
ਆਸਟ੍ਰੇਲੀਆ ਵਿਚ ਰਹਿਣ ਵਾਲੇ ਸਿੱਖਾਂ ਵੱਲੋਂ ਵਿਕਟੋਰੀਆ ਦੀ ਪਾਰਲੀਮੈਂਟ ‘ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਦੀਵਾਨ ਸਜਾਇਆ ਗਿਆ
ਮੈਲਬਰਨ (ਪਰਮਵੀਰ ਸਿੰਘ ਆਹਲੂਵਾਲੀਆ): ਦੁਨੀਆ ਦੇ ਵੱਖ ਵੱਖ ਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਪਹਿਚਾਣ ਤੋਂ ਸਥਾਨਿਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਮੇਂ ਸਮੇਂ ਤੇ ਬਹੁਤ ਸਾਰੇ ਉਪਰਾਲੇ ਕੀਤੇ ਹਨ। ਇਸ ਤਰ੍ਹਾਂ ਦਾ ਇਕ ਉਪਰਾਲਾ ਆਸਟ੍ਰੇਲੀਆ ਵਿਚ ਰਹਿਣ ਵਾਲੇ ਸਿੱਖਾਂ ਵੱਲੋਂ ਕੀਤਾ ਗਿਆ ਹੈ। ਸਿੱਖਾ ਵੱਲੋਂ ਵਿਕਟੋਰੀਆ ਦੀ ਪਾਰਲੀਮੈਂਟ ‘ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਦੀਵਾਨ ਸਜਾਇਆ ਗਿਆ। ਮੈਲਬਰਨ ਦੀਆਂ ਸਮੂਹ ਸੰਗਤਾਂ ਵੱਲੋਂ ਇਸ ਦੀਵਾਨ ਵਿਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹੋਰਨਾਂ ਭਾਈਚਾਰੇ ਦੇ ਲੋਕਾਂ ਵੀ ਵੱਲੋਂ ਸ਼ਿਰਕਤ ਕੀਤੀ ਗਈ। ਇਸੇ ਦੌਰਾਨ ਸੰਗਤਾਂ ਨੇ ਇਲਾਹੀ ਬਾਣੀ ਦੇ ਕੀਰਤਨ ਦਾ ਆਨੰਦ ਵੀ ਮਾਣਿਆਂ।
Kirtan organised by Sikhs in Melbourne
ਦੱਸ ਦਈਏ ਕਿ ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਮੈਲਬਰਨ ਦੀਆਂ ਸਿੱਖ ਸੰਗਤਾਂ ਵੱਲੋਂ ਕੁਈਨਜ਼ਲੈਂਡ ਸੂਬੇ ਦੇ ਵੱਖ-ਵੱਖ ਗੁਰਦੁਆਰਾ ਸਹਿਬਾਨ ਗੁਰਦੁਆਰਾ ਸਿੰਘ ਸਭਾ ਟੈਂਗਮ, ਗੁਰਦੁਆਰਾ ਸਾਹਿਬ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ, ਗੁਰੂ ਨਾਨਕ ਸਿੱਖ ਟੈਂਪਲ ਇਨਾਲਾ, ਗੁਰੂ ਮਾਨਿਓ ਗ੍ਰੰਥ ਗੁਰਦੁਆਰਾ ਸਾਹਿਬ ਹੈਲਨਸਵੇਲ ਗੋਲਡਕੋਸਟ ਅਤੇ ਗੁਰਦੁਆਰਾ ਸਾਹਿਬ ਨਾਰੰਗ ਗੋਲਡਕੋਸਟ ਵਿਖੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
Vaisakhi at Melbourne
ਇਸ ਮੌਕੇ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਵੀ ਸਜਾਏ ਗਏ। ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮ੍ਰਿਤਮਈ ਬਾਣੀ ਦੇ ਅਖੰਠ ਪਾਠ ਜੀ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ।