
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਇਕਾਈ ਦਾ ਪੁਨਰਗਠਨ ਕਰਨ ਦਾ ਮਾਮਲਾ ਵਿਚਾਰਨ ਲਈ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ। ਪਾਰਟੀ ਦੇ ਬੁਲਾਰੇ ਨੇ ਦਸਿਆ ਕਿ ਮੀਟਿੰਗ ਦੌਰਾਨ ਵਿਚਾਰ-ਚਰਚਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ
ਢਾਂਚੇ ਦੇ ਪੁਨਰਗਠਨ ਦੁਆਲੇ ਕੇਂਦਰਿਤ ਸੀ ਤਾਂ ਕਿ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਪੁਖ਼ਤਾ ਤਿਆਰੀ ਕੀਤੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੈਸ਼ਨ ਪੰਜਾਬ ਵਿਚ ਕਰਾਉਣ ਦੀ ਸੰਭਾਵਨਾ 'ਤੇ ਵੀ ਵਿਚਾਰ ਕੀਤੀ ਜੋ ਮਾਰਚ-ਅਪ੍ਰੈਲ ਵਿਚ ਹੋਣ ਦੀ ਆਸ ਹੈ। ਇਸ ਦੌਰਾਨ ਮੁੱਖ ਮੰਤਰੀ ਨਾਲ ਸੂਬੇਦਾਰ (ਸੇਵਾਮੁਕਤ) ਬੀਰ ਸਿੰਘ ਦੀ ਅਗਵਾਈ ਵਿਚ ਸੇਵਾ ਮੁਕਤ ਸੈਨਿਕਾਂ ਦੇ ਪੰਜ ਮੈਂਬਰੀ ਵਫ਼ਦ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।