
ਪਟਿਆਲਾ- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਲੱਖਣ ਅਤੇ ਇਤਿਹਾਸਕ ਹੋਵੇਗਾ।
ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਤੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਨਿਵੇਕਲੇ ਢੰਗ ਨਾਲ ਮਨਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਵਾਇਤੀ ਪਰੰਪਰਾ ਮੁਤਾਬਕ ਜਲੌਅ ਸਜਾਏ ਜਾਣਗੇ ਅਤੇ ਨਗਰ ਕੀਰਤਨ ਵਿਸ਼ੇਸ਼ ਤੌਰ 'ਤੇ ਖਿੱਚ ਦਾ ਕੇਂਦਰ ਬਣੇਗਾ। 7 ਅਕਤੂਬਰ ਨੂੰ ਰਾਗ ਦਰਬਾਰ ਵਿਚ ਉੱਚ ਕੋਟੀ ਦੇ ਰਾਗੀ ਜਥੇ ਹਿੱਸਾ ਲੈ ਰਹੇ ਹਨ, ਜੋ ਗੁਰਬਾਣੀ ਪ੍ਰਵਾਹ ਰਾਹੀਂ ਧਾਰਮਿਕ ਸਮਾਗਮ ਨੂੰ ਨਿਵੇਕਲਾ ਬਣਾਉਣਗੇ।
ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਨੂੰ ਸਮੁੱਚੇ ਸੰਸਾਰ 'ਚ ਅਧਿਆਤਮਿਕ ਕੇਂਦਰ ਵਜੋਂ ਵਿਕਸਿਤ ਕਰਨ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਕਾਸ਼ ਦਿਹਾੜੇ ਨੂੰ ਅਲੌਕਿਕ ਬਣਾਉਣ ਲਈ ਫੁੱਲਾਂ ਦੀ ਸਜਾਵਟ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਧਿਆਨ 'ਚ ਰੱਖਦਿਆਂ ਪ੍ਰਦੂਸ਼ਣ ਮੁਕਤ ਆਤਿਸ਼ਬਾਜ਼ੀ ਦੀ ਵਿਵਸਥਾ ਕੀਤੀ ਗਈ ਹੈ। ਇਸ ਸਬੰਧੀ ਦੇਸ਼ਾਂ-ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਅਤੇ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਨਾਲ ਮਿਲਕੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਇਆ ਜਾਵੇਗਾ।
ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਕਿਹਾ ਹੈ ਕਿ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਜਾ ਰਹੇ ਧਾਰਮਿਕ ਸਮਾਗਮ ਦੌਰਾਨ ਸਮੁੱਚੇ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ।