
ਫ਼ਤਿਹਗੜ੍ਹ ਸਾਹਿਬ, 26 ਦਸੰਬਰ (ਸੁਰਜੀਤ ਸਿੰਘ ਸਾਹੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਤਿਹਗੜ੍ਹ ਸਾਹਿਬ ਸਬ-ਡਵੀਜ਼ਨ ਦੇ 55 ਪਿੰਡਾਂ 'ਤੇ ਆਧਾਰਤ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤਕ ਨਵੇਂ ਕੌਮੀ ਮਾਰਗ ਦਾ ਨਾਂ 'ਮਾਤਾ ਗੁਜਰੀ ਮਾਰਗ' ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜ ਦਿਤਾ ਹੈ। ਮੁੱਖ ਮੰਤਰੀ ਅੱਜ ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸ਼ਹੀਦੀ ਸਭਾ ਮੌਕੇ ਨਤਮਸਤਕ ਹੋਣ ਲਈ ਆਏ ਸਨ। ਉਨ੍ਹਾਂ ਨੇ ਸਰਹਿੰਦ ਵਿਚ ਨਵਾਂ ਬੱਸ ਅੱਡਾ ਬਣਾਉਣ ਦਾ ਵੀ ਐਲਾਨ ਕੀਤਾ, ਜਿਸ ਦਾ ਨਿਰਮਾਣ ਪੀ.ਆਰ.ਟੀ.ਸੀ. ਵਲੋਂ ਕੀਤਾ ਜਾਵੇਗਾ। ਫ਼ਤਿਹਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੇ ਮੁਗਲ ਹਕੂਮਤ ਦੇ ਜਬਰ-ਜ਼ੁਲਮ ਵਿਰੁਧ ਅਪਣਾ ਬਲਿਦਾਨ ਦਿਤਾ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫ਼ਤਿਹਗੜ੍ਹ ਸਾਹਿਬ ਸ਼ਹਿਰ ਵਿਚ ਸਰਹਿੰਦ ਚੋਅ ਦੇ ਕਿਨਾਰੇ ਪੱਕੇ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਇਸ ਲਈ 5.71 ਕਰੋੜ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਅਮਲ ਵਿਚ ਲਿਆਉਣ ਬਾਰੇ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਮਾਮੂਲੀ ਜਿਹੇ ਮਸਲੇ ਨੂੰ ਹੱਲ ਕਰ ਲਿਆ।ਪਟਿਆਲਾ ਤੋਂ ਪਨਿਆਲੀ ਤਕ (ਰੋਪੜ-ਫਗਵਾੜਾ ਰੋਡ 'ਤੇ) ਵਾਇਆ ਸਰਹਿੰਦ-ਫ਼ਤਹਿਗੜ੍ਹ ਸਾਹਿਬ-ਬੱਸੀ ਪਠਾਣਾ-ਮੋਰਿੰਡਾ ਜਾਣ ਵਾਲੇ ਨਵੇਂ ਕੌਮੀ ਮਾਰਗ ਸਬੰਧੀ ਮੁੱਖ ਮੰਤਰੀ ਨੇ ਦਸਿਆ ਕਿ ਇਸ ਬਾਰੇ ਤਜਵੀਜ਼ ਨੈਸ਼ਨਲ ਹਾਈਵੇ ਅਥਾਰਟੀ ਨੂੰ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ।
ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਉ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਨੇ ਇਸ ਉਪਰੰਤ ਪੰਗਤ 'ਚ ਬੈਠ ਕੇ ਸੰਗਤ ਦੇ ਨਾਲ ਗੁਰੂ ਕਾ ਲੰਗਰ ਵੀ ਛਕਿਆ। ਇਸ ਮੌਕੇ ਲੁਧਿਆਣਾ ਪਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ, ਬਲਾਚੌਰ ਤੋਂ ਵਿਧਾਇਕ ਚੌਧਰੀ ਬਲਬੀਰ ਲਾਲ, ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਕੁਮਾਰ ਪਾਂਡੇ, ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਵਿਧਾਇਕ ਕੁਲਦੀਪ ਸਿੰਘ ਵੈਦ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਵੀ ਹਾਜ਼ਰ ਸਨ।