ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ
Published : Dec 6, 2022, 7:31 pm IST
Updated : Dec 6, 2022, 7:31 pm IST
SHARE ARTICLE
Chief Minister announced the establishment of 20 dedicated rural industrial hubs in the state
Chief Minister announced the establishment of 20 dedicated rural industrial hubs in the state

ਪੰਜਾਬ ਵਿੱਚ ਉਦਯੋਗਿਕ ਵਿਕਾਸ ਤੇ ਰੁਜ਼ਗਾਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਵੱਖ-ਵੱਖ ਜ਼ਿਲ੍ਹਿਆਂ ਦੀਆਂ ਖ਼ਾਸ ਵਸਤਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ` ਦਾ ਵਿਚਾਰ ਕੀਤਾ ਪੇਸ਼

ਨਿਵੇਸ਼ਕਾਂ ਦੀ ਸਹੂਲਤ ਲਈ ਰਾਜ ਵਿੱਚ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ


ਚੰਡੀਗੜ੍ਹ : ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ ਇਕ ਪਾਸੇ ਜਿੱਥੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉਥੇ ਦੂਜੇ ਪਾਸੇ ਪੇਂਡੂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜੇਗਾ।

ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਸਹੂਲਤ ਦੇਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਉਦਯੋਗਿਕ ਹੱਬਾਂ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਦੇ ਇੱਛੁਕ ਉਦਯੋਗਪਤੀਆਂ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਖ਼ਾਸ ਵਸਤਾਂ ਦੇ ਉਤਪਾਦਨ ਨੂੰ ਯਕੀਨੀ ਬਣਾਉਣ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ’ ਦਾ ਵਿਚਾਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਵਸਤਾਂ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਉੱਦਮੀਆਂ ਨੂੰ ਇਕ ਜ਼ਿਲ੍ਹੇ ਵਿੱਚੋਂ ਵਧੀਆ ਗੁਣਵੱਤਾ ਵਾਲੇ ਉਤਪਾਦ ਪੈਦਾ ਕਰਨ ਦੇ ਯੋਗ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਕਈ ਉਤਪਾਦਾਂ ਵਿੱਚ ਮੁਹਾਰਤ ਹੈ ਅਤੇ ਇਸ ਦੀ ਸੰਭਾਵਨਾ ਨੂੰ ‘ਇਕ ਜ਼ਿਲ੍ਹਾ, ਇਕ ਉਤਪਾਦ` ਉਤੇ ਕੇਂਦਰਿਤ ਕਰਕੇ ਅੱਗੇ ਵਧਾਇਆ ਜਾ ਸਕਦਾ ਹੈ।

ਇਕ ਹੋਰ ਏਜੰਡੇ `ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਉਦਯੋਗਾਂ ਲਈ ਸ਼ਾਂਤ ਮਾਹੌਲ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ, ਸੂਬੇ ਵਿੱਚ ਸਨਅਤੀ ਵਿਕਾਸ ਲਈ ਅਨੁਕੂਲ ਮਾਹੌਲ ਮੁਹੱਈਆ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਇਕ ਧੋਖਾ ਸੀ, ਜਿਸ ਵਿੱਚ ਕੋਈ ਸਾਰਥਿਕ ਮਕਸਦ ਨਹੀਂ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਹੌਸਲਾ ਘਟਾਇਆ, ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਸੱਟ ਮਾਰੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਮਿਆਰੀ ਸਹੂਲਤ ਵਜੋਂ ਕੰਮ ਕਰੇ। ਉਨ੍ਹਾਂ ਕਿਹਾ ਕਿ ਇਸ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਮੀਨੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਨਾਲ ਸਬੰਧਤ ਲੰਬਿਤ ਮਸਲਿਆਂ ਨੂੰ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿਧੀ ਨੂੰ ਹੋਰ ਸਰਲ ਬਣਾਇਆ ਜਾਵੇਗਾ।


ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਮਨ ਦੇ ਮਾਹੌਲ ਕਾਰਨ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਿਸੇ ਵੀ ਕੀਮਤ `ਤੇ ਇਸ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਰੋਸ ਪ੍ਰਦਰਸ਼ਨ ਹਰ ਕਿਸੇ ਦਾ ਜਮਹੂਰੀ ਹੱਕ ਹੈ ਪਰ ਇਸ ਦੇ ਬਹਾਨੇ ਸੂਬੇ ਦੀ ਆਰਥਿਕ ਤਰੱਕੀ ਨੂੰ ਲੀਹੋਂ ਲਾਹਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਦੌਰਾਨ ਉਦਯੋਗਪਤੀਆਂ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਨਿਵੇਸ਼ਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਵਿਸ਼ਵ ਭਰ ਵਿੱਚ ਉਦਯੋਗਾਂ ਦੇ ਧੁਰੇ ਵਜੋਂ ਉਭਰਨ ਲਈ ਖੁੱਲ੍ਹ ਦਿਲੀਂ ਨਾਲ ਯੋਗਦਾਨ ਪਾਉਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement