
ਜਲੰਧਰ/ਕਰਤਾਰਪੁਰ , 17 ਫ਼ਰਵਰੀ (ਅਮਰਿੰਦਰ ਸਿੱਧੂ , ਸੁਦੇਸ਼): ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਅੱਜ ਜੰਗ-ਏ-ਆਜ਼ਾਦੀ ਸਮਾਰਕ ਦੇ ਦੂਜੇ ਪੜਾਅ ਨੂੰ ਲੋਕ ਅਰਪਣ ਕਰਨ ਲਈ ਪੰਜਾਬ ਸਰਕਾਰ ਵਲੋਂ 6 ਮਾਰਚ ਨੂੰ ਕਰਵਾਏ ਜਾ ਰਹੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਸਮਾਰਕ ਵਿਖੇ ਇਕ ਬੈਠਕ ਕੀਤੀ।ਬੈਠਕ ਦੀ ਪ੍ਰਧਾਨਗੀ ਕਰਦਿਆਂ ਸ. ਸਿੱਧੂ ਨੇ ਕਿਹਾ ਕਿ 6 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਸਮਾਰਕ ਨੂੰ ਲੋਕ ਅਰਪਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਸੂਬਾ ਸਰਕਾਰ ਵਲੋਂ ਇਕ ਯਾਦਗਾਰੀ ਸਮਾਗਮ ਆਯੋਜਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰਕ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਇਕ ਢੁਕਵੀਂ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜ ਦੇ ਪੰਜਿਆਂ ਤੋਂ ਮੁਕਤ ਕਰਵਾਉਣ ਲਈ ਵੱਡਮੁਲੀਆਂ ਕੁਰਬਾਨੀਆਂ ਦਿਤੀਆਂ ਸਨ।
ਉਨ੍ਹਾਂ ਡਿਪਟੀ ਕਮਿਸ਼ਨਰ ਜਲੰਧਰ ਨੂੰ ਕਿਹਾ ਕਿ ਉਹ ਸਾਰੇ ਵਿਭਾਗਾਂ ਨਾਲ ਤਾਲਮੇਲ ਕਰ ਕੇ ਇਸ ਇਤਿਹਾਸਕ ਤੇ ਯਾਦਗਾਰੀ ਸਮਾਗਮ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਹੋਰ ਵੀ ਬੈਠਕਾਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਆਯੋਜਤ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਇਸ ਸਮਾਗਮ ਦੇ ਪ੍ਰਬੰਧਾਂ ਦੀ ਦੇਖ ਰੇਖ ਕਰੇਗਾ। ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਫ਼ਾਊਂਡੇਸ਼ਨ ਦੀ ਕਾਰਜਕਾਰੀ ਕਮੇਟੀ ਦੇ ਪ੍ਰਧਾਨ ਬਰਜਿੰਦਰ ਸਿੰਘ ਨੇ ਸ. ਸਿੱਧੂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੰਗ-ਏ-ਆਜ਼ਾਦੀ ਫ਼ਾਉਂਡੇਸ਼ਨ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿਤੀ।ਇਸ ਉਪਰੰਤ ਸ. ਸਿੱਧੂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਤੇ ਹੋਰ ਅਧਿਕਾਰੀਆਂ ਨੂੰ ਸਮਾਰਕ ਦਾ ਦੌਰਾ ਕਰ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਵਿਚਾਰ ਚਰਚਾ ਕੀਤੀ। ਇਸ ਵਿਚਾਰ ਚਰਚਾ ਦੌਰਾਨ ਆਉਣ ਵਾਲੇ ਪਤਵੰਤੇ ਸੱਜਣਾਂ ਲਈ ਖਾਨੇ,ਟ੍ਰੈਫ਼ਿਕ ਅਤੇ ਪਾਰਕਿੰਗ ਸੁਵਿਧਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।