
ਲੰਬੇ ਸਮੇਂ ਤੋਂ ਦੇਸ਼ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ, ਜਿਸ 'ਚ ਲੋਕ ਉਹਨਾਂ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ।
ਕੋਲੰਬੋ: ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਲੰਬੇ ਸਮੇਂ ਤੋਂ ਦੇਸ਼ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ, ਜਿਸ 'ਚ ਲੋਕ ਉਹਨਾਂ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਸ੍ਰੀਲੰਕਾ ਦੀ ਅਰਥਵਿਵਸਥਾ ਦੇ ਢਹਿ-ਢੇਰੀ ਹੋ ਜਾਣ ਕਾਰਨ ਰਾਜਪਕਸ਼ੇ ਚੌਤਰਫਾ ਆਲੋਚਨਾਵਾਂ 'ਚ ਘਿਰ ਗਏ ਸਨ। ਪ੍ਰਦਰਸ਼ਨਕਾਰੀ ਮਹਿੰਦਾ ਰਾਜਪਕਸ਼ੇ ਦੇ ਭਰਾ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਅਸਤੀਫੇ ਦੀ ਵੀ ਮੰਗ ਕਰ ਰਹੇ ਹਨ।
Sri Lanka PM Mahinda Rajapaksa resigns
ਇਸ ਤੋਂ ਪਹਿਲਾਂ ਆਈਆਂ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਅਪੀਲ ਕੀਤੀ ਹੈ ਪਰ ਮਹਿੰਦਾ ਰਾਜਪਕਸ਼ੇ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਹਨਾਂ ਕਿਹਾ ਕਿ ਰਾਸ਼ਟਰਪਤੀ ਵੱਲੋਂ ਅਜਿਹੀ ਕੋਈ ਬੇਨਤੀ ਨਹੀਂ ਕੀਤੀ ਗਈ ਹੈ ਅਤੇ ਉਹ ਅਸਤੀਫ਼ਾ ਨਹੀਂ ਦੇਣਗੇ। ਸ੍ਰੀਲੰਕਾਈ ਮੀਡੀਆ ਅਨੁਸਾਰ ਮਹਿੰਦਾ ਰਾਜਪਕਸ਼ੇ ਨੇ ਸੱਤਾਧਾਰੀ ਐਸਐਲਪੀਪੀ ਅਤੇ ਸਹਿਯੋਗੀਆਂ ਦਰਮਿਆਨ ਲੰਬੀ ਚਰਚਾ ਤੋਂ ਬਾਅਦ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
ਸ੍ਰੀਲੰਕਾ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੇਸ਼ ਵਿਆਪੀ ਕਰਫਿਊ ਲਗਾ ਦਿੱਤਾ। ਇਸ ਦੌਰਾਨ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦਫ਼ਤਰ ਦੇ ਬਾਹਰ ਸਰਕਾਰ ਪੱਖੀ ਸਮੂਹਾਂ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਹਮਲਾ ਕਰਨ ਤੋਂ ਬਾਅਦ ਰਾਜਧਾਨੀ ਕੋਲੰਬੋ ਵਿਚ ਫੌਜ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਹਮਲੇ 'ਚ ਘੱਟੋ-ਘੱਟ 23 ਲੋਕ ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੁਆਰਾ ਇਕ ਪੁਲਿਸ ਬੁਲਾਰੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਗਲੇ ਨੋਟਿਸ ਤੱਕ ਸ੍ਰੀਲੰਕਾ ਵਿਚ ਤੁਰੰਤ ਪ੍ਰਭਾਵ ਨਾਲ ਕਰਫਿਊ ਲਗਾਇਆ ਗਿਆ ਹੈ।
Sri Lanka PM Mahinda Rajapaksa resigns
ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਮਦਦ ਲਈ ਪ੍ਰਦਰਸ਼ਨ ਵਾਲੀ ਥਾਂ 'ਤੇ ਫੌਜ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸ਼ੁੱਕਰਵਾਰ ਨੂੰ ਕੈਬਨਿਟ ਦੀ ਵਿਸ਼ੇਸ਼ ਬੈਠਕ 'ਚ ਰਾਸ਼ਟਰਪਤੀ ਰਾਜਪਕਸ਼ੇ ਨੇ ਸ਼ੁੱਕਰਵਾਰ ਅੱਧੀ ਰਾਤ ਤੋਂ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ। ਲਗਭਗ ਇਕ ਮਹੀਨੇ ਦੇ ਅਰਸੇ ਵਿਚ ਸ੍ਰੀਲੰਕਾ ਵਿਚ ਇਹ ਦੂਜੀ ਵਾਰ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਸ੍ਰੀਲੰਕਾ 1948 ਵਿਚ ਬ੍ਰਿਟੇਨ ਤੋਂ ਆਜ਼ਾਦ ਹੋਣ ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਗੰਭੀਰ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਸੰਕਟ ਮੁੱਖ ਤੌਰ 'ਤੇ ਵਿਦੇਸ਼ੀ ਮੁਦਰਾ ਦੀ ਕਮੀ ਦੇ ਕਾਰਨ ਪੈਦਾ ਹੋਇਆ, ਜਿਸਦਾ ਮਤਲਬ ਹੈ ਕਿ ਦੇਸ਼ ਮੁੱਖ ਖੁਰਾਕੀ ਵਸਤੂਆਂ ਅਤੇ ਈਂਧਨ ਦੀ ਦਰਾਮਦ ਲਈ ਭੁਗਤਾਨ ਕਰਨ ਵਿਚ ਅਸਮਰੱਥ ਹੈ।