ਕਪੂਰਥਲਾ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ ਨੇ ਹਿਤਾਂ ਦੇ ਟਕਰਾਅ ਦੇ ਮੁੱਦੇ ਨੂੰ ਲੈ ਕੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਗੱਲ ਆਖੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਆਬਾ ਜ਼ੋਨ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਕਿਹਾ ਹੈ ਕਿ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਵਲੋਂ ਆਉਂਦੇ ਵਿਧਾਨ ਸਭਾ ਸ਼ੈਸ਼ਨ ‘ਚ ਇਸ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਪ੍ਰਾਈਵੇਟ ਮੈਂਬਰਜ਼ ਪੰਜਾਬ ਅਨਸੀਟਿੰਗ ਆਫ ਪੰਜਾਬ ਲੈਜਿਸਲੈਟਿਵ ਅਸੈਂਬਲੀ ਫਾਊਡ ਗਿਲਟੀ ਆਫ ਕਨਫਲਿਕਟ ਆਫ ਇੰਟਰਸਟ ਬਿਲ 2018 ਪੇਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਬਿਲ ਦੇ ਪਾਸ ਹੋਣ ਨਾਲ ਮੁੱਖ ਮੰਤਰੀ, ਕੋਈ ਵੀ ਮੰਤਰੀ ਜਾਂ ਵਿਧਾਇਕ ਆਪਣੇ ਰੁਤਬੇ ਦੀ ਦੁਰਵਰਤੋਂ ਨਹੀਂ ਕਰ ਸਕੇਗਾ। ਪਰਮਜੀਤ ਸਚਦੇਵਾ ਕਪੂਰਥਲਾ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ ਤੇ ਹੋਰ ਵਰਕਰਾਂ ਨਾਲ ਮੀਟਿੰਗ ਕਰਨ ਆਏ ਹੋਏ ਸਨ। ਇਸ ਮੌਕੇ ਇਸ ਬਿਲ ਦੇ ਸਬੰਧ ਵਿਚ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦੀ ਅਗਵਾਈ ਵਿਚ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸੌਂਪਿਆ ਗਿਆ।