕੇ ਅਤੇ ਅਵਤਾਰ ਸਿੰਘ ਹਿੱਤ ਫ਼ਰੀਦਾਬਾਦ, ਪਲਵਾਲ, ਪਾਣੀਪਤ, ਰੋਹਤਕ, ਸੋਨੀਪਤ ਅਤੇ ਗੁੜਗਾਉਂ ਜ਼ਿਲ੍ਹਿਆਂ ਦਾ ਪ੍ਰਬੰਧ ਵੇਖਣਗੇ। ਸਰਦਾਰ ਸਿਕੰਦਰ ਸਿੰਘ ਮਲੂਕਾ ਫਤਿਹਬਾਦ ਅਤੇ ਸਿਰਸਾ ਜ਼ਿਲ੍ਹਿਆਂ ਦਾ ਪ੍ਰਬੰਧ ਵੇਖਣਗੇ।