
ਸੰਗਤਾਂ ਵੱਲੋਂ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ
ਯੂਰਪ - ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਪੰਜਾਬ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਅਤੇ ਆਮ ਵਰਗ ਵਲੋਂ ਕੀਤਾ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਵਿਦੇਸ਼ਾਂ ਵਿਚ ਵਸਦੇ ਭਾਰਤੀ ਭਾਈਚਾਰੇ ਵਲੋਂ ਆਏ ਦਿਨ ਕਾਰ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਕੇ ਖੇਤੀ ਕਾਨੂੰਨ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਯੂਰਪ ਦੇ ਦੇਸ਼ ਇਟਲੀ ਵਿਚ ਵੀ ਆਏ ਦਿਨ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਵੱਖੋ-ਵੱਖ ਢੰਗ ਤਰੀਕਿਆਂ ਨਾਲ ਰੋਸ ਰੈਲੀਆਂ ਕਰਕੇ ਭਾਰਤ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Farmers Protest
ਇਸੇ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ (ਕਰੇਮੋਨਾ) ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰੇਮੋਨਾ ਸ਼ਹਿਰ ਵਿਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਨੇ ਹਿੱਸਾ ਲੈ ਕੇ ਕਿਸਾਨਾਂ ਦੇ ਹੱਕ ਦੇ ਵਿਚ ਨਾਅਰੇ ਲਗਾਏ ਅਤੇ ਸਰਕਾਰ ਵੱਲੋਂ ਬਣਾਏ ਤਿੰਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ।
Farmers Protest
ਸੰਗਤਾਂ ਵੱਲੋਂ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ ਇਹ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਡੂੰਘੀ ਠੇਸ ਪਹੁੰਚਾਈ ਗਈ ਹੈ। ਇਸ ਕਰਕੇ ਹੀ ਅੱਜ ਪੰਜਾਬ ਅਤੇ ਬਾਕੀ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਵਿਚ ਡੇਰੇ ਲਗਾਏ ਗਏ ਹਨ।
Farmers Protest
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ ਕਿਉਂਕਿ ਇਹ ਕਾਨੂੰਨ ਕਿਸਾਨਾਂ ਅਤੇ ਦੇਸ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਗੇ, ਜਿਸ ਦੀ ਜ਼ਿੰਮੇਵਾਰ ਕੇਂਦਰ ਦੀ ਸਰਕਾਰ ਹੋਵੇਗੀ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਤੋਰੇ ਦੀ ਪਿਚਨਾਰਦੀ ਦੀ ਸਮੂਹ ਪ੍ਰਬੰਧਕ ਕਮੇਟੀ ਮੈਂਬਰ, ਸਮੂਹ ਨੌਜਵਾਨ ਵਰਗ, ਬੀਬੀਆਂ ਅਤੇ ਸਮੂਹ ਸੰਗਤਾਂ ਵੱਲੋਂ ਵਿਸ਼ੇਸ਼ ਤੌਰ 'ਤੇ ਇਸ ਰੈਲੀ ਵਿੱਚ ਯੋਗਦਾਨ ਪਾ ਕੇ ਸਫ਼ਲ ਬਣਾਇਆ ਗਿਆ।