
ਕੁਸ਼ਤੀ ਸੰਘ ਦੇ ਕੁਝ ਅਧਿਕਾਰੀਆਂ ਨੇ ਇਨ੍ਹਾਂ ਮਹਿਲਾ ਪਹਿਲਵਾਨਾਂ ਤੱਕ ਪਹੁੰਚ ਕੀਤੀ ਹੈ
ਨਵੀਂ ਦਿੱਲੀ - ਭਾਰਤੀ ਕੁਸ਼ਤੀ ਸੰਘ ਖਿਲਾਫ਼ ਪਹਿਲਵਾਨਾਂ ਦਾ ਪ੍ਰਦਰਸ਼ਨ ਮੁੜ ਸ਼ੁਰੂ ਹੋ ਗਿਆ ਹੈ ਕੇ ਇਹ ਤੀਜੇ ਦਿਨ ਵੀ ਜਾਰੀ ਹੈ। ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਕਈ ਖਿਡਾਰੀ ਐਤਵਾਰ (23 ਅਪ੍ਰੈਲ) ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਦੀ ਹੜਤਾਲ ਜਾਰੀ ਹੈ। ਪਹਿਲਵਾਨਾਂ ਨੇ ਜਨਵਰੀ ਵਿਚ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਸੀ।
ਅੱਜ ਪਹਿਲਵਾਨਾਂ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਇਸ ਪ੍ਰੈਸ ਕਾਨਫਰੰਸ ਵਿਚ ਬਜਰੰਗ ਪੂਨੀਆ ਨੇ ਦੋਸ਼ ਲਗਾਇਆ ਹੈ ਕਿ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕਰਨ ਵਾਲੀਆਂ 7 ਮਹਿਲਾ ਪਹਿਲਵਾਨਾਂ 'ਤੇ ਸ਼ਿਕਾਇਤ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਕੁਸ਼ਤੀ ਸੰਘ ਦੇ ਕੁਝ ਅਧਿਕਾਰੀਆਂ ਨੇ ਇਨ੍ਹਾਂ ਮਹਿਲਾ ਪਹਿਲਵਾਨਾਂ ਤੱਕ ਪਹੁੰਚ ਕੀਤੀ ਹੈ, ਜਿਨ੍ਹਾਂ ਵਿਚ ਇੱਕ ਨਾਬਾਲਗ ਵੀ ਸ਼ਾਮਲ ਹੈ। ਇਨ੍ਹਾਂ ਪਹਿਲਵਾਨਾਂ ਨੂੰ ਆਪਣੀਆਂ ਸ਼ਿਕਾਇਤਾਂ ਵਾਪਸ ਲੈਣ ਲਈ ਕਿਹਾ ਗਿਆ ਹੈ
ਸਾਰਿਆਂ ਨੂੰ ਪੈਸੇ ਦਾ ਲਾਲਚ ਵੀ ਦਿੱਤਾ ਗਿਆ ਹੈ। ਪੂਨੀਆ ਨੇ ਇਹ ਵੀ ਕਿਹਾ ਕਿ ਕੁਸ਼ਤੀ ਸੰਘ ਦੇ ਅਧਿਕਾਰੀ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ 'ਤੇ ਦਬਾਅ ਬਣਾ ਰਹੇ ਹਨ। ਜੇਕਰ ਉਨ੍ਹਾਂ ਲੜਕੀਆਂ ਨੂੰ ਕੁਝ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪੁਲਿਸ ਦੀ ਹੋਵੇਗੀ। ਮੈਨੂੰ ਇਹ ਵੀ ਨਹੀਂ ਪਤਾ ਕਿ ਇਨ੍ਹਾਂ ਕੁੜੀਆਂ ਦੇ ਨਾਂ ਕਿਵੇਂ ਸਾਹਮਣੇ ਆਏ ਹਨ।
ਪਹਿਲਵਾਨਾਂ ਦੇ ਪ੍ਰਦਰਸ਼ਨ ਦੇ ਦੂਜੇ ਪੜਾਅ ਵਿਚ ਪਹਿਲੀ ਵਾਰ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਬਿਆਨ ਆਇਆ ਹੈ। ਬ੍ਰਿਜ ਭੂਸ਼ਣ ਨੇ ਕਿਹਾ, “ਇਹ ਮਾਮਲਾ ਸੁਪਰੀਮ ਕੋਰਟ ਵਿਚ ਹੈ। ਅਦਾਲਤ ਹੀ ਫ਼ੈਸਲਾ ਕਰੇਗੀ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਐੱਫਆਈਆਰ ਦਰਜ ਕਰਨ ਲਈ ਪਹਿਲਵਾਨਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੰਭੀਰ ਦੱਸਿਆ ਹੈ। ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਸੱਤ ਮਹਿਲਾ ਪਹਿਲਵਾਨਾਂ ਨੇ ਆਪਣੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿਚ ਐਫਆਈਆਰ ਦਰਜ ਨਾ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸੋਨੀਪਤ ਤੋਂ ਕਿਸਾਨਾਂ ਦਾ ਇੱਕ ਸਮੂਹ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਦੇ ਜੰਤਰ-ਮੰਤਰ ਲਈ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਡਬਲਯੂਐਫਆਈ ਮੁਖੀ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਉਹ ਦਿੱਲੀ ਤੋਂ ਵਾਪਸ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਲੱਖਾਂ ਕਿਸਾਨ ਜੰਤਰ-ਮੰਤਰ ਵਿਖੇ ਡੇਰਾ ਲਾਉਣਗੇ।
ਕਾਂਗਰਸ ਨੇ ਸੋਮਵਾਰ ਨੂੰ ਖਿਡਾਰੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਅੰਦੋਲਨਕਾਰੀ ਪਹਿਲਵਾਨਾਂ ਨੂੰ ਸਮਰਥਨ ਦਿੱਤਾ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ 'ਤੇ ਚੁੱਪੀ ਤੋੜਨ ਲਈ ਕਿਹਾ ਹੈ। ਆਲ ਇੰਡੀਆ ਮਹਿਲਾ ਕਾਂਗਰਸ ਦੀ ਮੁਖੀ ਡਿਸੂਜ਼ਾ ਨੇ ਵੀ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ।