
ਚੰਡੀਗੜ੍ਹ, 5 ਜਨਵਰੀ (ਨੀਲ ਭਲਿੰਦਰ ਸਿਂੰਘ) : ਮੁਖ ਵਿਰੋਧੀ ਧਿਰ ਆਮ ਆਦਮੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿੱਢੀ ਗਈ ਕਿਸਾਨਾਂ ਦੀ ਕਰਜ਼ਾ ਮਾਫ਼ੀ ਦੀ ਸਕੀਮ ਤਹਿਤ ਬਣਾਈਆਂ ਗਈਆਂ ਸੂਚੀਆਂ ਵਿਚ ਵੱਡੇ ਪੱਧਰ ਉਤੇ ਧਾਂਦਲੀ ਕੀਤੀ ਗਈ ਹੋਣ ਦਾ ਦੋਸ਼ ਲਾਇਆ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਆਖਿਆ ਕਿ ਉਕਤ ਧਾਂਦਲੀ ਅਧੀਨ ਕਰਜ਼ੇ ਦਾ ਸੰਤਾਪ ਝੱਲ ਰਹੇ ਜ਼ਰੂਰਤਮੰਦ ਗ਼ਰੀਬ ਕਿਸਾਨਾਂ ਨੂੰ ਅੱਖੋਂ-ਪਰੋਖੇ ਕਰ ਕੇ ਜ਼ਿਆਦਾ ਜ਼ਮੀਨਾਂ ਦੀ ਮਾਲਿਕੀ ਵਾਲੇ ਅਮੀਰ ਕਿਸਾਨਾਂ ਅਤੇ ਅਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਇਆ ਜਾ ਰਿਹਾ ਹੈ, ਜੋ ਕਿ ਛੋਟੇ ਅਤੇ ਦਰਮਿਆਨੇ ਪੱਧਰ ਦੇ ਕਿਸਾਨਾਂ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ। ਖਹਿਰਾ ਨੇ ਕਿਹਾ ਕਿ ਕਾਂਗਰਸੀ ਲੀਡਰਾਂ ਅਤੇ ਅਫਸਰਸ਼ਾਹੀ ਦੀ ਮਿਲੀਭੁਗਤ ਅਤੇ ਸਿਫ਼ਾਰਸ਼ਾਂ ਦੇ ਅਧਾਰ 'ਤੇ ਬਣਾਈਆਂ ਗਈਆਂ ਸੂਚੀਆਂ ਵਿਚ ਜ਼ਿਆਦਾਤਰ ਸਰਦੇ ਪੁੱਜਦੇ ਕਿਸਾਨਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ ਹੈ ਜਦਕਿ ਛੋਟੇ ਅਤੇ ਦਰਮਿਆਨੇ ਪੱਧਰ ਦੇ ਜ਼ਰੂਰਤਮੰਦ ਕਿਸਾਨ ਇਸ ਸਕੀਮ ਤੋਂ ਵਾਂਝੇ ਰਹਿ ਗਏ ਹਨ।
ਖਹਿਰਾ ਨੇ ਵਿਰੋਧੀ ਧਿਰ ਨੇ ਕੈਪਟਨ ਸਰਕਾਰ ਉੱਪਰ ਵਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਗਏ ਚੋਣ ਵਾਅਦੇ ਅਨੁਸਾਰ ਕਿਸਾਨਾਂ ਦਾ ਹਰ ਪ੍ਰਕਾਰ ਦਾ ਕਰਜ਼ਾ ਮਾਫ਼ ਕਰਨ ਦੀ ਬਜਾਏ ਸਿਰਫ਼ ਸਹਿਕਾਰੀ ਸੁਸਾਇਟੀਆਂ ਦਾ ਹੀ ਕਰਜ਼ਾ ਮਾਫ਼ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਨਾਲ ਰੱਜ ਕੇ ਧੋਖਾਧੜੀ ਕੀਤੀ ਜਾ ਰਹੀ ਹੈ। ਖਹਿਰਾ ਨੇ 7 ਜਨਵਰੀ ਨੂੰ ਮਾਨਸਾ ਵਿਖੇ ਕਰਜ਼ਾ ਮੁਆਫੀ ਦਾ ਡਰਾਮਾ ਕਰਨ ਲਈ ਆ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕਰਨ ਦਾ ਐਲਾਨ ਕੀਤਾ। ਇਸ ਮੋਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵਿਧਾਇਕ ਅਤੇ ਵਲੰਟੀਅਰ ਪਹੁੰਚਣਗੇ।
ਖਹਿਰਾ ਨੇ ਸਮੂਹ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ 7 ਜਨਵਰੀ ਨੂੰ ਸਵੇਰੇ 10 ਵਜੇ ਮਾਨਸਾ ਵਿਖੇ ਪਹੁੰਚ ਕੇ ਰੋਸ ਪ੍ਰਦਰਸ਼ਨ ਵਿਚ ਉਹਨਾਂ ਦਾ ਸਾਥ ਦੇਣ।