
ਕਿਹਾ : ਜੇਕਰ ਸਾਡੇ ਬੱਚਿਆਂ ਨੂੰ ਇਨਸਾਫ਼ ਹੀ ਨਹੀਂ ਮਿਲੇਗਾ ਤਾਂ ਇਸ ਪੁਰਸਕਾਰ ਦਾ ਕੋਈ ਮਤਲਬ ਨਹੀਂ
ਚੰਡੀਗੜ੍ਹ: ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਆਏ ਦਰੋਣਾਚਾਰੀਆ ਐਵਾਰਡ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਅਪਣਾ ਪੁਰਸਕਾਰ ਵਾਪਸ ਕਰ ਦੇਣਗੇ।
ਇਹ ਵੀ ਪੜ੍ਹੋ: ਰਾਜੌਰੀ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਠਭੇੜ ਦੌਰਾਨ 2 ਜਵਾਨ ਸ਼ਹੀਦ
ਉਲੰਪਿਕ ਤਮਗ਼ਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ, ਵਿਸ਼ਵ ਚੈਂਪੀਅਨਸ਼ਿਪ ਤਮਗ਼ਾ ਜੇਤੂ ਵਿਨੇਸ਼ ਫੋਗਾਟ ਸਮੇਤ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਹਨ। ਮਹਾਵੀਰ ਫੋਗਾਟ ਨੇ ਕਿਹਾ, ''ਜੇਕਰ ਇਸ ਮਾਮਲੇ 'ਚ ਇਨਸਾਫ਼ ਨਾ ਮਿਲਿਆ ਤਾਂ ਮੈਂ ਅਪਣੇ ਤਮਗ਼ੇ ਵਾਪਸ ਕਰ ਦੇਵਾਂਗਾ”। ਉਨ੍ਹਾਂ ਕਿਹਾ, “ਜਿਸ ਤਰ੍ਹਾਂ ਦੇ ਇਲਜ਼ਾਮ ਹਨ, ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ”।
ਇਹ ਵੀ ਪੜ੍ਹੋ: ਦਿੱਲੀ 'ਚ ਹਸਪਤਾਲ 'ਚ ਮਹਿਲਾ ਮੁਲਾਜ਼ਮ ਦੇ ਦੰਦ ਤੋੜ ਕੇ ਕੀਤਾ ਬਲਾਤਕਾਰ
ਤਿੰਨ ਸਾਲ ਪਹਿਲਾਂ ਭਾਜਪਾ 'ਚ ਸ਼ਾਮਲ ਹੋਏ ਫੋਗਾਟ ਤੋਂ ਪੁਛਿਆ ਗਿਆ ਕਿ ਕੀ ਉਨ੍ਹਾਂ ਨੇ ਸਰਕਾਰ ਨਾਲ ਗੱਲ ਕੀਤੀ ਹੈ ਜਾਂ ਪਾਰਟੀ ਪਧਰ 'ਤੇ ਇਸ ਮੁੱਦੇ ਨੂੰ ਉਠਾਇਆ ਹੈ, ਤਾਂ ਉਨ੍ਹਾਂ ਕਿਹਾ, ''ਅਜਿਹਾ ਕੁਝ ਨਹੀਂ ਹੋਇਆ ਹੈ।'' ਇਸ ਦੌਰਾਨ ਹਰਿਆਣਾ ਵਿਚ ਕਈ ਖਾਪਾਂ ਨੇ ਵੀ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਹਿਸਾਰ, ਭਿਵਾਨੀ, ਜੀਂਦ ਅਤੇ ਰੋਹਤਕ ਵਿਚ ਕਈ ਖਾਪਾਂ ਨੇ ਪਹਿਲਵਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਮਹਾਵੀਰ ਫੋਗਾਟ ਪਹਿਲਵਾਨ ਗੀਤਾ ਅਤੇ ਬਬੀਤਾ ਫੋਗਾਟ ਦੇ ਪਿਤਾ ਅਤੇ ਵਿਨੇਸ਼ ਦੇ ਚਾਚਾ ਹਨ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸਰਕਾਰੀ ਸਕੂਲ ਦੀ ਅਧਿਆਪਿਕਾ ਦੀ ਮੌਤ, ਸਕੂਲ ਤੋਂ ਛੁੱਟੀ ਹੋਣ ਮਗਰੋਂ ਮ੍ਰਿਤਕ ਜਾ ਰਹੀ ਸੀ ਘਰ
ਉਧਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ 'ਚ ਧਰਨੇ 'ਤੇ ਬੈਠੇ ਪਹਿਲਵਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਦਿੱਲੀ ਪੁਲਿਸ ਨੂੰ ਨਿਰਪੱਖ ਜਾਂਚ ਕਰਨ ਦੇਣੀ ਚਾਹੀਦੀ ਹੈ। ਅਨੁਰਾਗ ਠਾਕੁਰ ਨੇ ਇਥੇ ਪੱਤਰਕਾਰਾਂ ਨੂੰ ਕਿਹਾ, “ਮੈਂ ਪ੍ਰਦਰਸ਼ਨ ਕਰ ਰਹੇ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਅਦਾਲਤ ਨੇ ਵੀ ਨਿਰਦੇਸ਼ ਦੇ ਦਿਤੇ ਹਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਪੂਰੀ ਹੋਣ ਦੇਣੀ ਚਾਹੀਦੀ ਹੈ”। ਉਨ੍ਹਾਂ ਕਿਹਾ, ‘‘ਦਿੱਲੀ ਪੁਲਿਸ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ ਅਤੇ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ”।