
ਪਾਕਿਸਤਾਨ ਦੇ ਪੇਸ਼ਾਵਰ ਵਿਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਦੋ ਸਿੱਖ ਕਾਰੋਬਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਦੋ ਸਿੱਖ ਕਾਰੋਬਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸਲਾਮਿਕ ਸਟੇਟ ਦੀ ਅਫਗਾਨ ਸ਼ਾਖਾ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਹਨਾਂ ਸਿੱਖਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਈਐਸਕੇਪੀ ਦੱਖਣੀ ਏਸ਼ੀਆ ਅਤੇ ਮੱਧ ਏਸ਼ੀਆ ਵਿਚ ਕੰਮ ਕਰ ਰਹੇ ਇਸਲਾਮਿਕ ਸਟੇਟ (IS) ਦਾ ਸਹਿਯੋਗੀ ਹੈ।
ਭਾਰਤ ਨੇ ਦੋ ਸਿੱਖਾਂ ਦੀ ਹੱਤਿਆ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ ਅਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਘਟਨਾ ਬਾਰੇ ਬੋਲਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, "ਅਸੀਂ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ 'ਤੇ ਪਾਕਿਸਤਾਨ ਸਰਕਾਰ ਕੋਲ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਅਸੀਂ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਹਿਣਾ ਚਾਹੁੰਦੇ ਹਾਂ। ਅਸੀਂ ਇਸ ਨਿੰਦਣਯੋਗ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।"
ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, "ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਆਪਣੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਭਲਾਈ ਦਾ ਧਿਆਨ ਰੱਖੇਗੀ।" ਦੱਸ ਦੇਈਏ ਕਿ ਬੀਤੇ ਦਿਨ ਪੇਸ਼ਵਾਰ ਵਿਚ ਥਾਣਾ ਸਦਰ ਦੇ ਪਿੰਡ ਬੱਤਾ ਤਿਲ ਬਜ਼ਾਰ ਵਿਚ ਡਬਗਰੀ ਗਾਰਡਨ ਦੇ ਕੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ। ਦੋਹਾਂ ਦੀ ਮਸਾਲਿਆਂ ਦੀ ਦੁਕਾਨ ਹੈ। ਇਸ ਘਟਨਾ ਤੋਂ ਬਾਅਦ ਪੇਸ਼ਵਾਰ ਦੇ ਸਿੱਖਾਂ ਦੇ ਮਨ ਵਿਚ ਗੁੱਸੇ ਦੀ ਲਹਿਰ ਹੈ।