
ਭਾਰਤ ਸਮੇਤ ਕਈ ਦੇਸ਼ਾਂ ਦੇ ਹਾਈ ਕਮਿਸ਼ਨ ਨੇ ਕੈਨੇਡਾ ਵਿਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਓਟਾਵਾ: ਕੈਨੇਡਾ ਦੀ ਰਾਜਧਾਨੀ ਓਟਾਵਾ ਵਿਚ ਕੋਵਿਡ-19 ਵੈਕਸੀਨ ਨੂੰ ਲਾਜ਼ਮੀ ਕੀਤੇ ਜਾਣ ਤੋਂ ਬਾਅਦ ਟਰੂਡੋ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹਨ। ਅਜਿਹੇ 'ਚ ਭਾਰਤ ਸਮੇਤ ਕਈ ਦੇਸ਼ਾਂ ਦੇ ਹਾਈ ਕਮਿਸ਼ਨ ਨੇ ਕੈਨੇਡਾ ਵਿਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
Indian citizens in Canada urged to avoid protests
ਭਾਰਤ ਦੇ ਹਾਈ ਕਮਿਸ਼ਨ ਨੇ ਕੈਨੇਡਾ ਵਿਚ ਰਹਿੰਦੇ ਨਾਗਰਿਕਾਂ ਅਤੇ ਭਾਰਤ ਤੋਂ ਆਉਣ ਵਾਲੇ ਨਾਗਰਿਕਾਂ ਲਈ ਇਕ ਹੈਲਪਲਾਈਨ ਨੰਬਰ 6137443751 ਜਾਰੀ ਕੀਤਾ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੈਨੇਡਾ ਵਿਚ ਰਹਿ ਰਹੇ ਜਾਂ ਇੱਥੇ ਆਉਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਨੂੰ ਬੇਹੱਦ ਸਾਵਧਾਨ ਅਤੇ ਚੌਕਸ ਰਹਿਣ ਦੀ ਲੋੜ ਹੈ।
ਭਾਰਤੀ ਹਾਈ ਕਮਿਸ਼ਨ ਨੇ ਹੇਠ ਲਿਖੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ-
-ਉੱਚ ਪੱਧਰੀ ਸਾਵਧਾਨੀ ਵਰਤੋ ਅਤੇ ਸੁਚੇਤ ਰਹੋ
-ਡਾਊਨਟਾਊਨ ਓਟਾਵਾ ਵਰਗੇ ਖੇਤਰਾਂ ਤੋਂ ਦੂਰ ਰਹੋ, ਜਿੱਥੇ ਪ੍ਰਦਰਸ਼ਨ ਹੋ ਰਹੇ ਹਨ
-ਸਥਾਨਕ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰੋ
-ਮੌਜੂਦਾ ਸਥਿਤੀ ਦੀ ਜਾਣਕਾਰੀ ਲਈ ਸਥਾਨਕ ਮੀਡੀਆ ਨਾਲ ਜੁੜੇ ਰਹੋ
ਦੱਸ ਦੇਈਏ ਕਿ ਕੈਨੇਡਾ ਵਿਚ ਟਰੱਕ ਡਰਾਈਵਰਾਂ ਦੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਕੈਨੇਡਾ ਦੀ ਰਾਜਧਾਨੀ ਓਟਾਵਾ 'ਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਓਟਾਵਾ ਸਿਟੀ ਦੇ ਮੇਅਰ ਜਿਮ ਵਾਟਸਨ ਨੇ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਹੈ। ਅਜਿਹੇ 'ਚ ਸਖਤ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਲੋਕਾਂ ਦੀ ਮਦਦ ਕੀਤੀ ਜਾ ਸਕੇ।