
ਖੇਡ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਨੇ ਵੀ ਪੇਸ਼ਕਾਰੀ ਦਿੱਤੀ।
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ 'ਚ 'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ ਕੀਤਾ। ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਆਯੋਜਿਤ ਪ੍ਰੋਗਰਾਮ 'ਚ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਟੇਜ 'ਤੇ ਮੌਜੂਦ ਸਨ। ਖੇਡ ਮੇਲੇ ਦੇ ਉਦਘਾਟਨੀ ਸਮਾਰੋਹ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਨੇ ਵੀ ਪੇਸ਼ਕਾਰੀ ਦਿੱਤੀ।
ਉਹਨਾਂ ਤੋਂ ਇਲਾਵਾ ਸੂਫੀ ਗਾਇਕ ਜੋਤੀ ਨੂਰਾਂ ਤੇ ਸੁਲਤਾਨਾ ਨੂਰਾਂ ਨੇ ਖੇਡ ਮੇਲੇ ਵਿਚ ਰੌਣਕਾਂ ਲਗਾਈਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਵਾਲੀਬਾਲ ਜਰਸੀ ਪਾ ਕੇ ਖੇਡ ਮੈਦਾਨ ਵਿਚ ਉੱਤਰੇ। ਉਹਨਾਂ ਨੇ ਵਾਲੀਬਾਲ ਦੇ ਮੁਕਾਬਲੇ ਵਿਚ ਹਿੱਸਾ ਲਿਆ। ਇਸ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ।
ਮੀਂਹ ਕਾਰਨ ਢਾਈ ਘੰਟੇ ਦੇਰੀ ਨਾਲ ਸ਼ੁਰੂ ਹੋਏ ਪ੍ਰੋਗਰਾਮ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਲੰਧਰ ਦੇ ਸਾਰੇ ਵਿਦਿਅਕ ਅਦਾਰੇ 30 ਅਗਸਤ ਦਿਨ ਮੰਗਲਵਾਰ ਨੂੰ ਬੰਦ ਰਹਿਣਗੇ। ਅੱਜ ਦੇ ਸਮਾਗਮ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਛੁੱਟੀ ਦਾ ਐਲਾਨ ਕੀਤਾ।
ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਹਨ।