
ਥਾਣਾ ਵਲਟੋਹਾ ਵਿਖੇ NDPS ਐਕਟ ਤਹਿਤ ਮਾਮਲਾ ਦਰਜ
ਤਰਨ ਤਾਰਨ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇੱਕ ਕਿਲੋ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਬਗੈਰ ਨੰਬਰ ਤੋਂ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ ਐੱਸ ਪੀ ਡਾ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ ਐੱਚ ਓ ਜਗਦੀਪ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਪਿੰਡ ਮਹਿਮੂਦਪੁਰਾ ਪੁਲ ਸੂਆ 'ਤੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਹੀ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇੱਕ ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਨੇ ਨਿਰਮਲ ਸਿੰਘ ਉਰਫ਼ ਨਿੰਮਾ ਅਤੇ ਗੁਰਸੇਵਕ ਸਿੰਘ ਉਰਫ਼ ਸੇਵਕ ਮੋਟਰ ਸਾਈਕਲ 'ਤੇ ਕਿਸੇ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਦੀ ਤਾਂਘ ਵਿਚ ਇਸੇ ਇਲਾਕੇ ਵਿਚ ਘੁੰਮ ਰਹੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਨੇ ਆਪਣਾ ਇੱਕ ਗੈਂਗ ਬਣਾਇਆ ਹੋਇਆ ਹੈ ਜੋ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਨਾਕਾਬੰਦੀ ਦੌਰਾਨ ਜਦੋਂ ਚੈਕਿੰਗ ਕੀਤੀ ਤਾਂ ਨਿਰਮਲ ਸਿੰਘ ਦੇ ਲੱਕ ਨਾਲ ਬੰਨੇ ਪਰਨੇ ਵਿੱਚੋਂ 510 ਗ੍ਰਾਮ ਹੈਰੋਇਨ ਅਤੇ ਗੁਰਸੇਵਕ ਸਿੰਘ ਦੇ ਲੱਕ ਨਾਲ ਬੰਨ ਪਰਨੇ ਵਿੱਚ 490 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਉਕਤ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੌਰਾਨ ਪੁੱਛਗਿੱਛ ਇਹਨਾਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।