
ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦੀ ਥਾਂ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਫੈਕਟਰੀ ਦਾ ਜ਼ਹਿਰੀਲਾ ਪਾਣੀ
ਇਲਾਕੇ 'ਚ ਦਰਜਨ ਦੇ ਕਰੀਬ ਪਿੰਡ ਹੋ ਚੁੱਕੇ ਨੇ ਪ੍ਰਭਾਵਿਤ
ਬਲਾਚੌਰ : ਪੰਜਾਬ ਵਿਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਨਫਾਰਮਾ ਫੈਕਟਰੀ ਟੌਂਸਾ ਨੂੰ ਦੋ ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਕਤ ਫੈਕਟਰੀ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬਲਾਚੌਰ ਤਹਿਸੀਲ ਵਿਚ ਸਥਿਤ ਹੈ। ਸਨਅਤੀ ਕੇਂਦਰ ’ਚ ਸਥਿਤ ਫੈਕਟਰੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦੀ ਥਾਂ ਫੈਕਟਰੀਆਂ ਦੇ ਜ਼ਹਿਰੀਲੇ ਪਾਣੀ ਨੂੰ ਧਰਤੀ ਹੇਠਾਂ ਸੁੱਟਿਆ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਇਸ ਇਲਾਕੇ ਦੇ ਦਰਜਨ ਭਰ ਪਿੰਡਾਂ ਦਾ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਇੱਕ ਅਕਤੂਬਰ ਨੂੰ ਸਨਫਾਰਮਾ ਫੈਕਟਰੀ ਟੌਂਸਾ ਦਾ ਨਿਰੀਖਣ ਕੀਤਾ ਗਿਆ ਸੀ, ਜਿਸ ਦੌਰਾਨ ਫੈਕਟਰੀ ਏਰੀਏ ਵਿੱਚ ਗੰਦਾ ਪਾਣੀ ਖੜ੍ਹਾ ਮਿਲਿਆ ਜਿਸ ਨੂੰ ਸੋਧਿਆ ਨਹੀਂ ਗਿਆ ਸੀ। ਉਨ੍ਹਾਂ ਵਲੋਂ ਭੇਜੀ ਗਈ ਰਿਪੋਰਟ ਦੇ ਆਧਾਰ ’ਤੇ ਦੋ ਅਕਤੂਬਰ ਨੂੰ ਦੁਬਾਰਾ ਫਿਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫਤਰ ਦੀ ਟੀਮ ਵਲੋਂ ਜਾਂਚ ਕੀਤੀ ਗਈ ਜਿਸ ਦੇ ਆਧਾਰ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਲੋਂ ਫੈਕਟਰੀ ਨੂੰ 2 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।