
ਜਲੰਧਰ, 9 ਫ਼ਰਵਰੀ (ਅਮਰਿੰਦਰ ਸਿੱਧੂ, ਸੁਦੇਸ਼)Ê: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪਰਵਾਸੀ ਭਾਰਤੀਆਂ ਭਾਈਚਾਰੇ ਲਈ ਇਕ ਵਿਸ਼ੇਸ਼ ਸੈੱਲ ਸਥਾਪਤ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸੈੱਲ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਵਿਚ ਹਿੱਸੇਦਾਰ ਬਣਾਉਣ ਵਿਚ ਉਪਰਾਲੇ ਕਰੇਗਾ।ਅੱਜ ਇਥੇ ਜੱਟ ਐਕਸਪੋ ਕਿਸਾਨ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਐਨ.ਆਰ.ਆਈ ਭਰਾਵਾਂ ਨੂੰ ਪੰਜਾਬ ਦੇ ਵਿਕਾਸ ਵਿਚ ਹਿੱਸੇਦਾਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਭਰਾਵਾਂ ਦੀਆਂ ਸ਼ਿਕਾਇਤਾਂ ਤੇ ਹੋਰ ਮਸਲਿਆਂ ਦੇ ਹੱਲ ਲਈ ਇਹ ਸੈਲ ਸਥਾਪਤ ਕੀਤਾ ਜਾਵੇ ਜਿਸ ਲਈ ਇਕੋ ਛੱਤ ਹੇਠਾਂ ਉਨ੍ਹਾਂ ਦੇ ਸਾਰੇ ਮਸਲੇ ਹੱਲ ਹੋ ਸਕਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਐਨ.ਆਰ.ਆਈ ਭਰਾਵਾਂ ਨੂੰ ਅਪਣੀ ਮਾਤਰ ਭੂਮੀ ਨਾਲ ਜੋੜਨ ਵਿਚ ਵੱਡਾ ਸਹਿਯੋਗ ਮਿਲੇਗਾ। ਦੁਆਬੇ ਦੇ ਐਨ.ਆਰ.ਆਈ ਰਣਬੀਰ ਸਿੰਘ ਟੁੱਟ ਅਤੇ ਰਣਜੀਤ ਸਿੰਘ ਟੁੱਟ ਵਲੋਂ ਕਰਾਏ ਜਾਂਦੇ ਇਸ ਮੇਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡੇ ਐਨ.ਆਰ.ਆਈ ਭਰਾਵਾਂ ਦਾ ਪੰਜਾਬ ਦੇ ਕਿਸਾਨਾਂ ਪ੍ਰਤੀ ਪਿਆਰ ਦਾ ਇਜ਼ਹਾਰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਐਨ.ਆਰ.ਆਈ ਭਰਾਵਾਂ ਦੇ ਇਸ ਉਪਰਾਲੇ ਨਾਲ ਸਾਡੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਨੂੰ ਕਰਉਦੇ ਹਨ ਜੋ ਕਿ ਖੇਤਰਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਵਿਚ ਸਹਾਈ ਹੋਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਯੋਗ ਅਗਵਾਈ ਸਾਡੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਜਿਨ੍ਹਾਂ ਦੇ ਹੱਥਾਂ ਵਿਚ ਪੰਜਾਬ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸੂਬੇ ਦੇ ਹਿੱਤਾਂ ਨੂੰ ਦੇਖਦੇ ਹੋਏ ਪੁਰਾਲੀ ਅਤੇ ਹੋਰ ਮੁੱਦਿਆਂ ਤੇ ਸਹੀ ਫ਼ੈਸਲੇ ਲਏ ਜਾਣਗੇ।ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਵਾਰ-ਵਾਰ ਨਿਕਾਰੇ ਜਾ ਚੁੱਕੇ ਅਕਾਲੀ ਆਗੂਆਂ ਨੂੰ ਪੋਲ ਖੋਲੋ ਰੈਲੀਆਂ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਦੀ ਪੋਲ ਤਾਂ ਪੰਜਾਬ ਦੇ ਲੋਕ ਰੋਜ਼ ਉਨ੍ਹਾਂ ਨੂੰ ਕਰਾਰੀ ਹਾਰ ਦੇ ਕੇ ਖੋਲ ਰਹੇ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਦੀ ਉੱਪ ਚੋਣ ਅਤੇ ਜਲੰਧਰ ਅੰਮ੍ਰਿਤਸਰ ਤੇ ਪਟਿਆਲਾ ਦੀਆਂ ਨਿਗਮ ਚੋਣਾਂ ਵਿਚ ਅਕਾਲੀ ਦਲ ਨੂੰ ਵੱਡੀ ਹਾਰ ਦੇਖਣ ਨੂੰ ਮਿਲੀ ਹੈ।