
ਅੰਮ੍ਰਿਤਸਰ, 20 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਮਦ ਤੇ ਸਿਵਲ, ਪੁਲਿਸ ਪ੍ਰਸਾਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸਿਵਲ ਕੱਪੜਿਆਂ ਵਿਚ ਪੁਲਿਸ ਤੇ ਖੁਫੀਆਂ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿਤੇ ਗਏ ਹਨ। ਅੰਮ੍ਰਿਤਸਰ ਰੇਂਜ ਦੇ 4 ਜ਼ਿਲ੍ਹਿਆਂ ਦੀ ਪੁਲਿਸ ਬਲ ਤਾਇਨਾਤ ਕਰ ਦਿਤੇ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਦਾ ਕੰਟਰੋਲ ਹੋਵੇਗਾ। ਇਸ ਦੌਰਾਨ ਜਸਟਿਨ ਟਰੂਡੋ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਭਾਰਤ ਯਾਤਰਾ ਹੱਥ ਮਿਲਾਉਣ ਅਤੇ ਤਸਵੀਰਾਂ ਖਿਚਵਾਉਣ ਦੇ ਮੌਕਿਆਂ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਨਾ ਸਿਰਫ਼ ਸਿਆਸੀ ਮੋਰਚੇ 'ਤੇ ਅੱਗੇ ਵਧਣਗੇ ਸਗੋਂ ਹੋਰ ਅਹਿਮ ਖੇਤਰਾਂ ਵਿਚ ਮਜ਼ਬੂਤ ਹੋਣਗੇ। ਜਸਟਿਨ ਟਰੂਡੋ ਕਰੀਬ ਇਕ ਘੰਟਾ ਤੋਂ ਵੱਧ ਸਮਾਂ ਸ੍ਰੀ ਹਰਿਮੰਦਰ ਸਾਹਿਬ ਰਹਿਣਗੇ। ਉਹ ਲੰਗਰ ਘਰ ਪਰਿਵਾਰ ਸਮੇਤ ਜਾਣਗੇ। ਕੈਨੇਡਾ ਦੇ ਪ੍ਰਧਾਨਮੰਤਰੀ ਦੀ ਸ੍ਰੀ ਦਰਬਾਰ ਸਾਹਿਬ ਅੰਦਰ ਠਹਿਰ ਦੌਰਾਨ ਸੰਗਤ ਨੂੰ ਬਾਹਰ ਹੀ ਰੋਕ ਲਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਵਜੀਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੈਨੇਡਾ ਦੇ ਪ੍ਰਧਾਨ ਜਸਟਿਨ ਟਰੂਡੋਂ ਦਾ ਸਵਾਗਤ ਕਰਨ ਲਈ ਪੁੱਜ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਜਸਟਿਨ ਟਰੂਡੋਂ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਬਾਅਦ ਪ੍ਰਸਿੱਧ ਹੋਟਲ ਤਾਜ ਵਿਚ ਹੋਵੇਗੀ। ਸ਼੍ਰੋਮਣੀ ਕਮੇਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਮਦ 'ਤੇ ਸਨਮਾਨ ਅਤੇ ਸਵਾਗਤ ਲਈ ਸੱਭ ਪ੍ਰਬੰਧ ਕਰ ਲਏ ਹਨ ਅਤੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀਆਂ ਵੀ ਲਗਾ ਦਿਤੀਆਂ ਹਨ।ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੁਰੱਖਿਆ, ਪਰੋਟੋਕੋਲ ਅਤੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਹਲਾ ਅਧਿਕਾਰੀਆਂ ਦੀ ਹਾਜ਼ਰੀ ਵਿਚ ਅੱਜ ਅਗਾਊਂ ਅਭਿਆਸ ਵੀ ਕੀਤਾ ਗਿਆ। ਡਾ. ਰੂਪ ਸਿੰਘ ਅਨੁਸਾਰ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਸੁਰੱਖਿਆ, ਪ੍ਰੋਟੋਕੋਲ ਅਧਿਕਾਰੀਆਂ ਅਤੇ ਹਾਈ ਕਮਿਸ਼ਨ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਗਏ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ।