
ਪੰਜਾਬ 'ਚ ਝੋਨੇ ਦੀ ਆਮਦ ਦਾ ਅੰਕੜਾ 185 ਲੱਖ ਮੀਟਰਕ ਟਨ ਤੋਂ ਪਾਰ : ਲਾਲ ਸਿੰਘ
ਸੰਗਰੂਰ ਪਹਿਲੇ ਅਤੇ ਲੁਧਿਆਣਾ ਦੂਜੇ ਸਥਾਨ 'ਤੇ
ਚੰਡੀਗੜ੍ਹ, 11 ਨਵੰਬਰ (ਦਿਲਮੋਹਨ) : ਸੂਬੇ ਦੀਆਂ ਮੰਡੀਆਂ ਵਿਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਹੁਣ ਤਕ ਝੋਨੇ ਦੀ ਆਮਦ ਦੇ ਮਾਮਲੇ ਵਿਚ ਸਫ਼ਲਤਾਪੂਰਵਕ 185 ਲੱਖ ਮੀਟਰਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦਸਿਆ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿਚ ਹੁਣ ਤਕ 185.66 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 181.09 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ | ਇਸ ਦੇ ਮੁਕਾਬਲੇ ਪਿਛਲੇ ਸਾਲ ਇਸ ਮਿਆਦ ਦੌਰਾਨ 186.16 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ |
ਉਨ੍ਹਾਂ ਇਹ ਵੀ ਦਸਿਆ ਕਿ ਮੰਡੀ ਬੋਰਡ ਵਲੋਂ 1873 ਨੋਟੀਫਾਈਡ ਮੰਡੀਆਂ ਸਮੇਤ 2722 ਖਰੀਦ ਕੇਂਦਰ ਅਤੇ 849 ਆਰਜ਼ੀ ਯਾਰਡ ਸਥਾਪਤ ਕੀਤੇ ਗਏ ਹਨ | ਚੇਅਰਮੈਨ ਨੇ ਅੱਗੇ ਦਸਿਆ ਕਿ ਝੋਨੇ ਦੀ ਆਮਦ ਦੇ ਮਾਮਲੇ ਵਿਚ ਸੰਗਰੂਰ ਜ਼ਿਲ੍ਹਾ 19.41 ਲੱਖ ਮੀਟਰਕ ਟਨ ਝੋਨੇ ਦੀ ਆਮਦ ਨਾਲ ਸੱਭ ਤੋਂ ਅੱਗੇ ਹੈ, ਇਸ ਤੋਂ ਬਾਅਦ ਲੁਧਿਆਣਾ ਅਤੇ ਪਟਿਆਲਾ ਹਨ ਜਿਥੇ ਕ੍ਰਮਵਾਰ 16.95 ਲੱਖ ਮੀਟਰਕ ਟਨ ਅਤੇ 14.27 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ | ਚੱਲ ਰਹੇ ਖਰੀਦ ਕਾਰਜਾਂ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੇ ਸਹਿਯੋਗ ਲਈ ਧਨਵਾਦ ਕਰਦਿਆਂ ਚੇਅਰਮੈਨ ਨੇ ਇਸ ਵੱਡੇ ਕਾਰਜ ਨੂੰ ਮੁਕੰਮਲ ਕਰਨ ਲਈ ਸਾਰੇ ਭਾਈਵਾਲਾਂ ਖ਼ਾਸ ਕਰ ਕੇ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ |