ਮਾਨਸਾ : ਜਿਲਾ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਵਕੀਲ ਦੀ ਕੁੱਟਮਾਰ ਕਰਨ ਤੇ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਵੱਜੋਂ ਜਿਲਾ ਬਾਰ ਐਸੋਸੀਏਸ਼ਨ ਮਾਨਸਾ ਦੇ ਸੱਦੇ ਤੇ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ। ਜਦੋਂਕਿ ਪੁਲਿਸ ਦਾ ਕਹਿਣਾ ਹੈ ਕਿ ਵਕੀਲ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ।
ਜਿਲਾ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਦਰਸ਼ਨ ਸ਼ਰਮਾ ਨਾਮਕ ਵਕੀਲ ਦੀ ਉਸਦੇ ਹੀ ਚਾਚਾ ਜਗਦੇਵ ਸਿੰਘ ਨਾਲ ਝਗੜੇ ਵਿੱਚ ਕੁੱਟਮਾਰ ਕਰ ਦਿੱਤੀ ਗਈ ਸੀ। ਬੀਤੀ 17 ਅਕਤੂਬਰ ਨੂੰ ਵਾਪਰੀ ਇਸ ਘਟਨਾ ਵਿੱਚ ਪੁਲਿਸ ਵੱਲੋਂ ਬਣਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਜਿਲਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਸਮੂਹ ਵਕੀਲਾਂ ਨੇ ਜਿਲਾ ਕਚਹਿਰੀ ਵਿੱਚ ਧਰਨਾ ਪ੍ਰਦਰਸ਼ਨ ਕਰਕੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜੀ ਕੀਤੀ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਅਦਾਲਤਾਂ ਦਾ ਕੰਮ ਕਾਜ ਠੱਪ ਕਰ ਦਿੱਤਾ।
ਵਕੀਲਾਂ ਨੇ ਦੱਸਿਆ ਕਿ ਪੁਲਿਸ ਨੇ ਜੋ ਪਰਚਾ ਦਰਜ ਕੀਤਾ ਹੈ ਉਸ ਵਿੱਚ ਬਣਦੀਆਂ ਧਾਰਾਵਾਂ ਅਨੁਸਾਰ ਕਾਰਵਾਈ ਨਹੀ ਕੀਤੀ ਗਈ ਹੈ। ਵਕੀਲਾਂ ਨੇ ਕਿਹਾ ਕਿ ਜਦੋਂ ਤੱਕ ਬਣਦੀ ਕਾਰਵਾਈ ਨਹੀ ਕੀਤੀ ਜਾਵੇਗੀ ਸਾਡਾ ਧਰਨਾ ਜਾਰੀ ਰਹੇਗਾ।
ਉੱਧਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵਕੀਲ ਦੇ ਬਿਆਨ ਅਤੇ ਮੈਡੀਕਲ ਰਿਪੋਰਟ ਦੇ ਆਧਾਰ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਥਾਣਾ ਕੋਟਧਰਮੂ ਦੇ ਮੁੱਖ ਅਫਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਵਕੀਲ ਦਰਸ਼ਨ ਸ਼ਰਮਾ ਦੇ ਬਿਆਨ ਅਤੇ ਮੈਡੀਕਲ ਰਿਪੋਰਟ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਹੈ।