ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ
ਇਟਲੀ: ਇਟਲੀ ਦੇ ਜ਼ਿਲ੍ਹਾ ਬੈਰਗਮੋ ਵਿਖੇ ਸਥਿਤ ਗੁਰਦੁਆਰਾ ਮਾਤਾ ਕੌਰ ਜੀ ਕੋਵੋ ਦੁਆਰਾ ਮਹਾਨ ਨਗਰ ਕੀਰਤਨ ਸਜਾਇਆ ਗਿਆ। ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ। ਇਸ ਮੌਕੇ ਵੱਖ ਵੱਖ ਰਾਗੀ ਜੱਥਿਆਂ ਵੱਲੋਂ ਸਾਰੀਆਂ ਸੰਗਤਾਂ ਨੂੰ ਕੀਰਤਨ ਦੇ ਨਾਲ ਨਿਹਾਲ ਕੀਤਾ ਗਿਆ। ਵਿਦੇਸ਼ ਦੀ ਧਰਤੀ ਤੇ ਜਨਮੇ ਬੱਚਿਆਂ ਨੇ ਸਿੱਖ ਪਹਿਰਾਵਾ ਪਹਿਨ ਕੇ ਰਾਜ ਕਰੇਗਾ ਖਾਲਸਾ ਦੇ ਜੈਕਾਰੇ ਲਗਾਏ। ਸ਼ਾਮ ਨੂੰ ਕੋਵੋ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਮਾਪਤ ਹੋਇਆ। ਜਿੱਥੇ ਕਿ ਸਿੱਖ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਦੇ ਨਾਲ ਸਵਾਗਤ ਕੀਤਾ ਗਿਆ। ਸ਼ਾਮ ਨੂੰ ਨਗਰ ਕੀਰਤਨ ਤੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਸਾਹਿਬਜ਼ਾਦਾ ਅਜੀਤ ਸਿੰਘ ਸਾਹਿਬਜਾਦਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ।
ਗੁਰਦੁਆਰਾ ਸਾਹਿਬ ਦੇ ਬਾਹਰ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਜਿੱਥੇ ਇਟਲੀ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਭਾਈ ਅੰਗਰੇਜ ਸਿੰਘ ਜਾਂਗਲਾ ਅਤੇ ਸਾਥੀਆਂ ਦੁਆਰਾ ਪੰਡਾਲ ਵਿੱਚ ਜੁੜ ਬੈਠੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਸੇਵਾਦਾਰਾਂ ਵੱਲੋ ਆਈਆਂ ਸੰਗਤਾਂ ਦੇ ਲਈ ਕਈ ਤਰ੍ਹਾਂ ਦੇ ਸਟਾਲ ਲਾ ਕੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ ਜਿੱਥੇ ਕਿ ਇਟਲੀ ਦੇ ਵੱਖ ਵੱਖ ਗੁਰਦੁਆਰਿਆਂ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾ ਮੌਜੂਦ ਸਨ, ਉੱਥੇ ਹੀ ਬੈਰਗਮੋ ਜ਼ਿਲੇ ਅਤੇ ਕੋਵੋ ਕਮੂਨੇ ਦੇ ਅਧਿਕਾਰੀ ਅਤੇ ਪੁਲਿਸ ਕਰਮੀ ਵੀ ਮੌਜੂਦ ਸਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੰਭਾਲ ਦਮਦਮੀ ਟਕਸਾਲ (ਪੰਚ ਪ੍ਰਧਾਨੀ) ਇਟਲੀ ਦੇ ਸਮੂਹ ਸੇਵਾਦਾਰਾਂ ਵੱਲੋਂ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ। ਇਸ ਮੌਕੇ ਦਸਤਾਰ ਲਹਿਰ ਇਟਲੀ ਵਾਲੇ ਸੇਵਾਦਾਰਾਂ ਵੱਲੋਂ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆਂ ਆਖਿਆ। ਗੁਰਦੁਆਰਾ ਮਾਤਾ ਸਾਹਿਬ ਕੌਰ ਕੋਵੋ ਦੇ ਮੁੱਖ ਸੇਵਾਦਾਰ ਭਾਈ ਰਜਿੰਦਰ ਸਿੰਘ ਰੰਮੀ ਦੁਆਰਾ ਸੰਗਤਾਂ ਨੂੰ ਨਗਰ ਕੀਰਤਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰਬਾਣੀ ਅਨੁਸਾਰ ਹਰ ਸਿੱਖ ਨੂੰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।
