
9 ਨਵੰਬਰ ਨੂੰ ਸੁਪਰੀਮ ਕੋਰਟ ਦੇ 50ਵੇਂ ਚੀਫ਼ ਜਸਟਿਸ ਵਜੋਂ ਲੈਣਗੇ ਹਲਫ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕੀਤੀ ਗਈ ਨਿਯੁਕਤੀ
ਨਵੀਂ ਦਿੱਲੀ : ਜਸਟਿਸ ਡੀ ਵਾਈ ਚੰਦਰਚੂੜ ਦੀ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੁ ਵਲੋਂ ਇਹ ਨਿਯੁਕਤੀ ਕੀਤੀ ਗਈ ਹੈ। ਜਸਟਿਸ ਡੀ ਵਾਈ ਚੰਦਰਚੂੜ 9 ਨਵੰਬਰ ਨੂੰ ਸੁਪਰੀਮ ਕੋਰਟ ਦੇ 50ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲੈਣਗੇ। ਉਨ੍ਹਾਂ ਦਾ ਕਾਰਜਕਾਲ ਦੋ ਸਾਲ ਦਾ ਹੈ। ਜ਼ਿਕਰਯੋਗ ਹੈ ਕਿ ਚੀਫ਼ ਜਸਟਿਸ ਯੂ.ਯੂ. ਲਲਿਤ ਅੱਠ ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ।
ਉਨ੍ਹਾਂ ਤੋਂ ਬਾਅਦ ਜਸਟਿਸ ਚੰਦਰਚੂੜ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਇੱਕ ਟਵੀਟ ਵਿੱਚ ਕਿਹਾ, ‘‘ਭਾਰਤੀ ਸੰਵਿਧਾਨ ਵੱਲੋਂ ਦਿੱਤੀ ਸ਼ਕਤੀ ਦੀ ਵਰਤੋਂ ਕਰਦਿਆਂ ਰਾਸ਼ਟਰਪਤੀ ਦ੍ਰੋਪਦੀ ਮੁਰਮੁ ਨੇ ਸੁਪਰੀਮ ਕੋਰਟ ਦੇ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂੜ ਨੂੰ 9 ਨਵੰਬਰ 2022 ਤੋਂ ਦੇਸ਼ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ।’’
ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਪੀ ਕੇ ਮਿਸ਼ਰਾ ਅਤੇ ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਜਸਟਿਸ ਚੰਦਰਚੂੜ ਨੂੰ ਰਾਸ਼ਟਰਪਤੀ ਦੇ ਦਸਤਖ਼ਤ ਵਾਲਾ ਨਿਯੁਕਤੀ ਪੱਤਰ ਨਿੱਜੀ ਤੌਰ ’ਤੇ ਸੌਂਪਿਆ ਅਤੇ ਬਾਅਦ ਵਿੱਚ ਰਸਮੀ ਨੋਟੀਫਿਕੇਸ਼ਨ ਰਾਹੀਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਇਸ ਅਹੁਦੇ ’ਤੇ ਬਣੇ ਰਹਿਣਗੇ। ਉਹ ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਵਾਈ.ਵੀ. ਚੰਦਰਚੂੜ ਦੇ ਪੁੱਤਰ ਹਨ, ਜੋ 1978 ਤੋਂ 1985 ਤੱਕ ਸੱਤ ਸਾਲ ਚਾਰ ਮਹੀਨੇ ਇਸ ਅਹੁਦੇ ’ਤੇ ਰਹਿ ਚੁੱਕੇ ਹਨ।