
ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ।
ਚੰਡੀਗੜ੍ਹ: ਡਾ: ਜਗਦੀਸ਼ ਸਿੰਘ ਜੋ ਪਹਿਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਤਾਇਨਾਤ ਸਨ, ਨੂੰ ਤਰੱਕੀ ਦੇ ਕੇ ਪੰਜਾਬ ਸਿਹਤ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਉਹ ਅੱਜ ਆਪਣੀ ਨਵੀਂ ਤਾਇਨਾਤੀ 'ਤੇ ਜੁਆਇਨ ਕਰ ਗਏ ਹਨ। ਆਪਣੀ ਨਵੀਂ ਤਾਇਨਾਤੀ ਤੇ ਹਾਜਰ ਹੋਣ ਤੋਂ ਤੁਰੰਤ ਬਾਅਦ ਡਾ.ਜਗਦੀਸ਼ ਸਿੰਘ ਨੇ ਪੰਜਾਬ ਸਰਕਾਰ ਦਾ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕਣ ਦਾ ਵੀ ਭਰੋਸਾ ਦਿੱਤਾ।
Jagdish Singh
ਡਾ: ਜਗਦੀਸ਼ ਸਿੰਘ ਸਾਲ 1991 ਵਿੱਚ ਸਿਹਤ ਵਿਭਾਗ ਵਿੱਚ ਮੈਡੀਕਲ ਅਫ਼ਸਰ ਵਜੋਂ ਭਰਤੀ ਹੋਏ, ਸਾਲ 2002 ਵਿੱਚ ਉਨ੍ਹਾਂ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਨੇਤਰ ਵਿਗਿਆਨ ਵਿੱਚ ਐਮ.ਐਸ. ਕੀਤੀ । ਉਨ੍ਹਾਂ ਨੂੰ ਸਾਲ 2016 ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਦਿੱਤੀ ਗਈ ਸੀ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਸੀ।
ਇੱਥੇ ਡਿਪਟੀ ਡਾਇਰੈਕਟਰ ਵਜੋਂ ਜੁਆਇਨ ਕਰਨ ਉਪਰੰਤ ਡਾ: ਜਗਦੀਸ਼ ਸਿੰਘ ਨੇ ਕਿਹਾ ਕਿ ਉਹ ਸਾਰੇ ਸਿਹਤ ਸਟਾਫ਼ ਨੂੰ ਆਪਣਾ ਪਰਿਵਾਰ ਸਮਝਦੇ ਹਨ ਅਤੇ ਉਨ੍ਹਾਂ ਵੱਲੋਂ ਸਟਾਫ਼ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਰਣਜੀਤ ਸਿੰਘ ਘੋਤੜਾ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ |