
ਆਬੇ ਦੋ ਗੋਲੀਆਂ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਹੀ ਡਿੱਗ ਗਏ। ਉਹਨਾਂ ਨੂੰ ਹੈਲੀਕਾਪਟਰ ਰਾਹੀਂ ਨਾਰਾ ਮੈਡੀਕਲ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ।
ਟੋਕੀਓ: ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਰਅਸਲ ਅੱਜ ਸਵੇਰੇ ਉਹ ਸ਼ਹਿਰ ਵਿਚ ਚੋਣ ਮੁਹਿੰਮ ਦੌਰਾਨ ਭਾਸ਼ਣ ਦੇ ਰਹੇ ਸਨ, ਇਸੇ ਦੌਰਾਨ 42 ਸਾਲ ਦੇ ਵਿਅਕਤੀ ਨੇ ਉਹਨਾਂ ਉੱਤੇ ਹਮਲਾ ਕੀਤਾ। ਇਸ ਦੌਰਾਨ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਉਹ ਵਿਅਕਤੀ ਅਬੇ ਦੀਆਂ ਨੀਤੀਆਂ ਤੋਂ ਨਾਖੁਸ਼ ਸੀ।
ਆਬੇ ਦੋ ਗੋਲੀਆਂ ਲੱਗਣ ਤੋਂ ਥੋੜ੍ਹੀ ਦੇਰ ਬਾਅਦ ਹੀ ਡਿੱਗ ਗਏ। ਉਹਨਾਂ ਨੂੰ ਹੈਲੀਕਾਪਟਰ ਰਾਹੀਂ ਨਾਰਾ ਮੈਡੀਕਲ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ। 6 ਘੰਟੇ ਤੱਕ ਮੈਡੀਕਲ ਟੀਮ ਨੇ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਅਬੇ ਨੂੰ ਦਿਲ ਦਾ ਦੌਰਾ ਵੀ ਪਿਆ। ਘਟਨਾ ਭਾਰਤੀ ਸਮੇਂ ਅਨੁਸਾਰ ਸਵੇਰੇ 8 ਵਜੇ ਵਾਪਰੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਇਕ ਟਵੀਟ ਵਿਚ ਕਿਹਾ- ਅਬੇ ਨੇ ਭਾਰਤ-ਜਾਪਾਨ ਸਬੰਧਾਂ ਅਤੇ ਗਲੋਬਲ ਸਾਂਝੇਦਾਰੀ ਵਿਚ ਅਹਿਮ ਭੂਮਿਕਾ ਨਿਭਾਈ ਹੈ। ਅੱਜ ਪੂਰੇ ਭਾਰਤ ਵਿਚ ਸੋਗ ਹੈ। ਅਸੀਂ ਇਸ ਔਖੀ ਘੜੀ ਵਿਚ ਆਪਣੇ ਜਾਪਾਨੀ ਭੈਣਾਂ-ਭਰਾਵਾਂ ਦੇ ਨਾਲ ਖੜੇ ਹਾਂ। ਉਹਨਾਂ ਨੇ ਸ਼ਿੰਜੋ ਦੇ ਸਨਮਾਨ ਵਿਚ ਭਲਕੇ 9 ਜੁਲਾਈ ਨੂੰ ਰਾਸ਼ਟਰੀ ਸੋਗ ਦਾ ਵੀ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ 'ਤੇ ਦੁੱਖ ਪ੍ਰਗਟ ਕੀਤਾ ਹੈ। ਰਾਹੁਲ ਨੇ ਭਾਰਤ-ਜਾਪਾਨ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਉਹਨਾਂ ਦੇ ਯੋਗਦਾਨ ਨੂੰ ਯਾਦ ਕੀਤਾ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ਤੋਂ ਦੁਖੀ ਹਾਂ। ਭਾਰਤ ਅਤੇ ਜਾਪਾਨ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਵਿਚ ਉਹਨਾਂ ਦੀ ਭੂਮਿਕਾ ਸ਼ਲਾਘਾਯੋਗ ਸੀ। ਉਹ ਇੰਡੋ-ਪੈਸੀਫਿਕ ਵਿਚ ਇਕ ਮਜ਼ਬੂਤ ਵਿਰਾਸਤ ਛੱਡ ਗਏ। ਉਹਨਾਂ ਦੇ ਪਰਿਵਾਰ ਅਤੇ ਜਾਪਾਨ ਦੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ।