ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦਾ ਵਸਨੀਕ ਸੀ ਮ੍ਰਿਤਕ
ਘਨੌਰ : ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਦੇਹ ਜਦੋਂ ਪਿੰਡ ਜੰਡਮੰਘੋਲੀ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ।
ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਗੁਰਜੀਤ ਸਿੰਘ, ਕਰਨੈਲ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ ਨੌਂ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ, ਜਿੱਥੇ ਅਚਾਨਕ ਸਾਇਲੈਂਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇਕ ਭੈਣ ਨੂੰ ਛੱਡ ਗਿਆ ਹੈ।
