
ਚੱਢਾ ਨੂੰ ਵੀ ਲੰਗਾਹ ਵਾਲੀ ਸਜ਼ਾ ਮਿਲਣੀ ਚਾਹੀਦੀ ਹੈ : ਲੌਂਗੋਵਾਲ
ਅੰਮ੍ਰਿਤਸਰ, 16 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੇ ਬਰਖ਼ਾਸਤ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸਾਬਕਾ ਅਕਾਲੀ ਵਜ਼ੀਰ ਸੁੱਚਾ ਸਿੰਘ ਲੰਗਾਹ ਵਾਲੀ ਸਜ਼ਾ ਮਿਲਣੀ ਚਾਹੀਦੀ ਹੈ ਭਾਵ ਚੱਢਾ ਨੂੰ ਸਿੱਖ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ ਜਿਸ ਦੀ ਪਰਾਈ ਔਰਤ ਨਾਲ ਅਸ਼ਲੀਲ ਵੀਡੀਉ ਸੋਸ਼ਲ ਮੀਡੀਆ 'ਤੇ ਚਰਚਿਤ ਹੋਈ। ਅੰਤ੍ਰਿਗ ਕਮੇਟੀ ਦੀ ਬੈਠਕ ਉਪਰੰਤ ਭਾਈ ਲੌਂਗੋਵਾਲ ਨੇ ਦਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਇਸ ਵਰ੍ਹੇ ਦੀ ਧਰਮ ਪ੍ਰ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਨਾਲ ਹੀ ਸਿੱਖ ਮਸਲਿਆਂ ਦੇ ਹੱਲ ਲਈ ਭਾਰਤ ਸਰਕਾਰ ਤਕ ਪਹੁੰਚ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਚਲ ਰਹੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਿਆ ਕਿ ਪਹਿਲੇ ਪਾਤਸ਼ਾਹ ਦਾ 550ਸਾਲਾ ਪ੍ਰਕਾਸ਼ ਪੁਰਬ ਜੋ ਸਾਲ 2019 ਵਿਚ ਆ ਰਿਹਾ ਹੈ, ਨੂੰ ਸਮਰਪਿਤ ਜਿਥੇ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ ਗੁਰਦੁਆਰਾ ਡੇਹਰਾ ਸਾਹਿਬ, ਲੁਹਾਰ (ਤਰਨ ਤਾਰਨ) ਵਿਖੇ ਵਿਸ਼ਾਲ ਸਮਾਗਮ ਕਰਵਾਏ ਜਾਣਗੇ ਉਥੇ ਹੀ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਵੀ ਪਹਿਲੇ ਪਾਤਸ਼ਾਹ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਯਾਦਗਾਰ ਦੇ ਰੂਪ ਵਿਚ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਵਾਲੇ 'ੴ ਮੂਲ ਮੰਤਰ' ਸਥਾਨ ਲਈ ਜ਼ਮੀਨ ਖ਼ਰੀਦ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਯਾਦਗਾਰ ਦਾ ਕੰਮ ਜਲਦ ਆਰੰਭ ਕਰ ਦਿੱਤਾ ਜਾਵੇਗਾ। ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਲਈ ਇਕ ਸਬ-ਕਮੇਟੀ ਬਣਾਈ ਗਈ ਹੈ ਅਤੇ ਲੋੜ ਅਨੁਸਾਰ ਨਿਯੁਕਤੀਆਂ ਅਤੇ ਤਰੱਕੀਆਂ ਲਈ ਵੀ ਇਕ ਨੀਤੀ ਤਿਆਰ ਕੀਤੀ ਜਾਵੇਗੀ। ਇਕੱਤਰਤਾ ਵਿਚ ਇਕ ਮਤੇ ਰਾਹੀਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਵਰਤਮਾਨ ਸਮੇਂ ਵਿਚ ਸਿੱਖ ਕਿਰਦਾਰ ਨੂੰ ਪਹਿਲਾਂ ਦੀ ਤਰ੍ਹਾਂ ਚਰਮ ਸੀਮਾ 'ਤੇ ਪਹੁੰਚਾਉਣ ਲਈ ਉਹ ਵਿਸ਼ੇਸ਼ ਯਤਨ ਕਰਨ ਅਤੇ ਸਿੱਖ ਕਿਰਦਾਰ ਨੂੰ ਢਾਅ ਲਾਉਣ ਵਾਲੇ ਲੋਕਾਂ ਵਿਰੁਧ ਬਣਦੀ ਕਾਰਵਾਈ ਵੀ ਕੀਤੀ ਜਾਵੇ। ਇਸ ਤੋਂ ਇਲਾਵਾ ਅੰਤ੍ਰਿਗ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 6 ਫ਼ੀ ਸਦੀ ਵਾਧਾ ਕਰਨ ਨੂੰ ਵੀ ਪ੍ਰਵਾਨਗੀ ਦਿਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੱਜਣ ਸਿੰਘ ਬੱਜੂਮਾਨ, ਸ. ਨਵਤੇਜ ਸਿੰਘ ਕਾਉਣੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ ਆਦਿ ਹਾਜ਼ਰ ਸਨ।