
China appeals to India and Pakistan: ਕਿਹਾ, ਚੀਨ ਦੌਹਾਂ ਦੇਸ਼ਾਂ ਵਿਚਕਾਰ ਰਚਨਾਤਮਕ ਭੂਮਿਕਾ ਨਿਭਾਉਣ ਲਈ ਤਿਆਰ
China appeals to India and Pakistan to maintain peace and restraint Latest News in Punjabi : ਬੀਜਿੰਗ : ਚੀਨ ਨੇ ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਨੂੰ ਸ਼ਾਂਤੀ ਅਤੇ ਸੰਜਮ ਵਰਤਣ ਅਤੇ ਸ਼ਾਂਤੀਪੂਰਨ ਹੱਲ ਦੇ ਰਾਹ 'ਤੇ ਵਾਪਸ ਆਉਣ ਦੀ "ਜ਼ੋਰਦਾਰ" ਅਪੀਲ ਕੀਤੀ। ਚੀਨੀ ਵਿਦੇਸ਼ ਮੰਤਰਾਲੇ ਵਲੋਂ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਚੀਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀ ਸਥਿਤੀ 'ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ ਅਤੇ ਤਣਾਅ ਵਧਣ 'ਤੇ ਬਹੁਤ ਚਿੰਤਤ ਹੈ। ਮੰਤਰਾਲੇ ਦੇ ਬੁਲਾਰੇ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ, ‘ਅਸੀਂ ਦੋਵਾਂ ਧਿਰਾਂ ਨੂੰ ਸ਼ਾਂਤੀ ਅਤੇ ਸਥਿਰਤਾ ਦੇ ਵੱਡੇ ਹਿੱਤ ਵਿਚ ਕੰਮ ਕਰਨ, ਸ਼ਾਂਤੀ ਅਤੇ ਸੰਜਮ ਬਣਾਈ ਰੱਖਣ, ਸ਼ਾਂਤੀਪੂਰਨ ਤਰੀਕਿਆਂ ਨਾਲ ਰਾਜਨੀਤਿਕ ਹੱਲ ਦੇ ਰਾਹ 'ਤੇ ਵਾਪਸ ਆਉਣ ਅਤੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਦੀ ਜ਼ੋਰਦਾਰ ਅਪੀਲ ਕਰਦੇ ਹਾਂ, ਜਿਸ ਨਾਲ ਤਣਾਅ ਹੋਰ ਵਧ ਸਕਦਾ ਹੈ।
ਜਾਣਕਾਰੀ ਅਨੁਸਾਰ ਚੀਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਮੌਜੂਦਾ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਇਹ ਟਿੱਪਣੀ ਚੀਨ ਦੇ ਵਿਦੇਸ਼ ਮੰਤਰਾਲੇ ਨੇ ਅੱਜ ਸਵੇਰੇ ਕੀਤੀ ਹੈ।
ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਪਾਕਿਸਤਾਨ ਦੇ ਦੋਸ਼ਾਂ ਬਾਰੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਭਾਰਤ ਨੇ 10 ਮਈ ਦੀ ਸਵੇਰ ਨੂੰ ਨੂਰ ਖ਼ਾਨ ਏਅਰ ਬੇਸ ਅਤੇ ਹੋਰ ਸਥਾਪਨਾਵਾਂ 'ਤੇ ਹਮਲਾ ਕੀਤਾ ਸੀ।
ਇਸ ਵਿਚ ਕਿਹਾ ਗਿਆ ਹੈ ਕਿ ਇਹ ਭਾਰਤ ਅਤੇ ਪਾਕਿਸਤਾਨ ਦੋਵਾਂ ਦੇ ਬੁਨਿਆਦੀ ਹਿੱਤਾਂ ਅਤੇ ਇਕ ਸਥਿਰ ਅਤੇ ਸ਼ਾਂਤੀਪੂਰਨ ਖੇਤਰ ਲਈ ਮਹੱਤਵਪੂਰਨ ਹੋਵੇਗਾ। ਅੰਤਰਰਾਸ਼ਟਰੀ ਭਾਈਚਾਰਾ ਵੀ ਇਹੀ ਉਮੀਦ ਕਰਦਾ ਹੈ। ਚੀਨ ਇਸ ਦਿਸ਼ਾ ਵਿਚ ਇਕ ਰਚਨਾਤਮਕ ਭੂਮਿਕਾ ਨਿਭਾਉਣਾ ਜਾਰੀ ਰੱਖਣਾ ਚਾਹੇਗਾ।
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੇ ਜਵਾਬ ਵਿਚ ਭਾਰਤੀ ਹਥਿਆਰਬੰਦ ਬਲਾਂ ਵਲੋਂ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚ ਅਤਿਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਕਾਫ਼ੀ ਵੱਧ ਗਿਆ ਹੈ।