
ਜਲੰਧਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਸਿੱਖ ਰੈਜੀਮੈਂਟ 'ਚ ਤਾਇਨਾਤ ਲਾਂਸ ਨਾਇਕ ਮਨਦੀਪ ਸਿੰਘ ਜੋ ਪਿਛਲੇ ਦਿਨੀਂ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸਮੇਂ ਸ਼ਹੀਦ ਹੋ ਗਏ ਸਨ, ਦੇ ਪਰਿਵਾਰ ਨੂੰ 12 ਲੱਖ ਰੁਪਏ ਦੀ ਮਾਲੀ ਸਹਾਇਤਾ ਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਦੇਸ਼ ਲੈ ਕੇ ਅੱਜ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਸ਼ਹੀਦ ਲਾਂਸ ਨਾਇਕ ਮਨਦੀਪ ਸਿੰਘ ਦੇ ਜੱਦੀ ਪਿੰਡ ਚਾਹਲ ਖੁਰਦ 'ਚ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਪੰਜਾਬ ਕਾਂਗਰਸ ਅਤੇ ਪੰਜਾਬ ਸਰਕਾਰ ਵਲੋਂ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨਾਲ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੀ ਸਨ।
ਜ਼ਿਕਰਯੋਗ ਹੈ ਕਿ ਲਾਂਸ ਨਾਇਕ ਮਨਦੀਪ ਸਿੰਘ ਸ਼੍ਰੀਨਗਰ-ਕੁਪਵਾੜਾ ਕਿਰਨ ਸੈਕਟਰ 'ਚ ਗਸ਼ਤ ਦੌਰਾਨ ਸਰਹੱਦ ਪਾਰੋਂ ਘੁਸਪੈਠ ਦੀ ਤਾਕ 'ਚ ਬੈਠੇ ਅੱਤਵਾਦੀਆਂ ਦੇ ਨਾਲ ਹੋਈ ਮੁਠਭੇੜ 'ਚ ਸ਼ਹੀਦ ਹੋ ਗਏ ਸਨ।
ਉਨ੍ਹਾਂ ਕਿਹਾ ਕਿ ਸਰਹੱਦ 'ਤੇ ਫੌਜੀ ਲਗਾਤਾਰ ਸ਼ਹੀਦ ਹੋ ਰਹੇ ਹਨ ਅਤੇ ਪ੍ਰਧਾਨ ਮੰਤਰੀ ਮੋਦੀ ਚੁੱਪ ਵੱਟੀ ਬੈਠੇ ਹਨ। ਉਨ੍ਹਾਂ ਕਿਹਾ ਕਿ 56 ਇੰਚ ਦੀ ਛਾਤੀ ਹੋਣ ਦਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਹੁਣ ਪਾਕਿਸਤਾਨ ਵਿਰੁੱਧ ਢਿੱਲ ਕਿਉਂ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਫੌਜੀਆਂ ਦੀ ਸ਼ਹਾਦਤ ਦਾ ਮੁੱਦਾ ਉਹ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਉਣਗੇ।