ਜਾਖੜ ਨੇ 1,93,219 ਵੋਟਾਂ ਦੇ ਫ਼ਰਕ ਨਾਲ ਗੁਰਦਾਸਪੁਰ ਵਿਚ ਮਾਰੀ ਬਾਜ਼ੀ
Published : Oct 15, 2017, 11:01 pm IST
Updated : Oct 15, 2017, 5:31 pm IST
SHARE ARTICLE

ਊਧਨਵਾਲ, 15 ਅਕਤੂਬਰ  (ਬਿਕਰਮਜੀਤ ਸਿੰਘ ਖ਼ਾਲਸਾ) : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ 1,93,219 ਵੋਟਾਂ ਦੇ ਫ਼ਰਕ ਨਾਲ ਜਿੱਤ ਗਏ ਹਨ। ਸ੍ਰੀ ਜਾਖੜ ਨੂੰ ਕੁੱਲ 4,99,752 ਵੋਟਾਂ ਪਈਆਂ, ਜਦਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ 3,06,533 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਦੀ ਜ਼ਮਾਨਤ ਜ਼ਬਤ ਹੋ ਗਈ।

ਉਨ੍ਹਾਂ ਨੂੰ 23,579 ਵੋਟਾਂ ਪਈਆਂ, ਜਦਕਿ 7587 ਵੋਟਰਾਂ ਵਲੋਂ 'ਨੋਟਾ' ਦਾ ਬਟਨ ਵੀ ਦਬਾਇਆ ਗਿਆ। ਕਾਂਗਰਸ ਨੇ ਗੁਰਦਾਸਪੁਰ ਲੋਕ ਸਭਾ ਸੀਟ 8 ਸਾਲ ਬਾਅਦ ਭਾਜਪਾ ਤੋਂ ਖੋਹ ਲਈ। ਇਹ ਸੀਟ ਵਿਨੋਦ ਖੰਨਾ ਦੇ ਦੇਹਾਂਤ (27 ਅਪ੍ਰੈਲ) ਤੋਂ ਬਾਅਦ ਖ਼ਾਲੀ ਹੋਈ ਸੀ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਨੇ ਜ਼ਿਮਨੀ ਚੋਣ ਦਾ ਨਤੀਜਾ ਘੋਸ਼ਿਤ ਕਰਦਿਆਂ ਦਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਹੋਈ ਚੋਣ 'ਚ ਕੁੱਲ 859462 ਵੋਟਰਾਂ ਵਲੋਂ ਅਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਸੀ, ਜਿਸ 'ਚੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ 1,93,219 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ।

ਸ. ਸਿੱਧੂ ਨੇ ਦਸਿਆ ਕਿ ਜਾਖੜ ਨੂੰ ਕੁਲ 4,99,752 ਵੋਟਾਂ ਪਈਆਂ ਹਨ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ 3,06,533 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਨੂੰ 23,579 ਵੋਟਾਂ, ਐਮ.ਡੀ.ਪੀ. ਦੀ ਉਮੀਦਵਾਰ ਸੰਤੋਸ਼ ਕੁਮਾਰੀ ਨੂੰ 1011 ਵੋਟਾਂ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਕੁਲਵੰਤ ਸਿੰਘ ਨੂੰ 3546 ਵੋਟਾਂ, ਐਚ.ਐਸ.ਐਸ. ਪਾਰਟੀ ਦੇ ਉਮੀਦਵਾਰ ਰਜਿੰਦਰ ਸਿੰਘ ਨੂੰ 1891 ਅਤੇ ਅਜ਼ਾਦ ਉਮੀਦਵਾਰਾਂ 'ਚ ਸਤਨਾਮ ਸਿੰਘ ਨੂੰ 996 ਵੋਟਾਂ, ਸੰਦੀਪ ਕੁਮਾਰ ਨੂੰ 1922 ਵੋਟਾਂ, ਪ੍ਰਦੀਪ ਕੁਮਾਰ ਨੂੰ 2029 ਵੋਟਾਂ, ਪਰਵਿੰਦਰ ਸਿੰਘ ਨੂੰ 6825 ਵੋਟਾਂ ਅਤੇ ਪਵਨ ਕੁਮਾਰ ਨੂੰ 3791 ਵੋਟਾਂ ਪਈਆਂ। ਹਲਕੇ ਦੇ 7587 ਵੋਟਰਾਂ ਵਲੋਂ 'ਨੋਟਾ' ਦੇ ਬਟਨ ਦਾ ਇਸਤੇਮਾਲ ਵੀ ਕੀਤਾ ਗਿਆ।

ਵਿਧਾਨ ਸਭਾ ਹਲਕੇ ਵਾਈਜ਼ ਨਤੀਜੇ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ. ਸਿੱਧੂ ਨੇ ਦਸਿਆ ਕਿ ਸੁਜਾਨਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਜਾਖੜ 6701 ਵੋਟਾਂ ਨਾਲ ਜੇਤੂ ਰਹੇ। ਇਸੇ ਤਰ੍ਹਾਂ ਜਾਖੜ ਭੋਆ ਹਲਕੇ ਤੋਂ 7726 ਵੋਟਾਂ, ਪਠਾਨਕੋਟ ਹਲਕੇ ਤੋਂ 8710 ਵੋਟਾਂ, ਗੁਰਦਾਸਪੁਰ ਹਲਕੇ ਤੋਂ 29656 ਵੋਟਾਂ, ਦੀਨਾਨਗਰ ਤੋਂ 11387 ਵੋਟਾਂ, ਕਾਦੀਆਂ ਹਲਕੇ ਤੋਂ 26348 ਵੋਟਾਂ, ਬਟਾਲਾ ਹਲਕੇ ਤੋਂ 26255 ਵੋਟਾਂ, ਫ਼ਤਿਹਗੜ੍ਹ ਚੂੜੀਆਂ ਹਲਕੇ ਤੋਂ 32296 ਵੋਟਾਂ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ 44074 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ।

ਚੰਡੀਗੜ੍ਹ ਤੋਂ ਨੀਲ ਭਲਿੰਦਰ ਸਿੰਘ ਦੀ ਰੀਪੋਰਟ: ਚੰਡੀਗੜ੍ਹ ਵਿਚ ਕੈਪਟਨ ਅਮਰਿੰਦਰ ਸਿੰਘ ਤੇ ਜਾਖੜ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਵੋਟਰਾਂ ਦਾ ਧਨਵਾਦ ਕੀਤਾ। ਸਰਕਾਰ ਵਿਰੁਧ ਝੂਠੇ ਦੋਸ਼ ਲਾ ਕੇ ਲੋਕਾਂ ਨੂੰ ਗੁਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ 'ਤੇ ਕਿਸਾਨਾਂ ਵਿਰੁਧ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ।

ਕੇਂਦਰ ਸਰਕਾਰ ਦੀ ਸਹਾਇਤਾ ਜਾਂ ਬਿਨਾਂ ਸਹਾਇਤਾ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਸਬੰਧੀ ਸਕੀਮ ਨੂੰ ਲਾਗੂ ਕਰਨ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ਉੱਤੇ ਅਧਾਰਹੀਣ ਬਿਆਨ ਜਾਰੀ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਜਿਹੜੀ ਪਾਰਟੀ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਦੋ ਫ਼ੀ ਸਦੀ ਵੋਟਾਂ ਤਕ ਹੇਠਾਂ ਆ ਗਈ ਹੈ ਉਹ ਛੇਤੀ ਹੀ ਜ਼ੀਰੋ ਫ਼ੀ ਸਦੀ 'ਤੇ ਚਲੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁੱਚਾ ਸਿੰਘ ਛੋਟੇਪੁਰ ਨੇ 2014 ਦੀ ਲੋਕ ਸਭਾ ਚੋਣ ਦੌਰਾਨ 1,73,376 ਵੋਟਾਂ ਪ੍ਰਾਪਤ ਕੀਤੀਆਂ ਸਨ ਪਰ ਉਹੀ ਪਾਰਟੀ ਹੁਣ 23,579 ਵੋਟਾਂ 'ਤੇ ਆ ਕੇ ਸਿਮਟ ਗਈ ਹੈ।

ਇੱਥੋਂ ਤੱਕ ਕੇ ਇਸ ਦੇ ਉਮੀਦਵਾਰ ਦੀ ਜ਼ਮਾਨਤ ਵੀ ਜ਼ਬਤ ਹੋ ਗਈ ਹੈ।
ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਰਿਕਾਰਡ ਜਿੱਤ ਲਈ ਪਾਰਟੀ ਵਰਕਰਾਂ ਅਤੇ ਲੋਕਾਂ ਦੇ ਸਣੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਮਲੀਆਮੇਟ ਹੋ ਗਿਆ ਹੈ। ਜਾਖੜ ਨੇ ਇਸ ਨਤੀਜੇ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਚਿਕਮਗਲੂਰ ਤੋਂ ਹੋਈ ਜਿੱਤ ਨਾਲ ਤੁਲਨਾ ਕੀਤੀ ਜਿਸ ਨੇ 1970ਵੇਂ ਦੇ ਆਖੀਰ ਵਿਚ ਕਾਂਗਰਸ ਦੀ ਮੁੜ ਸੁਰਜੀਤੀ ਕੀਤੀ ਸੀ।

ਝੋਨੇ ਦੀ ਜ਼ੋਰਾਂ 'ਤੇ ਚੱਲ ਰਹੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਮੁਕਾਬਲਤਨ ਘੱਟ ਵੋਟਿੰਗ ਹੋਣ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਨੇ ਭਾਰਤੀ ਜਨਤਾ ਪਾਰਟੀ ਦੇ ਹੋ ਰਹੇ ਨਿਘਾਰ ਉੱਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੇ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ ਜਿਸ ਨੇ ਵੱਖ ਵੱਖ ਯੂਨੀਵਰਸਿਟੀਆਂ ਵਿਚ ਹਾਲ ਹੀ ਦੀਆਂ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ।

ਮਹਾਂਰਾਸ਼ਟਰਾ ਦੀ ਨਗਰ ਪਾਲਿਕਾ ਚੋਣਾਂ ਅਤੇ ਕੇਰਲ ਦੀ ਲੋਕ ਸਭਾ ਉਪ ਚੋਣ ਵਿਚ ਕਾਂਗਰਸ ਧੜੇ ਦੀ ਹੋਈ ਜਿੱਤ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਆਉਂਦੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਕਾਂਗਰਸ ਦੀ ਜਿੱਤ ਦੀ ਉਮੀਦ ਪ੍ਰਗਟ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਦਾ ਨਤੀਜਾ ਜੀ.ਐਸ.ਟੀ ਅਤੇ ਨੋਟਬੰਦੀ ਦੀ ਪ੍ਰਤੀਕ੍ਰਿਆ ਹੋਣ ਦੇ ਨਾਲ ਨਾਲ ਲੋਕਾਂ ਦਾ ਅਕਾਲੀਆਂ ਤੋਂ ਮੋਹ ਭੰਗ ਹੋਣ ਦਾ ਨਤੀਜਾ ਵੀ ਹੈ ਜਿਨ੍ਹਾਂ ਦੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਆਗੂਆਂ ਨੇ ਭਾਜਪਾ ਦੇ ਉਮੀਦਵਾਰ ਦੇ ਹੱਕ ਵਿਚ ਤਿੱਖੀ ਚੋਣ ਮੁਹਿੰਮ ਕੀਤੀ। ਮੁੱਖ ਮੰਤਰੀ ਨੇ ਜਾਖੜ ਦੇ ਹੱਕ ਵੀ ਸਰਕਾਰੀ ਮਸ਼ੀਨਰੀ ਵਰਤੇ ਜਾਣ ਦੇ ਵਿਰੋਧੀ ਧਿਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਏਕੇ ਅਤੇ ਚੋਣ ਮੁਹਿੰਮ ਦੌਰਾਨ ਪਾਰਟੀ ਦੇ ਹਰੇਕ ਮੈਂਬਰ ਵੱਲੋਂ ਪਾਏ ਗਏ ਯੋਗਦਾਨ ਦੇ ਕਾਰਨ ਇਹ ਜਿੱਤ ਹੋਈ ਹੈ।

ਨਸ਼ੇ ਦੇ ਮਾਮਲੇ ਵਿਚ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਨਾ ਕਰਨ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਉਨ੍ਹਾਂ ਦੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਹਰੇਕ ਵਿਰੁੱਧ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਗਦ ਕਰਜ਼ਾ ਹੱਦਬੰਦੀ ਵਿਚ ਵਾਧਾ ਕਰਨ ਲਈ ਕੇਂਦਰ ਸਰਕਾਰ ਤੋਂ ਆਗਿਆ ਦੇਣ ਦੀ ਮੰਗ ਕੀਤੀ ਹੈ ਪਰ ਉਸ ਨੇ ਅਜੇ ਇਸ ਸਬੰਧੀ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਰਜ਼ੇ ਮੁਆਫੀ ਦੀ ਸਕੀਮ ਨੂੰ ਲਾਗੂ ਕਰਨ ਲਈ ਉਨ੍ਹਾਂ ਦੀ ਸਰਕਾਰ ਖੁਦ ਪ੍ਰਬੰਧ ਕਰੇਗੀ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ ਅਤੇ ਕਰਜ਼ੇ ਮੁਆਫੀ ਬਾਰੇ ਸੂਬਾ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਅਤੇ ਮੰਤਰੀ ਮੰਡਲ ਨੇ ਇਸ ਦੀ ਪ੍ਰਵਾਨਗੀ ਦਿੱਤੀ ਹੋਈ ਹੈ।

ਪਰਾਲੀ ਸਾੜਨ ਉੱਤੇ ਐਨ.ਜੀ.ਟੀ ਦੀ ਪਾਬੰਦੀ ਨੂੰ ਲਾਗੂ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਗੱਲ ਆਖਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਾਲੀ ਦੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਾਰ ਨਹੀਂ ਉਠਾ ਸਕਦੇ। ਉਨ੍ਹਾਂ ਨੇ ਭਾਰੀ ਆਰਥਿਕ ਬੋਝ ਦੇ ਹੇਠ ਪਹਿਲਾਂ ਹੀ ਰਹਿ ਰਹੇ ਕਿਸਾਨਾਂ ਉਤੇ ਹੋਰ ਜ਼ੁਰਮਾਨਾ ਲਾਉਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਬੋਝ ਕਾਰਨ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕੇਂਦਰ ਵੱਲੋਂ ਘੱਟੋ ਘੱਟ ਸਮਰਥਨ ਮੁੱਲ ਦੇ ਨਾਲ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਲਈ ਸੂਬੇ ਵੱਲੋਂ ਕੀਤੀ ਜਾ ਰਹੀ ਮੰਗ ਦੇ ਸਬੰਧ ਵਿਚ ਕਦਮ ਚੁਕਣੇ ਚਾਹੀਦੇ ਹਨ।

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਬਣਾਈ ਗਈ ਕਮੇਟੀ ਵੱਲੋਂ ਕੀਤੀ ਗਈ ਜਾਂਚ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਵੱਲੋਂ ਇਸ ਰਿਪੋਰਟ ਦਾ ਜਾਇਜ਼ਾ ਲਏ ਜਾਣ ਤੋਂ ਬਾਅਦ ਇਹ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

ਮੰਤਰੀ ਮੰਡਲ ਵਿਚ ਵਾਧਾ ਕੀਤੇ ਜਾਣ ਦੇ ਸਬੰਧ ਵਿਚ ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਸ ਬਾਰੇ ਫੈਸਲਾ ਲੈਣਗੇ।

ਗੁਰਦਾਸਪੁਰ ਤੋਂ ਕਾਂਗਰਸ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਇਹ ਜਿੱਤ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਉੱਤੇ ਮੋਹਰ ਹੈ। ਇਸ ਜਿੱਤ ਨੇ ਉਨ੍ਹਾਂ ਵਿਰੋਧੀਆਂ ਦੀ ਬੋਲਤੀ ਬੰਦ ਕਰਵਾ ਦਿੱਤੀ ਹੈ ਜਿਹੜੇ ਇਹ ਦਾਅਵਾ ਕਰਦੇ ਸਨ ਕਿ ਪੰਜਾਬ ਵਿਚ ਵਿਕਾਸ ਦੇ ਕਾਰਜ ਨਹੀਂ ਸ਼ੁਰੂ ਕੀਤੇ ਗਏ। ਉਨ੍ਹਾਂ ਕਿਹਾ ਕਿ ਹੱਦ ਦਰਜੇ ਦੀ ਘਟੀਆ ਅਤੇ ਲੋਕ ਵਿਰੋਧੀ ਸੋਚ ਦੇ ਕਾਰਨ ਅਕਾਲੀ ਲੀਡਰਸ਼ਿਪ ਦੀ ਹਾਰ ਹੋਈ ਹੈ ਅਤੇ ਇਹ ਨਤੀਜੇ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਿਚ ਕਿੱਲ ਸਾਬਤ ਹੋਣਗੇ।

ਜਾਖੜ ਨੇ ਸੰਸਦ ਵਿਚ ਜੀ.ਐਸ.ਟੀ, ਬੇਰੁਜ਼ਗਾਰੀ ਅਤੇ ਇਸ ਸਰਹੱਦੀ ਖੇਤਰ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੇ ਮੁੱਦੇ ਉਠਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਇਸ ਖੇਤਰ ਦੇ ਨੌ ਵਿਧਾਨ ਸਭਾ ਹਲਕਿਆਂ ਦੇ ਮੁੱਦਿਆਂ ਨੂੰ ਵੀ ਸੂਬਾ ਸਰਕਾਰ ਦੀ ਮਦਦ ਨਾਲ ਹੱਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਹੁਨਰ ਵਿਕਾਸ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ।

ਇਹ ਪੁੱਛੇ ਜਾਣ 'ਤੇ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਲੜਣਗੇ, ਜਾਖੜ ਨੇ ਕਿਹਾ ਕਿ ਉਹ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਇਹ ਪਾਰਟੀ ਹਾਈਕਮਾਨ ਉੱਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਦੇਵੇਗੀ ਉਹ ਉਸ ਨੂੰ ਨਿਭਾਉਣਗੇ।

SHARE ARTICLE
Advertisement

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM
Advertisement