
ਪੰਜਾਬ ਸੂਬੇ ਦੇ ਗ੍ਰਹਿ ਵਿਭਾਗ ਨੇ ਫ਼ੌਜ ਦੀਆਂ ਦਸ ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਸੂਬੇ 'ਚ ਸਥਿਤੀ 'ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਫ਼ੌਜ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਫ਼ੌਜ ਦੀ ਮਦਦ ਲੈਣ ਦਾ ਫ਼ੈਸਲਾ ਪੰਜਾਬ ਦੀ ਸੂਬਾ ਸਰਕਾਰ ਨੇ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 245 ਤਹਿਤ ਲਿਆ ਹੈ। ਇਸ ਧਾਰਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਲਈ ਫ਼ੌਜ ਦੀ ਮਦਦ ਲੈਣ ਦੀ ਵਿਵਸਥਾ ਕੀਤੀ ਗਈ ਹੈ। ਪੰਜਾਬ ਸੂਬੇ ਦੇ ਗ੍ਰਹਿ ਵਿਭਾਗ ਨੇ ਫ਼ੌਜ ਦੀਆਂ ਦਸ ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਨੂੰ ਲਾਹੌਰ, ਮੁਲਤਾਨ, ਰਾਵਲਪਿੰਡੀ, ਫੈਸਲਾਬਾਦ ਅਤੇ ਕੁੱਝ ਹੋਰ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡਾ ਹਾਦਸਾ, ਆਪਸ 'ਚ ਟਕਰਾਏ 3 ਵਾਹਨ, 15 ਲੋਕ ਜ਼ਖ਼ਮੀ
ਇਸ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਦੀ ਸੁਣਵਾਈ ਦੌਰਾਨ ਐਨਏਬੀ ਨੇ ਇਮਰਾਨ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਉਧਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਅਪਣੇ ਮੁਖੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਵਿਰੁਧ ਬੁੱਧਵਾਰ ਨੂੰ ਦੇਸ਼ ਵਿਆਪੀ ਬੰਦ ਦਾ ਸੱਦਾ ਦਿਤਾ ਹੈ, ਜਿਸ ਕਾਰਨ ਦੇਸ਼ ਵਿਚ ਦੂਜੀ ਵਾਰ ਵੱਡੇ ਪਧਰ ’ਤੇ ਹਿੰਸਾ ਹੋਣ ਦੀ ਸੰਭਾਵਨਾ ਹੈ। ਇਮਰਾਨ ਦੀ ਪਾਰਟੀ ਨੇ ਦਾਅਵਾ ਕੀਤਾ ਕਿ ਸੁਰੱਖਿਆ ਬਲਾਂ ਅਤੇ ਪੀਟੀਆਈ ਵਿਚਾਲੇ ਹਿੰਸਕ ਝੜਪਾਂ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਘੱਟੋ-ਘੱਟ 3 ਲੋਕ ਮਾਰੇ ਗਏ ਅਤੇ 12 ਤੋਂ ਵੱਧ ਜ਼ਖਮੀ ਹੋ ਗਏ। ਪਾਕਿਸਤਾਨੀ ਮੀਡੀਆ ਮੁਤਾਬਕ ਪੂਰੇ ਮੁਲਕ ਵਿਚ ਇੰਟਰਨੈੱਟ ਬੰਦ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ: ਕਾਂਗਰਸ ਅਤੇ ਭਾਜਪਾ ਦਾ ਇਲਜ਼ਾਮ, ‘ਆਪ ਨੇ ਬਾਹਰੀ ਲੋਕਾਂ ਨੂੰ ਲਗਾਇਆ ਪੋਲਿੰਗ ਏਜੰਟ’
ਜ਼ਿਕਰਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਦੇ ਅਰਧਸੈਨਿਕ ਬਲਾਂ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਬੀਏ) ਦੇ ਹੁਕਮਾਂ ’ਤੇ ਇਮਰਾਨ ਖ਼ਾਨ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦ ਉਹ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿਚ ਮੌਜੂਦ ਸਨ। ਸਾਬਕਾ ਕ੍ਰਿਕਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਸਮਰਥਕਾਂ ਨੇ ਪੂਰੇ ਦੇਸ਼ ਵਿਚ ਵੱਡੇ ਪਧਰ ’ਤੇ ਪ੍ਰਦਰਸ਼ਨ ਕੀਤਾ।